ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੇ ਸਿੱਖਿਆ ਸਕੱਤਰ ਹੋਏ ਰੂਬਰੂ
ਸਿੱਖਿਆ ਸਕੱਤਰ ਨੂੰ ਮਿਲ ਕੇ ਵਿਦਿਆਰਥੀ ਅਤੇ ਮਾਪੇ ਹੋਏ ਬਾਗੋ਼-ਬਾਗ਼
ਐੱਸ.ਏ.ਐੱਸ. ਨਗਰ 8 ਮਾਰਚ ( ਪ੍ਰਮੋਦ ਭਾਰਤੀ) ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਅੱਜ ਸਰਕਾਰੀ ਸਕੂਲਾਂ ਵਿੱਚ ਹੋਈ ਮਾਪੇ-ਅਧਿਆਪਕ ਮਿਲਣੀ ਵਿੱਚ ਆਨਲਾਈਨ ਸ਼ਿਰਕਤ ਕੀਤੀ ਗਈ। ਇਸ ਮਿਲਣੀ ਦੌਰਾਨ ਸਿੱਖਿਆ ਸਕੱਤਰ ਨੂੰ ਮਿਲ ਕੇ ਵਿਦਿਆਰਥੀ, ਮਾਪੇ, ਅਧਿਆਪਕ ਅਤੇ ਸਕੂਲ ਮੁਖੀ ਬਾਗੋ਼-ਬਾਗ਼ ਹੋ ਗਏ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮਿਤੀ 8 ਮਾਰਚ ਅਤੇ 9 ਮਾਰਚ ਨੂੰ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਮਾਪਿਆਂ ਨਾਲ ਵਿਦਿਆਰਥੀਆਂ ਦੇ ਵਿਕਾਸ ਸਬੰਧੀ ਵੱਖ-ਵੱਖ ਪੱਖਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਅੱਜ ਮਾਪੇ-ਅਧਿਆਪਕ ਮਿਲਣੀ ਦੇ ਪਹਿਲੇ ਦਿਨ ਦੌਰਾਨ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨਾਲ ਗੱਲਬਾਤ ਕਰਨ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਵਿਦਿਆਰਥੀ, ਮਾਪੇ, ਅਧਿਆਪਕ, ਸਕੂਲ ਮੁਖੀ ਸਿੱਖਿਆ ਸਕੱਤਰ ਨੂੰ ਮਿਲ ਕੇ ਫੁੱਲੇ ਨਹੀਂ ਸਮਾਏ।
ਇਸ ਮੌਕੇ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸਰਾਹਨਾ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਕੋਵਿਡ-19 ਮਹਾਂਮਾਰੀ ਸੰਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਉਨ੍ਹਾਂ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਵਿੱਚ ਬਿਹਤਰ ਨਤੀਜਿਆਂ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਸਿੱਖਿਆ ਸਕੱਤਰ ਨੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਵਿਦਿਆਰਥੀਆਂ ਦੀ ਭਲਾਈ ਹਿੱਤ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਲਈ ਕਿਹਾ। ਬਹੁਤ ਸਾਰੇ ਮਾਪਿਆਂ, ਜਿਹਨਾਂ ਦੇ ਬੱਚੇ ਨਿੱਜੀ ਸਕੂਲਾਂ ਵਿੱਚੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਆਏ ਹਨ, ਨੇ ਸਰਕਾਰੀ ਸਕੂਲਾਂ ਦੀ ਅਤੇ ਅਧਿਆਪਕਾਂ ਦੀ ਬਹੁਤ ਪ੍ਰਸੰਸਾ ਕੀਤੀ। ਮਾਪਿਆਂ ਨੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਪ੍ਰਾਪਤੀ ਲਈ ਅਧਿਆਪਕਾਂ ਵੱਲੋਂ ਕਰਵਾਈ ਜਾ ਰਹੀ ਮਿਹਨਤ, ਇੰਗਲਿਸ਼ ਬੂਸਟਰ ਕਲੱਬਾਂ ਦੀ ਬਦੌਲਤ ਵਿਦਿਆਰਥੀਆਂ ਦੀ ਕਾਰਗੁਜ਼ਾਰੀ, ਸਮਾਰਟ ਕਲਾਸਰੂਮ, ਵਾਧੂ ਕਲਾਸਾਂ ਅਤੇ ਲਾਕਡਾਊਨ ਦੇ ਸਮੇਂ ਦੌਰਾਨ ਵਿਭਾਗ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਕਰਵਾਈ ਗਈ ਪੜ੍ਹਾਈ ਦੀ ਉਚੇਚੇ ਤੌਰ ਤੇ ਸਰਾਹਨਾ ਕੀਤੀ। ਇਸ ਮੌਕੇ ਮੀਟਿੰਗ ਵਿੱਚ ਸ਼ਾਮਲ ਹੋਏ ਮਾਪਿਆਂ, ਸਕੂਲ ਮੈਨੇਜ਼ਮੈਂਟ ਕਮੇਟੀਆਂ ਦੇ ਮੈਂਬਰਾਂ, ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਵੱਲੋਂ ਸਕੂਲਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਆਪਣਾ ਭਰਪੂਰ ਸਹਿਯੋਗ ਦੇਣ ਦਾ ਵਚਨ ਦਿੱਤਾ।
ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੁਆਰਾ ਕਰਵਾਈ ਜਾ ਰਹੀ ਸਖ਼ਤ ਮਿਹਨਤ ਦੀ ਭਰਪੂਰ ਪ੍ਰਸੰਸਾ ਕੀਤੀ।
ਵਿਦਿਆਰਥੀ ਵੀ ਸਿੱਖਿਆ ਸਕੱਤਰ ਨਾਲ ਗੱਲਬਾਤ ਕਰਕੇ ਬਹੁਤ ਖੁਸ਼ ਨਜ਼ਰ ਆਏ। ਵਿਦਿਆਰਥੀਆਂ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਅਧਿਆਪਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਹੀ ਲਗਨ, ਪਿਆਰ ਅਤੇ ਉਤਸ਼ਾਹ ਨਾਲ ਪੜ੍ਹਾਇਆ ਜਾ ਰਿਹਾ ਹੈ। ਉਹਨਾਂ ਦੀ ਕਾਰਗੁਜ਼ਾਰੀ ਤੋਂ ਉਹਨਾਂ ਦੇ ਮਾਪੇ ਅਤੇ ਅਧਿਆਪਕ ਬਹੁਤ ਖੁਸ਼ ਹਨ। ਉਹਨਾਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਸਾਲਾਨਾ ਪ੍ਰੀਖਿਆਵਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਪ੍ਰਾਪਤੀ ਲਈ ਖ਼ੂਬ ਮਿਹਨਤ ਕਰਕੇ ਆਪਣੀ ਕਾਰਗੁਜ਼ਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ, ਅਧਿਆਪਕਾਂ, ਸਕੂਲ ਅਤੇ ਵਿਭਾਗ ਦਾ ਨਾਂ ਰੌਸ਼ਨ ਕਰਨਗੇ।
ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਲਾਣਾ ( ਪਟਿਆਲਾ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬੜਿੰਗਾਂ (ਲੁਧਿਆਣਾ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖ਼ੁਰਦ (ਲੁਧਿਆਣਾ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੜਾ ਕਰਮ ਸਿੰਘ (ਅੰਮ੍ਰਿਤਸਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਗ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਲਣ (ਤਰਨਤਾਰਨ), ਸਰਕਾਰੀ ਕੰਨਿਆ ਹਾਈ ਸਕੂਲ ਚਾਚੋਕੀ(ਕਪੂਰਥਲਾ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘ ਭਗਵੰਤਪੁਰ (ਰੂਪਨਗਰ) ਅਤੇ ਕਈ ਹੋਰ ਸਕੂਲਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜ਼ਮੈਂਟ ਕਮੇਟੀਆਂ ਦੇ ਮੈਂਬਰਾਂ, ਸਰਪੰਚਾਂ ਅਤੇ ਪਤਵੰਤੇ ਸੱਜਣਾਂ ਨੇ ਸਿੱਖਿਆ ਸਕੱਤਰ ਨਾਲ ਗੱਲਬਾਤ ਕੀਤੀ। ਸਿੱਖਿਆ ਸਕੱਤਰ ਨਾਲ ਗੱਲਬਾਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਅਮਨਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਅੰਜੂ ਸ਼ਰਮਾ, ਗੁਰਨੂਰ ਕੌਰ, ਹਰਪਾਲ ਕੌਰ, ਸਿਮਰਨਜੀਤ ਕੌਰ, ਕੋਮਲਪ੍ਰੀਤ ਕੌਰ, ਰਾਜਵੀਰ ਕੌਰ ਅਤੇ ਲਵਨੀਸ਼ ਕੌਰ ਤੋਂ ਇਲਾਵਾ ਹੋਰ ਕਈ ਵਿਦਿਆਰਥੀ ਸ਼ਾਮਿਲ ਸਨ। ਇਸ ਤੋਂ ਇਲਾਵਾ ਪ੍ਰਿੰਸੀਪਲ ਦਵਿੰਦਰ ਸਿੰਘ ਛੀਨਾ, ਪ੍ਰਿੰਸੀਪਲ ਮੀਨੂ ਗੁਪਤਾ, ਪ੍ਰਿੰਸੀਪਲ ਕੰਵਲਜੀਤ ਕੌਰ ਅਤੇ ਹੋਰ ਕਈ ਸਕੂਲ ਮੁਖੀਆਂ, ਮਾਪਿਆਂ ਅਤੇ ਪਤਵੰਤੇ ਸੱਜਣਾਂ ਨੇ ਸਿੱਖਿਆ ਸਕੱਤਰ ਨਾਲ ਗੱਲਬਾਤ ਕੀਤੀ। ਅੱਜ ਇਸ ਮਿਲਣੀ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਲੁਧਿਆਣਾ, ਰੂਪਨਗਰ, ਫਾਜ਼ਿਲਕਾ, ਬਠਿੰਡਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਦੇ ਸਿੱਖਿਆ ਸਕੱਤਰ ਰੁਬਰੂ ਹੋਏ।