ਕੋਰੋਨਾ ਖਿਲਾਫ਼ ਪਿੰਡਾਂ ’ਚ ਮਿਸ਼ਨ ਫਤਿਹ ਨੂੰ ਜਮੀਨੀ ਪੱਧਰ ਤੱਕ ਲਿਜਾਣਗੀਆਂ ਵਿਸ਼ੇਸ਼ ਟੀਮਾਂ : ਅਪਨੀਤ ਰਿਆਤ
ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ ’ਚ ਵਾਇਰਸ ਨੂੰ ਹੋਰ ਫੈਲਣੋਂ ਰੋਕਣ ਲਈ ਵਿਅਪਕ ਯੋਜਨਾ
ਵਿਸ਼ੇਸ਼ ਟੀਮਾਂ ਪੰਚਾਇਤਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮਿਲ ਕੇ ਕੋਰੋਨਾ ਖਿਲਾਫ਼ ਮੁਹਿੰਮ ਨੂੰ ਕਰਨਗੀਆਂ ਤੇਜ਼
ਹੁਸ਼ਿਆਰਪੁਰ, 17 ਮਈ: ਪੇਂਡੂ ਖੇਤਰਾਂ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਲੋਕਾਂ ਨੂੰ ਹੋਰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਜਿਹੜੀਆਂ ਕਿ ਉਨ੍ਹਾਂ ਨੂੰ ਦਿੱਤੇ ਗਏ ਖੇਤਰਾਂ ਵਿਚਲੇ ਪਿੰਡਾਂ ਵਿੱਚ ਪੰਚਾਇਤਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਆਦਿ ਨਾਲ ਮਿਲ ਕੇ ਕੋਰੋਨਾ ਵਾਇਰਸ ਨੂੰ ਅਸਰਦਾਰ ਢੰਗ ਨਾਲ ਰੋਕਣ ਲਈ ਕੰਮ ਕਰਨਗੀਆਂ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਮੈਂਬਰੀ ਟੀਮ ਦੀ ਅਗਵਾਈ ਇਕ ਸੁਪਰਵਾਈਜ਼ਰ ਕਰੇਗਾ ਅਤੇ ਇਨ੍ਹਾਂ ਟੀਮਾਂ ਵਿੱਚ ਕਾਰਜਕਾਰੀ ਅਧਿਕਾਰੀ/ਬੀ.ਐਲ.ਓਜ਼, ਆਸ਼ਾ ਵਰਕਰਾਂ ਆਦਿ ਮੈਂਬਰ ਹੋਣਗੀਆਂ। ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿੱਚ ਸਬੰਧਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਦੇ ਤਾਲਮੇਲ ਨਾਲ ਕੰਮ ਕਰਦੀਆਂ ਹੋਈਆਂ ਮਿਸ਼ਨ ਫਤਿਹ ਨੂੰ ਪੇਂਡੂ ਖੇਤਰਾਂ ਵਿੱਚ ਜਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਅਹਿਮ ਰੋਲ ਅਦਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ਪੰਚਾਇਤਾਂ, ਸਰਪੰਚਾਂ, ਯੂਥ ਕਲੱਬਾਂ ਅਤੇ ਹੋਰ ਸਰਗਰਮ ਸੰਸਥਾਵਾਂ ਨਾਲ ਰਾਬਤਾ ਕਰਕੇ ਲੋਕਾਂ ਨੂੰ ਕੋਵਿਡ-19 ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀਆਂ ਦੇਣ ਦੇ ਨਾਲ-ਨਾਲ ਪਿੰਡਾਂ ਵਿੱਚ ਟੀਕਾਕਰਨ ਕੈਂਪ ਲਗਵਾਏ ਜਾਣਗੇ।
ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪੇਂਡੂ ਖੇਤਰਾਂ ਵਿੱਚ ਕੋਵਿਡ ਦੇ ਹਾਲਾਤ ਦੀ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਹਰ ਯੋਗ ਲਾਭਪਾਤਰੀ ਦਾ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਟੀਮ ਵਲੋਂ ਰੋਜਾਨਾ ਆਪੋ-ਆਪਣੇ ਖੇਤਰਾਂ ਦੀ ਕੋਵਿਡ ਸਬੰਧੀ ਅਹਿਮ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਲੋੜ ਪੈਣ ’ਤੇ ਉਚਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇਹ ਟੀਮਾਂ ਪਿੰਡਾਂ ਦੇ ਵਸਨੀਕਾਂ ਨੂੰ ਕੋਵਿਡ ਸਿਹਤ ਸਲਾਹਕਾਰੀਆਂ ਦੀ ਪੂਰਨ ਪਾਲਣਾ ਲਈ ਪ੍ਰੇਰਿਤ ਕਰਨਗੀਆਂ ਅਤੇ ਉਨ੍ਹਾਂ ਨੂੰ ਮਾਸਕ ਪਹਿਨਣ, ਬੇਲੋੜੇ ਇਕੱਠ ਤੋਂ ਗੁਰੇਜ਼ ਕਰਨ ਦਾ ਸੱਦਾ ਦੇਣਗੀਆਂ। ਉਨ੍ਹਾਂ ਦੱਸਿਆ ਕਿ ਟੀਮਾਂ ਵਲੋਂ ਪੇਂਡੂ ਖੇਤਰਾਂ ਵਿੱਚ ਜ਼ਿਲ੍ਹੇ ਦੇ ਹਸਪਤਾਲਾਂ ਅੰਦਰ ਬੈਡਾਂ ਅਤੇ ਆਕਸੀਜਨ ਦੀ ਉਪਲਬੱਧਤਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹੈਲਪਲਾਈਨ ਨੰਬਰਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।
ਆਸ਼ਾ ਵਰਕਰਾਂ ਕੋਲ ਮੌਜੂਦ ਰਹੇਗੀ ਕੋਵਿਡ ਕੇਅਰ ਕਿੱਟ:
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿੱਚ ਆਸ਼ਾ ਵਰਕਰਾਂ ਕੋਲ ਵਿਸ਼ੇਸ਼ ਕੋਵਿਡ ਕੇਅਰ ਕਿੱਟ ਮੌਜੂਦ ਰਹੇਗੀ ਜਿਹੜੀ ਕਿ ਕਿਸੇ ਨੂੰ ਵੀ ਲੋੜ ਪੈਣ ’ਤੇ ਵਰਤੀ ਜਾ ਸਕੇਗੀ।
ਪਿੰਡਾਂ ’ਚ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈੈਂਪ :
ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਕੋਵਿਡ ਟੀਕਾਕਰਨ ਲਈ ਚਾਰ ਮੋਬਾਇਲ ਵੈਨਾਂ ਦਾ ਪ੍ਰਬੰਧ ਹੈ ਜਿਹੜੀਆਂ ਕਿ ਵੱਖ-ਵੱਖ ਪਿੰਡਾਂ ਵਿੱਚ ਭੇਜ ਕੇ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਨੁਮਾਇੰਦਿਆਂ ਵਲੋਂ ਇਸ ਸਬੰਧੀ ਟੀਮ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਜਾ ਸਕਦਾ ਹੈ ਤਾਂ ਜੋ ਯੋਗ ਲਾਭਪਾਤਰੀਆਂ ਦੇ ਜਲਦ ਤੋਂ ਜਲਦ ਪਹਿਲੀ ਅਤੇ ਦੂਜੀ ਡੋਜ਼ ਲਗਾਈ ਜਾ ਸਕੇ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਸਿਹਤ ਸਲਾਹਕਾਰੀਆਂ ਨੂੰ ਲਾਗੂ ਕਰਵਾਉਣ ਵਿੱਚ ਕੋਈ ਕਮੀ ਨਾ ਛੱਡਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਾਸਕ ਪਹਿਨਣ ਅਤੇ ਹੋਰ ਸਿਹਤ ਸੁਰੱਖਿਆ ਨਾਲ ਜੁੜੀਆਂ ਹਦਾਇਤਾਂ ਦੀ ਪਾਲਣਾ ਲਈ ਪ੍ਰੇਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਠੀਕਰੀ ਪਹਿਰਿਆਂ ਦੇ ਨਾਲ-ਨਾਲ ਯੂਥ ਕਲੱਬਾਂ ਦਾ ਸਹਿਯੋਗ ਲੈ ਕੇ ਮਿਸ਼ਨ ਫਤਿਹ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਇਆ ਜਾਣਾ ਚਾਹੀਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਡੀ.ਸੀ. (ਜ) ਅਮਿਤ ਕੁਮਾਰ ਪੰਚਾਲ, ਏ.ਡੀ.ਸੀ. (ਡੀ) ਹਰਬੀਰ ਸਿੰਘ, ਐਸ.ਡੀ.ਐਮਜ਼ ਅਮਿਤ ਮਹਾਜਨ, ਰਣਦੀਪ ਸਿੰਘ ਹੀਰ, ਹਰਬੰਸ ਸਿੰਘ, ਅਸ਼ੋਕ ਕੁਮਾਰ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਏ.ਸੀ.ਪੀ. ਗੜ੍ਹਸ਼ੰਕਰ ਤੁਸ਼ਾਰ ਗੁਪਤਾ, ਡੀ.ਐਸ.ਪੀਜ਼ ਗੁਰਪ੍ਰੀਤ ਸਿੰਘ ਗਿੱਲ, ਜਗਦੀਸ਼ ਅੱਤਰੀ, ਅਮਰ ਨਾਥ, ਪ੍ਰੇਮ ਸਿੰਘ, ਮੁਨੀਸ਼ ਸ਼ਰਮਾ, ਸਤਿੰਦਰ ਚੱਢਾ, ਰਵਿੰਦਰ ਸਿੰਘ ਅਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਆਦਿ ਮੌਜੂਦ ਸਨ।