ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
- ਮਿਸ਼ਨ ਫਤਹਿ -
ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਹਰ ਵਿਅਕਤੀ ਦਾ ਸੈਂਪਲਿੰਗ/ ਟੈਸਟਿੰਗ ਕਰਨਾ ਸਮੇਂ ਦੀ ਲੋੜ੍ਹ - ਡਿਪਟੀ ਕਮਿਸ਼ਨਰ
- ਸਰਪੰਚ ਅਤੇ ਹੋਰ ਚੁਣੇ ਹੋਏ ਨੁਮਾਇੰਦੇ ਸਹਿਯੋਗ ਕਰਨ
- ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਯਕੀਨੀ ਬਣਾਉਣਗੇ ਕਮਿਊਨਿਟੀ ਹੈਲਥ ਅਫ਼ਸਰ
- ਹਰ ਮਰੀਜ਼ ਦੇ ਜਲਦ ਠੀਕ ਹੋਣ ਲਈ ਦਿੱਤੀ ਜਾਵੇਗੀ ਕੋਰੋਨਾ ਫ਼ਤਿਹ ਕਿੱਟ
ਮੋਗਾ, 20 ਮਈ -
ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ‘ਤੇ ਸੈਂਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ "ਮਿਸ਼ਨ ਫ਼ਤਿਹ 2 - ਕੋਰੋਨਾ ਮੁਕਤ ਪਿੰਡ" ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਸਫ਼ਲ ਕਰਨ ਲਈ ਪਿੰਡਾਂ ਦੇ ਸਰਪੰਚਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੇ ਸਹਿਯੋਗ ਦੀ ਬਹੁਤ ਵੱਡੀ ਜ਼ਰੂਰਤ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜੀਟਿਵਿਟੀ ਰੇਟ ਪਿਛਲੇ ਦੋ ਹਫਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਹੀ ਹੈ, ਜੋ ਕਿ ਬਹੁਤ ਚਿੰਤਾਜਨਕ ਹੈ। ਉਹਨਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਅਤੇ ਮਿਸ਼ਨ ਫ਼ਤਿਹ 2 ਦੇ ਟੀਚੇ ਨੂੰ ਹਾਸਲ ਕਰਨ ਲਈ ਜ਼ਿਲ੍ਹਾ ਮੋਗਾ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਨੂੰ ਨੋਡਲ ਅਧਿਕਾਰੀ ਨਾਮਜਦ ਕੀਤਾ ਗਿਆ ਹੈ।
ਕੋਰੋਨਾ ਵਾਈਰਸ ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ 15 ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਟੀਮ ਮੈਂਬਰਾਂ ਦੇ ਸਹਿਯੋਗ ਨਾਲ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਕਰਨਾ ਯਕੀਨੀ ਕਰਨ। ਸਿਹਤ ਵਿਭਾਗ ਵੱਲੋਂ ਇਹਨਾਂ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਹਨਾਂ ਕਿਹਾ ਕਿ ਲੋਕਾਂ ਨੂੰ ਕਰੋਨਾ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਸ ਕੂੜ ਪ੍ਰਚਾਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਖੇ ਟੀਕਾਕਰਨ ਸਬੰਧੀ ਅਫਵਾਹਾਂ / ਗਲਤ ਜਾਣਕਾਰੀ ਬਾਰੇ ਜਾਗਰੂਕ ਕਰਨ ਲਈ ਲਗਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਅਗਲੇ ਦਿਨਾਂ ਦੌਰਾਨ ਆਸ਼ਾ ਵਰਕਰ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਵਰਗੇ ਕੋਵਿਡ ਲੱਛਣਾਂ ਦੀ ਜਾਂਚ ਕਰਨ ਲਈ ਹਰ ਪਿੰਡ ਵਿੱਚ ਘਰ-ਘਰ ਜਾਣਗੀਆਂ। ਉਨਾਂ ਕਿਹਾ ਕਿ ਇਸ ਸਰਵੇਖਣ ਲਈ ਸਾਰੀਆਂ ਆਸ਼ਾ ਵਰਕਰਾਂ ਨੂੰ ਪਲਸ ਆਕਸੀਮੀਟਰ ਮੁਹੱਈਆ ਕਰਵਾਏ ਗਏ ਹਨ।
ਉਹਨਾਂ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਪੇਂਡੂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਤੋਂ ਕੋਰੋਨਾ ਦੇ ਖਾਤਮੇ ਲਈ ਆਸ਼ਾ ਵਰਕਰਾਂ ਅਤੇ ਹੋਰ ਮੈਡੀਕਲ ਸਟਾਫ਼ ਦਾ ਸਹਿਯੋਗ ਕਰਨ। ਉਹਨਾਂ ਦੇ ਸਹਿਯੋਗ ਤੋਂ ਬਿਨਾਂ ਕਰੋਨਾ ਮਹਾਂਮਾਰੀ ਖਿਲਾਫ਼ ਇਹ ਜੰਗ ਜਿੱਤਣੀ ਸੌਖੀ ਨਹੀਂ ਹੈ।
ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨਾਲ ਇਕ ਹੋਰ ਜਾਨ ਚਲੀ ਗਈ ਅਤੇ ਮੌਤਾਂ ਦੀ ਗਿਣਤੀ ਵਧ ਕੇ 167 ਹੋ ਗਈ ਹੈ । ਅੱਜ 61ਨਵੇਂ ਮਾਮਲੇ ਆਉਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 7517 ,ਜਿਨ੍ਹਾਂ ਵਿਚੋਂ 921 ਸਰਗਰਮ ਮਾਮਲੇ ਹਨ । ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚੋਂ 1035 ਸੈਂਪਲ ਲੈ ਕੇ ਸਬੰਧਤ ਲੈਬਾਰਟਰੀ ਜਾਂਚ ਲਈ ਭੇਜੇ ਗਏ ਹਨ ,ਜਦਕਿ 52 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ ਹੈ