ਚੰਡੀਗੜ੍ਹ, 23 ਮਈ 2021 (ਪ੍ਰਮੋਦ ਭਾਰਤੀ)- ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੇਂਦਰੀ ਮੰਤਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਮੁਸ਼ਕਲ ਦੇ ਦੌਰ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਬਚਾਅ ਅਤੇ ਸੁਰੱਖਿਆ ਸਰਕਾਰ ਲਈ ਤਰਜ਼ੀਹੀ ਹੋਣਾ ਚਾਹੀਦਾ ਹੈ ਅਤੇ ਇਸ ਦਿਸ਼ਾ ਵੱਲ ਹਰ ਸੰਭਵ ਕਦਮ ਚੁੱਕਿਆ ਜਾਣਾ ਚਾਹੀਦਾ ਹੈ।
ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਤੇ ਪੇਸ਼ੇਵਰ ਕੋਰਸਾਂ ਵਿੱਚ ਦਾਖਲਾ ਪ੍ਰੀਖਿਆਵਾਂ ਦੇ ਪ੍ਰਸਤਾਵਾਂ ਬਾਰੇ ਵਿਚਾਰ ਵਟਾਂਦਰੇ ਲਈ ਇਹ ਵਰਚੁਅਲ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ, ਰਾਜਨਾਥ ਸਿੰਘ, ਸਮ੍ਰਿਤੀ ਈਰਾਨੀ ਅਤੇ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਰਮੇਸ਼ ਪੋਖਰੀਆਲ ਨਿਸ਼ਾਂਕ ਸ਼ਾਮਲ ਹੋਏ ਸਨ। ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੀ ਮੀਟਿੰਗ ਵਿੱਚ ਸ਼ਾਮਲ ਹੋਏ।
ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਜੋਕੀ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੋਰਡ ਦੀ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜੇ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਅਤੇ ਪੰਜਵੀਂ ਜਮਾਤ ਦੇ ਨਤੀਜੇ ਵੀ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਭਲਕੇ ਐਲਾਨੇ ਜਾਣਗੇ। ਇਸ ਦੇ ਨਾਲ ਹੀ ਜੇਕਰ ਕੇਂਦਰ ਬਾਰਵੀਂ ਦੀਆਂ ਪ੍ਰੀਖਿਆਵਾਂ ਲੈਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਪਰੀਖਿਆਵਾਂ ਕਰਵਾਉਣ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਸੁਝਾਅ ਵੀ ਦਿੱਤਾ ਕਿ ਜੇ ਉਹ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਉਣਾ ਵੀ ਚਾਹੁੰਦੇ ਹਨ, ਤਾਂ ਸਿਰਫ਼ 3 ਚੋਣਵੇਂ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸਿੱਖਿਆ ਬੋਰਡ ਚੋਣਵੇਂ ਵਿਸ਼ਿਆਂ ਲਈ ਪ੍ਰੀਖਿਆਵਾਂ ਕਰਵਾਉਣਗੇ ਤਾਂ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਅਤੇ ਹੋਰ ਲਾਜ਼ਮੀ ਪ੍ਰੋਟੋਕੋਲਾਂ ਦੀ ਪਾਲਣਾ ਕਰਨਾ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲਾਂਕਿ, ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਸੂਬੇ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕੀਤੀ ਹੈ ਪਰ ਕੋਵਿਡ ਦੀ ਗੰਭੀਰ ਸਥਿਤੀ ਕਾਰਨ ਹੁਣ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕਣਗੇ।