ਤਹਿਸੀਲ ਜਲਾਲਾਬਾਦ ਅਧੀਨ ਪੈਂਦੇ ਪਿੰਡਾਂ ਵਿਚ ਕਰੋਨਾ ਮੁਕਤ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਤੇਜ
ਜਲਾਲਾਬਾਦ, ਫਾਜ਼ਿਲਕਾ, 21 ਮਈ
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਇਅਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਤਹਿਸੀਲ ਜਲਾਲਾਬਾਦ ਅਧੀਨ ਪੈਂਦੇ ਪਿੰਡਾਂ ਵਿਚ ਕਰੋਨਾ ਮਹਾਂਮਾਰੀ ਖਿਲਾਫ ਸ਼ੁਰੂ ਕੀਤੇ ਕਰੋਨਾ ਮੁਕਤ ਪਿੰਡ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਸ.ਡੀ.ਐਮ. ਜਲਾਲਾਬਾਦ ਸ. ਸੁਬਾ ਸਿੰਘ ਨੇ ਦੱਸਿਆ ਕਿ ਜਿਥੇ ਵਿਭਾਗ ਵੱਲੋਂ ਪਿੰਡਾਂ ਵਿਚ ਜਾ ਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ ਉਥੇ ਲੋਕਾਂ ਵੱਲੋਂ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ।
ਐਸ.ਡੀ.ਐਮ. ਸ. ਸੂਬਾ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕਰੋਨਾ ਦੀ ਸਾਵਧਾਨੀਆਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੇ ਨਾਲ-ਨਾਲ ਲੋਕਾਂ ਨੂੰ ਵੱਧ ਤੋਂ ਵੱਧ ਟੈਸਟਿੰਗ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਵੀ ਟੈਸਟਿੰਗ ਕਰਵਾਉਣ ਪ੍ਰਤੀ ਹੋਰ ਵਧੇਰੇ ਜਾਗਰੂਕਤਾ ਆਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸ਼ੁਰੂਆਤੀ ਲੱਛਣਾਂ ਦੌਰਾਨ ਹੀ ਡਾਕਟਰੀ ਸਲਾਹ ਲਈ ਜਾਵੇ ਅਤੇ ਲੱਛਣ ਹੋਣ `ਤੇ ਟੈਸਟ ਕਰਵਾ ਲਿਆ ਜਾਵੇ ਤਾਂ ਪਹਿਲੀ ਸਟੇਜ਼ `ਤੇ ਕਰੋਨਾ ਨੂੰ ਹਰਾਇਆ ਜਾ ਸਕੇ।
ਐਸ.ਡੀ.ਐਮ. ਨੇ ਦੱਸਿਆ ਕਿ ਟੀਮਾਂ ਵੱਲੋਂ ਅੱਜ ਚੱਕ ਪਲੀ ਵਾਲਾ, ਜੰਡ ਵਾਲਾ, ਸ਼ਹੀਦ ਉਧਮ ਸਿੰਘ, ਜਲਾ, ਲਖੇ ਕੇ ਹਿਠਾੜ, ਚੱਕ ਸਿੰਘੇਵਾਲਾ, ਬਾਹਮਣੀ ਵਾਲਾ ਅਤੇ ਸਿੰਘੇਵਾਲਾ ਵਿਖੇ ਲੋਕਾਂ ਨਾਲ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਹੋਇਆ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਲੋਕਾਂ ਨੇ ਵੀ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਤਹਿਸੀਲਦਾਰ ਅਤੇ ਬਲਾਕ ਵਿਕਾਸ ਪੰਚਾਇਤ ਅਫਸਰ ਜਲਾਲਾਬਾਦ ਮੌਜੂਦ ਸਨ।