ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਅੜੀਅਲ ਰਵੱਈਏ ਖਿਲਾਫ਼ 11 ਜੁਲਾਈ ਨੂੰ ਬਠਿੰਡਾ ਦੀ ਧਰਤੀ ਤੇ ਗਰਜਣਗੇ ਮੁਲਾਜ਼ਮ
ਮਾਮਲਾ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਮੁਲਾਜ਼ਮ ਮੰਗਾਂ ਦਾ
ਬਠਿੰਡਾ 28ਜੂਨ (ਪੱਤਰ ਪ੍ਰੇਰਕ )ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਅਪਣਾਏ ਜਾ ਰਹੇ ਅੜੀਅਲ ਰਵੱਈਏ ਦੇ ਖ਼ਿਲਾਫ਼ ਮੁਲਾਜ਼ਮ ਪੰਜਾਬ ਪੱਧਰ ਤੇ ਲਾਮਬੰਦ ਹੋਣਾ ਸ਼ੁਰੂ ਹੋ ਗਏ ਹਨ l ਕਾਂਗਰਸ ਸਰਕਾਰ ਦੀ ਹੋਂਦ ਤੋਂ ਪਹਿਲਾਂ ਕਾਂਗਰਸੀ ਨੇਤਾਵਾਂ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਲ ਬਹੁਤ ਵੱਡੇ ਵਾਅਦੇ ਕੀਤੇ ਸਨ ਕਿ ਜੇ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਪਹਿਲ ਦੇ ਆਧਾਰ ਤੇ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਜਿਨ੍ਹਾਂ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਬੁਢਾਪਾ ਖੋਹਣ ਵਾਲੀ ਨਵੀਂ ਪੈਨਸ਼ਨ ਸਕੀਮ ਲਾਗੂ ਹੈ ਉਸ ਸਕੀਮ ਨੂੰ ਤੁਰੰਤ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ,ਰੁਕੀਆਂ ਡੀ ਏ ਦੀਆਂ ਕਿਸ਼ਤਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇਗਾ ਅਤੇ ਛੇਵਾਂ ਤਨਖ਼ਾਹ ਕਮਿਸ਼ਨ ਤੁਰੰਤ ਲਾਗੂ ਕਰ ਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇਗਾ ਪਰ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਉਪਰੋਕਤ ਮੰਗਾਂ ਦੇ ਲਾਗੂ ਹੋਣ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ ਸਮੁੱਚੀ ਕਾਂਗਰਸ ਸਰਕਾਰ ਨੇ ਆਪਣੇ ਆਖ਼ਰੀ ਬਜਟ ਸੈਸ਼ਨ ਦੌਰਾਨ ਠੂਠਾ ਦਿਖਾ ਦਿੱਤਾ ਹੈ l ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਨਾਲ ਕੀਤੇ ਧੋਖੇ ਦੇ ਖ਼ਿਲਾਫ਼ ਪੰਜਾਬ ਭਰ ਦੇ ਮੁਲਾਜ਼ਮ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ ਪੱਬਾਂ ਭਾਰ ਹੋ ਗਏ ਹਨ l ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪੱਧਰੀ ਫ਼ੈਸਲਾ ਕਰਕੇ 11 ਜੁਲਾਈ ਨੂੰ ਬਠਿੰਡਾ ਦੀ ਧਰਤੀ ਤੇ ਸਰਕਾਰ ਨੂੰ ਘੇਰਨ ਦਾ ਫ਼ੈਸਲਾ ਕੀਤਾ ਹੈ l ਸੂਬਾ ਪੱਧਰੀ ਫੈਸਲੇ ਨੂੰ ਲਾਗੂ ਕਰਨ ਲਈ ਅੱਜ ਸਥਾਨਕ ਟੀਚਰਜ ਹੋਮ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕੋ-ਕਨਵੀਨਰ ਜਗਸੀਰ ਸਿੰਘ ਸਹੋਤਾ ਅਤੇ ਜ਼ਿਲ੍ਹਾ ਕਨਵੀਨਰ ਦਵਿੰਦਰ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਸਥਾਨਕ ਟੀਚਰਜ ਹੋਮ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ l ਮੀਟਿੰਗ ਦੌਰਾਨ 11 ਜੁਲਾਈ ਦੀ ਬਠਿੰਡਾ ਵਿਖੇ ਜੋ ਲਲਕਾਰ ਰੈਲੀ ਕੀਤੀ ਜਾਣੀ ਹੈ ਉਸ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ l ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕਿ ਪੂਰੇ ਜ਼ਿਲ੍ਹੇ ਅੰਦਰ ਮੁਲਾਜ਼ਮਾਂ ਦੀ ਲਾਮਬੰਦੀ ਕਰਨ ਲਈ ਟੀਮਾਂ ਗਠਿਤ ਕੀਤੀਆਂ ਹਨ ਹਨ,ਜੋ ਮੁਲਾਜ਼ਮਾਂ ਦੀ ਲਾਮਬੰਦੀ ਕਰਨ ਸਮੇਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਖੁਲਾਸਾ ਕਰਨਗੇ l ਪ੍ਰੈੱਸ ਕਾਨਫਰੰਸ ਦੌਰਾਨ ਅਧਿਆਪਕ ਆਗੂਆਂ ਨੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਸਰਕਾਰ ਨੇ ਕੀਤੇ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਨਾ ਕਰਕੇ, ਲੰਗੜਾ ਤਨਖਾਹ ਕਮਿਸ਼ਨ ਦੇ ਕੇ,ਬਕਾਏ ਨੂੰ 9 ਕਿਸ਼ਤਾਂ ਵਿੱਚ ਤੋੜ ਮਰੋੜ ਕੇ ਦੇਣ ਦੇ ਐਲਾਨ ਨਾਲ ਜੋ ਠੱਗੀ ਮਾਰੀ ਹੈ ਪੰਜਾਬ ਦੇ ਮੁਲਾਜ਼ਮ ਇਸ ਧੱਕੇ ਖਿਲਾਫ਼ ਚੁੱਪ ਕਰਕੇ ਨਹੀਂ ਬੈਠਣਗੇ ਅਤੇ ਗਿਆਰਾਂ ਜੁਲਾਈ ਨੂੰ ਸਰਕਾਰ ਦੇ ਨਾਸੀਂ ਧੂੰਆਂ ਲਿਆ ਦੇਣਗੇ l ਮੀਟਿੰਗ ਵਿੱਚ ਜ਼ਿਲ੍ਹਾ ਆਗੂ ਸ਼ਪਿੰਦਰ ਸਿੰਘ ਬਰਾੜ, ਰਾਜਵੀਰ ਸਿੰਘ ਮਾਨ,ਗੁਰਪ੍ਰੀਤ ਸਿੰਘ ਮਲੂਕਾ, ਜਗਦੀਸ਼ ਕੁਮਾਰ,ਵਿਕਾਸ ਗਰਗ,ਗੁਰਵਿੰਦਰ ਸਿੰਘ ਸਿੱਧੂ,ਕੁਲਵਿੰਦਰ ਸਿੰਘ,ਬਲਕਰਨ ਸਿੰਘ ਹਾਜ਼ਰ ਸਨ l