ਕਰਜਾ ਮੁਆਫੀ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ ਹੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਹੋਵੇਗੀ: ਕੈਪਟਨ ਅਮਰਿੰਦਰ ਸਿੰਘ

 ਕਰਜਾ ਮੁਆਫੀ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ ਹੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਹੋਵੇਗੀ


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ।


        ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਰਜਾ ਰਾਹਤ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਏਗੀ।


        15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੰਜਾਬ ਦੇ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਿਰਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਜੀ ਦੀ ਯਾਦ ਵਿਚ ਸਥਾਪਤ ਕੀਤੀ ਜਾਣ ਵਾਲੀ ਚੇਅਰ ਵੱਲੋਂ ਮਹਾਨ ਕਵੀ ਦੇ ਜੀਵਨ ਅਤੇ ਫਿਲਾਸਫੀ ਬਾਰੇ ਖੋਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਤ ਕਬੀਰ ਭਵਨ 0.77 ਏਕੜ ਰਕਬੇ ਵਿਚ ਬਣਾਇਆ ਜਾਵੇਗਾ ਜਿਸ ਵਿੱਚੋਂ 13000 ਸੁਕੇਅਰ ਫੁੱਟ ਕਵਰਡ ਰਕਬੇ ਵਿੱਚ 500 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਕਮਿਊਨਿਟੀ ਹਾਲ ਹੋਵੇਗਾ। ਉਨ੍ਹਾਂ ਦੱਸਿਆ ਕਿ 10 ਕਰੋੜ ਰੁਪਏ ਵਿੱਚੋਂ 3 ਕਰੋੜ ਰੁਪਏ ਭਵਨ ਦੇ ਨਿਰਮਾਣ ਉਤੇ ਜਦਕਿ 7 ਕਰੋੜ ਜ਼ਮੀਨ ਦੀ ਕੀਮਤ ਉਤੇ ਖਰਚ ਕੀਤੇ ਜਾਣਗੇ।


        ਜਲੰਧਰ ਵਿਖੇ ਹੋਏ ਰਾਜ ਪੱਧਰੀ ਸਮਾਗਮ ਵਿਚ ਇੱਥੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੁੰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਨੂੰ ਸਹੀ ਮਾਅਨਿਆਂ ਵਿਚ ਅਪਣਾਉਣ ਦਾ ਸੱਦਾ ਦਿੱਤਾ ਤਾਂ ਕਿ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।


        ਮੁੱਖ ਮੰਤਰੀ ਨੇ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਭਗਤ ਜੀ ਦੀ ਬਾਣੀ ਵਿਚ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੇ ਸਦੀਵੀ ਸੰਦੇਸ਼ ਦਾ ਜਿਕਰ ਕੀਤਾ ਜੋ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਨੇ ਆਪਣੇ ਜੀਵਨ ਦਾ ਮੁੱਢਲਾ ਸਮਾਂ ਇਕ ਮੁਸਲਿਮ ਪਰਿਵਾਰ ਵਿਚ ਬਤੀਤ ਕੀਤਾ, ਉਹ ਹਿੰਦੂ ਸੰਤ ਰਾਮਾਨੰਦ ਜੀ ਪਾਸੋਂ ਬਹੁਤ ਪ੍ਰਭਾਵਿਤ ਹੋਏ ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉਤੇ ਡੂੰਘਾ ਅਸਰ ਪਿਆ ਸੀ। ਉਨ੍ਹਾਂ ਨੇ ਲੋਕਾਂ ਨੂੰ ਮਹਾਨ ਸੰਤ ਜੀ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦੀ ਅਪੀਲ ਕੀਤੀ।


        ਮੁੱਖ ਮੰਤਰੀ ਨੇ ਭਗਤ ਕਬੀਰ ਜੀ ਦੀ ਫਿਲਾਸਫੀ ਉਚੇ ਚਲਦੇ ਹੋਏ ਉਨ੍ਹਾਂ ਦੀ ਸਰਕਾਰ ਵੱਲੋਂ ਕਮਜੋਰ ਤਬਕਿਆਂ ਲਈ ਚਲਾਈਆਂ ਵੱਖ-ਵੱਖ ਭਲਾਈ ਸਕੀਮ ਦਾ ਵੀ ਜਿਕਰ ਕੀਤਾ। ਇਨ੍ਹਾਂ ਪਹਿਲਕਦਮੀਆਂ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ, ਆਸ਼ੀਰਵਾਦ ਸਕੀਮ, ਸ਼ਗਨ ਸਕੀਮ ਅਤੇ ਬੁਢਾਪਾ ਤੇ ਵਿਧਵਾ ਪੈਨਸ਼ਨ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੀਮ ਤਹਿਤ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ ਅਤੇ ਪਹਿਲੀ ਜੁਲਾਈ, 2021 ਤੋਂ ਪੈਨਸ਼ਨ ਦੀ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।


        ਪੋਸਟ ਮੈਟ੍ਰਿਕ ਵਜੀਫਾ ਸਕੀਮ ਦਾ ਜਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਲ 2020-21 ਦੇ ਅਕਾਦਮਿਕ ਸੈਸ਼ਨ ਦੌਰਾਨ ਸੂਬਾ ਸਰਕਾਰ ਨੇ ਵਜੀਫਾ ਰਾਸ਼ੀ 100 ਫੀਸਦੀ ਜਾਰੀ ਕਰ ਦਿੱਤੀ ਹੈ ਅਤੇ ਪ੍ਰਾਈਵੇਟ ਕਾਲਜਾਂ ਨਾਲ ਬਕਾਇਆ ਅਦਾਇਗੀ ਦਾ ਮਸਲਾ ਵੀ ਸੁਖਾਵੇਂ ਰੂਪ ਵਿਚ ਸੁਲਝਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕਾਲਜਾਂ ਨੂੰ ਕਿਸੇ ਵੀ ਵਿਦਿਆਰਥੀ ਦਾ ਰੋਲ ਨੰਬਰ ਨਾ ਰੋਕਣ ਬਾਰੇ ਸਪੱਸ਼ਟ ਤੌਰ ਉਤੇ ਦੱਸ ਦਿੱਤਾ ਗਿਆ ਹੈ।


        ਮੁੱਖ ਮੰਤਰੀ ਨੇ ਇਸ ਸਕੀਮ ਨੂੰ ਇਕਦਮ ਵਾਪਸ ਲੈਣ ਲਈ ਕੇਂਦਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨਾਲ ਸਾਡੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਵਿਦਿਆਰਥੀਆਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਡਾ. ਬੀ.ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਜਿਸ ਕਰਕੇ ਭਾਰਤ ਸਰਕਾਰ ਨੂੰ ਵਜੀਫਾ ਸਕੀਮ ਮੁੜ ਬਹਾਲ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਨੇ ਆਪਣਾ 40 ਫੀਸਦੀ ਹਿੱਸਾ ਅਦਾ ਕਰ ਦਿੱਤਾ ਹੈ ਪਰ ਕੇਂਦਰ ਸਰਕਾਰ ਨੇ ਆਪਣੇ ਫੰਡ ਅਜੇ ਜਾਰੀ ਕਰਨੇ ਹਨ।


        ਮੁੱਖ ਮੰਤਰੀ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੌਰਾਨ ਵਿਦਿਆਰਥੀਆਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ 80 ਫੀਸਦੀ ਵਿਦਿਆਰਥੀਆਂ ਦੀ ਮਦਦ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੇ ਤਹਿਤ 1.75 ਲੱਖ ਲੜਕੇ-ਲੜਕੀਆਂ ਨੂੰ ਸਮਾਰਟਫੋਨ ਮੁਹੱਈਆ ਕਰਵਾਏ ਗਏ ਅਤੇ 2 ਲੱਖ ਹੋਰ ਵਿਦਿਆਰਥੀਆਂ ਨੂੰ ਇਸ ਸਾਲ ਫੋਨ ਦਿੱਤੇ ਜਾਣੇ ਹਨ।


        ਕਰਜਾ ਰਾਹਤ ਸਕੀਮ ਬਾਰੇ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਦੇ 50,000 ਰੁਪਏ ਤੱਕ ਦੇ ਸਾਰੇ ਕਰਜੇ ਮੁਆਫ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਦੇ ਘਰਾਂ ਨੂੰ 200 ਯੂਨਿਟ ਬਿਜਲੀ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।


        ਮੁੱਖ ਮੰਤਰੀ ਨੇ ਕਮਜੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਸਥਾਪਤ ਕੀਤੇ ਵੱਖ-ਵੱਖ ਕਮਿਸ਼ਨਾਂ ਅਤੇ ਬੋਰਡਾਂ ਦਾ ਜਿਕਰ ਕੀਤਾ ਜਿਨ੍ਹਾਂ ਵਿਚ ਸਫਾਈ ਕਰਮਚਾਰੀ ਕਮਿਸ਼ਨ, ਰਾਏ ਸਿੱਖ ਭਲਾਈ ਬੋਰਡ, ਵਿਮੁਕਤ ਜਾਤੀ ਭਲਾਈ ਬੋਰਡ, ਬਾਜੀਗਰ ਅਤੇ ਟੱਪਰੀਵਾਸ ਭਲਾਈ ਬੋਰਡ ਅਤੇ ਦਲਿਤ ਵਿਕਾਸ ਬੋਰਡ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਐਡਹਾਕ ਉਤੇ ਕੰਮ ਕਰ ਰਹੇ 4700 ਤੋਂ ਵੱਧ ਸਫਾਈ ਕਰਮਚਾਰੀਆਂ ਦੀਆਂ ਸੇਵਾਵਾਂ ਛੇਤੀ ਹੀ ਰੈਗੂਲਰ ਕੀਤੀ ਜਾਣਗੀਆਂ ਜਿਸ ਨੂੰ ਮੰਤਰੀ ਮੰਡਲ ਆਪਣੀ ਪ੍ਰਵਾਨਗੀ ਪਹਿਲਾਂ ਹੀ ਦੇ ਚੁੱਕਾ ਹੈ।


        ਇਸ ਤੋਂ ਪਹਿਲਾਂ ਉਦਯੋਗ ਅਤੇ ਕਾਮਰਸ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲੋਕਾਂ ਨੂੰ ਭਗਤ ਕਬੀਰ ਜੀ ਵੱਲੋਂ ਦਿਖਾਏ ਰਸਤੇ ਉਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਆਪਣੇ ਸਮੇਂ ਦੌਰਾਨ ਮੌਜੂਦ ਜਾਤੀ ਪ੍ਰਣਾਲੀ ਦੀ ਜੋਰਦਾਰ ਮੁਖਾਲਫ਼ਤ ਕੀਤੀ। ਉਨ੍ਹਾਂ ਨੇ ਪੰਜਾਬ ਦੇ ਸਤਿਕਾਰਯੋਗ ਗੁਰੂ ਸਾਹਿਬਾਨ, ਸੰਤਾਂ-ਮਹਾਤਮਾ ਅਤੇ ਹੋਰ ਧਾਰਮਿਕ ਤੇ ਸਮਾਜਿਕ ਸ਼ਖਸੀਅਤਾਂ ਨਾਲ ਸਬੰਧਤ ਸਮਾਗਮ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਲੀਡਰਸ਼ਿਪ ਦੀ ਸ਼ਲਾਘਾ ਕੀਤੀ।


        ਇਸ ਦੌਰਾਨ ਜਲੰਧਰ ਪੱਛਮੀ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿਕੂੰ ਨੇ ਭਗਤ ਕਬੀਰ ਜੀ ਚੇਅਰ ਅਤੇ ਭਗਤ ਕਬੀਰ ਭਵਨ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਵਿਧਾਇਕ ਦੀ ਅਪੀਲ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਖੇਡ ਵਿਭਾਗ ਨੂੰ ਜਲੰਧਰ ਵਿਚ ਔਰਤਾਂ ਲਈ ਵਿਸ਼ੇਸ਼ ਸਪੋਰਟਸ ਪਾਰਕ ਸਥਾਪਤ ਕਰਨ ਦੇ ਸੁਝਾਅ ਉਤੇ ਗੌਰ ਕਰਨ ਲਈ ਆਖਿਆ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends