ਪ੍ਰਾਇਮਰੀ ਅਧਿਆਪਕਾਂ ਦੀਆਂ ਜ਼ਿਲ੍ਹਿਆਂ ਅੰਦਰ ਹੋਈਆਂ ਬਦਲੀਆਂ 'ਤੇ ਖੁਸ਼ੀ ਦਾ ਪ੍ਰਗਟਾਵਾ
ਚੰਡੀਗੜ੍ਹ 21 ਜੂਨ (ਹਰਦੀਪ ਸਿੰਘ ਸਿੱਧੂ )ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਅਧਿਆਪਕਾਂ ਨੂੰ ਬਦਲੀਆਂ ਦੇ ਨਵੇਂ ਸਟੇਸ਼ਨਾਂ ਤੇ ਅੱਜ ਹਾਜ਼ਰ ਕਰਵਾ ਲਿਆ ਗਿਆ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ ਜ਼ਿਲ੍ਹੇ ਅੰਦਰ ਬਦਲੀਆਂ ਨੂੰ ਅੱਜ ਸਿੱਖਿਆ ਵਿਭਾਗ ਨੇ ਲਾਗੂ ਕਰ ਦਿੱਤਾ ਹੈ ਜਦ ਕਿ ਜ਼ਿਲ੍ਹੇ ਤੋਂ ਬਾਹਰ ਬਦਲੀਆਂ ਪੈਂਡਿੰਗ ਹਨ। ਜਿੰਨਾਂ ਅਧਿਆਪਕਾਂ ਦੀਆਂ ਬਦਲੀਆਂ ਅੰਦਰ ਹੋ ਗਈਆ ਹਨ,ਉਨ੍ਹਾਂ ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਸਿੱਖਿਆ ਵਿਭਾਗ ਪੰਜਾਬ ਦੇ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਵੱਖ ਵੱਖ ਅਧਿਆਪਕਾਂ ਨੇ ਅੱਜ ਆਪਣੇ ਜ਼ਿਲਿਆਂ ਚ ਹੋਈਆਂ ਬਦਲੀਆਂ ਮੁਤਾਬਕ ਜੁਆਇਨ ਕਰ ਲਿਆ ਹੈ। ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸੰਜੀਵ ਕੁਮਾਰ,ਉੱਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਲਾਭ ਸਿੰਘ, ਬੀਪੀਈਓ ਬੁਢਲਾਡਾ ਅਤੇ ਮਾਨਸਾ ਅਮਨਦੀਪ ਸਿੰਘ, ਬੀਪੀਈਓ ਸਰਦੂਲਗਡ਼੍ਹ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਅਧਿਆਪਕਾਂ ਦੀ ਜ਼ਿਲ੍ਹੇ ਅੰਦਰ ਬਦਲੀ ਹੋਈ ਸੀ ਉਨ੍ਹਾਂ ਸਾਰਿਆਂ ਨੂੰ ਅੱਜ ਹਾਜ਼ਰ ਕਰਵਾ ਲਿਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਈ ਟੀ ਟੀ ਟੀਚਰਜ਼ ਯੂਨੀਅਨ ਪੰਜਾਬ ਵੱਲ੍ਹੋਂ ਪਿਛਲੇ ਦਿਨੀਂ ਜਥੇਬੰਦੀ ਦੇ ਪ੍ਰਧਾਨ ਜਗਸੀਰ ਸਿੰਘ ਸਹੋਤਾ ਦੀ ਅਗਵਾਈ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਅਹਿਮ ਮੀਟਿੰਗ ਕੀਤੀ ਗਈ ਸੀ,ਜਿਸ ਦੌਰਾਨ ਉਨ੍ਹਾਂ ਭਰੋਸਾ ਦਿਵਾਇਆ ਸੀ,ਕਿ ਅਧਿਆਪਕਾਂ ਦੀਆਂ ਬਦਲੀਆਂ 20 ਜੂਨ ਤੋਂ ਬਾਅਦ ਸ਼ੁਰੂ ਹੋ ਜਾਣਗੀਆਂ। ਆਗੂਆਂ ਨੇ ਇਨ੍ਹਾਂ ਬਦਲੀਆਂ ਤੇ ਖੁਸ਼ੀ ਜ਼ਾਹਿਰ ਕਰਦਿਆਂ ਬਾਕੀ ਅਧਿਆਪਕਾਂ ਦੀਆਂ ਅੰਤਰ ਜ਼ਿਲ੍ਹਾ ਬਦਲੀਆਂ ਨੂੰ ਵੀ ਲਾਗੂ ਕਰਨ ਦੀ ਮੰਗ ਕੀਤੀ ਹੈ। ਉਧਰ ਈ ਟੀ ਟੀ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਰਾਜੇਸ਼ ਕੁਮਾਰ ਬੁਢਲਾਡਾ ਨੇ ਇਨ੍ਹਾਂ ਬਦਲੀਆਂ ਤੇ ਖੁਸ਼ੀ ਪ੍ਰਗਟ ਕਰਦਿਆਂ ਬਾਕੀ ਬਦਲੀਆਂ ਨੂੰ ਵੀ ਲਾਗੂ ਕਰਨ ਦੀ ਮੰਗ ਕੀਤੀ।