ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਗੁਰਦੀਪ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ |
ਸੁਲਤਾਨਪੁਰ ਲੋਧੀ, 8 ਜੂਨ
ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਵੱਡੀ ਪ੍ਰਾਪਤੀ ਨਾਲ ਰਾਜ ਦੇ ਸਕੂਲ ਸਿੱਖਿਆ ਵਿਭਾਗ ਨਾਲ ਜੁੜਿਆ ਹਰ ਸ਼ਖਸ਼ ਮਾਣ ਮਹਿਸੂਸ ਕਰਨ ਲੱਗਿਆ ਹੈ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸ) ਕਪੂਰਥਲਾ ਗੁਰਦੀਪ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਜੋ ਵੱਡੇ ਉਪਰਾਲੇ ਕੀਤੇ ਜਾ ਰਹੇ ਸਨ, ਉਨ੍ਹਾਂ ਦੀ ਬਦੌਲਤ ਪੰਜਾਬ ਦੇਸ਼ ਭਰ ‘ਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਇਸ ਪ੍ਰਾਪਤੀ ਨੇ ਵਿਭਾਗ ‘ਚ ਨਵਾਂ ਉਤਸ਼ਾਹ ਭਰ ਦਿੱਤਾ ਹੈ।
ਜਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਜਨਾਬੰਦੀ, ਸਕੂਲ ਮੁਖੀਆਂ ਦੀ ਵਧੀਆ ਅਗਵਾਈ ਤੇ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਪੰਜਾਬ ਨੂੰ ਇਹ ਕੌਮੀ ਪੱਧਰ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਰਾਜ ਦੇ ਸਕੂਲੀ ਢਾਂਚੇ ‘ਚ ਆਏ ਬਦਲਾਅ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਿਕ ਪ੍ਰਾਪਤੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰਦੇ ਹਨ। ਪੰਜਾਬ ਦੇ ਅੱਵਲ ਨੰਬਰ ਸਕੂਲ ਦਾ ਖਿਤਾਬ ਪ੍ਰਾਪਤ ਕਰਨ 'ਤੇ ਸਿੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਪੰਜਾਬ ਦੇ ਸਕੂਲੀ ਢਾਂਚੇ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆ ਨਾਲ ਪੰਜਾਬ ਦਾ ਵਿੱਦਿਅਕ ਖੇਤਰ ‘ਚ ਸਿਰ ਉੱਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ‘ਚ ਰਾਜ ਦਾ ਵਿੱਦਿਅਕ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ਨਾਲ, ਹੋਰ ਜੋਸ਼ ਪੈਦਾ ਹੋ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਨ ‘ਤੇ ਉਸ ਤੋਂ ਚੌਗੁਣੀ ਖੁਸ਼ੀ ਹੋਈ ਹੈ ਕਿਉਂਕਿ ਇਹ ਸਿੱਖਿਆ ਵਿਭਾਗ ਨਾਲ ਜੁੜੇ ਹਰ ਸਖਸ਼ ਲਈ ਵੱਡਾ ਪੁਰਸਕਾਰ ਹੈ।