ਹੱਕ ਮੰਗਦੇ ਕੱਚੇ ਅਧਿਆਪਕਾਂ ਤੇ ਪਾਣੀ ਦੀਆਂ ਬੁਛਾੜਾਂ ਦੀ ਜ਼ੋਰਦਾਰ ਨਿਖੇਧੀ
ਸਰਕਾਰ ਅਧਿਆਪਕਾਂ ਦੇ ਸਬਰ ਦਾ ਹੋਰ ਇਮਤਿਹਾਨ ਨਾ ਲਵੇ- ਬਾਠ
ਚੰਡੀਗੜ੍ਹ, 29 ਜੂਨ (ਪੱਤਰ ਪ੍ਰੇਰਕ )ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੈਨਾਤ ਕੱਚੇ ਅਧਿਆਪਕਾਂ ਵੱਲੋਂ ਅੱਜ ਜਦੋਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਪਣੀ ਰੈਗੂਲਰ ਭਰਤੀ ਦੀ ਅਵਾਜ਼ ਸਰਕਾਰ ਦੇ ਕੰਨਾਂ ਵਿੱਚ ਪਾਉਣੀ ਚਾਹੀ, ਤਾਂ ਪ੍ਰਸ਼ਾਸਨ ਨੇ ਆਪਣੇ ਬਲ ਦਾ ਪ੍ਰਯੋਗ ਕਰਕੇ ਉਨ੍ਹਾਂ ਤੇ ਤੇਜ਼ ਤਰਾਰ ਪਾਣੀ ਦੀਆਂ ਬੁਛਾੜਾਂ ਮਾਰ ਕੇ ਹੁਣ ਰਾਜ ਦੇ ਮੁਲਾਜ਼ਮਾਂ ਅੰਦਰ ਸੱਤਾਧਾਰੀ ਤੇ ਤਾਨਾਸ਼ਾਹ ਸਰਕਾਰ ਵਿਰੁੱਧ ਗੁੱਸੇ ਦਾ ਭਾਬੜ ਬਾਲ ਦਿੱਤਾ ਹੈ, ਜੋ ਕਿ ਸਰਕਾਰ ਲਈ ਮਹਿੰਗਾ ਸਾਬਿਤ ਹੋਵੇਗਾ।
ਰਾਜ ਦੀ ਹਕੂਮਤ ਖਿਲਾਫ਼ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਬਾਠ ਨੇ ਕਿਹਾ ਕਿ ਹੁਣ ਸਬਰ ਦਾ ਪਿਆਲਾ ਭਰ ਚੁੱਕਾ ਹੈ। ਸਰਕਾਰ ਜਲਦੀ ਹੀ ਇਨ੍ਹਾਂ ਅਧਿਆਪਕਾਂ ਨੂੰ ਪੱਕੇ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ਦੌਰਾਨ ਸਰਕਾਰ ਨੂੰ ਇਸ ਦਾ ਭਾਰੀ ਹਰਜ਼ਾਨਾ ਭੁਗਤਾਨਾ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਪੂਰੀ ਤਰ੍ਹਾਂ ਇਨ੍ਹਾਂ ਅਧਿਆਪਕਾਂ ਦੇ ਨਾਲ ਹੈ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੱਚੇ ਤੌਰ ਤੇ ਨਾਮੁਣੀਆ ਜਿਹੀਆਂ ਤਨਖਾਹਾਂ ਤੇ ਪਿਛਲੇ 10-15 ਸਾਲਾਂ ਤੋ ਕੰਮ ਕਰ ਰਹੇ ਇਹ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਮੁਹਾਲੀ ਵਿਖੇ ਸਿੱਖਿਆ ਸਕੱਤਰ ਦੇ ਦਫ਼ਤਰ ਅੱਗੇ ਪੱਕਾ ਧਰਨਾ ਲਗਾ ਕੇ ਬੈਠੇ ਸਨ, ਜਿੰਨ੍ਹਾਂ ਵਿੱਚੋਂ ਕਈ ਅਧਿਆਪਕ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਸਿੱਖਿਆ ਵਿਭਾਗ ਪੰਜਾਬ ਦੀ ਬਿਲਡਿੰਗ ਉੱਪਰ ਡਟੇ ਬੈਠੇ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਪੂਰੇ ਰਾਜ ਦੇ ਅਧਿਆਪਕ ਪਹਿਲਾਂ ਹੀ ਪੁਰਾਣੀ ਪੈਨਸ਼ਨ ਅਤੇ ਮੁਲਾਜ਼ਮਾਂ ਦੇ ਪੂਰੇ ਪੇਅ ਕਮੀਸ਼ਨ ਦੀ ਰਿਪੋਰਟ ਨੂੰ ਲੈ ਕੇ ਔਖੇ ਹਨ, ਹੁਣ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਅੰਦਰ ਸੰਘਰਸ਼ ਦੀ ਜਵਾਲਾ ਨੂੰ ਹੋਰ ਭੜਕਾ ਦਿੱਤਾ ਹੈ। ਇਸ ਮੌਕੇ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਸਵਰਨਜੀਤ ਸਿੰਘ ਭਗਤਾ ਅਤੇ ਬਲਰਾਜ ਸਿੰਘ ਘਲੋਟੀ, ਸਕੱਤਰ ਜਨਰਲ ਬੂਟਾ ਸਿੰਘ ਮੋਗਾ, ਖਜ਼ਾਨਚੀ ਕੁਲਵਿੰਦਰ ਸਿੰਘ ਜਹਾਂਗੀਰ, ਜਸਵਿੰਦਰ ਬਰਗਾੜੀ ਫਰੀਦਕੋਟ, ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ, ਸ਼ਿਵਰਾਜ ਜਲੰਧਰ, ਮਾਝੇ ਜੋਨ ਦੇ ਪ੍ਰਧਾਨ ਉਂਕਾਰ ਸਿੰਘ ਗੁਰਦਾਸਪੁਰ ਆਦਿ ਨੇ ਸਰਕਾਰ ਦੇ ਇਸ ਕਹਿਰ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ।