ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦਾ ਬਠਿੰਡਾ ਹੱਲਾ ਬੋਲ 11 ਜੁਲਾਈ ਨੂੰ
ਵਿੱਤ ਮੰਤਰੀ ਵਿਰੁੱਧ ਲਲਕਾਰ ਰੈਲੀ ਹੋਵੇਗੀ ਲਾਮਿਸਾਲ
ਈ ਟੀ ਟੀ ਟੀਚਰਜ਼ ਯੂਨੀਅਨ ਵਲੋਂ ਕੱਚੇ ਅਧਿਆਪਕਾਂ 'ਤੇ ਹੋਏ ਅੰਨੇ ਤਸ਼ੱਦਦ ਦੀ ਨਿਖੇਧੀ
ਪਟਿਆਲਾ 8 ਜੁਲਾਈ (ਪੱਤਰ ਪ੍ਰੇਰਕ )ਈ ਟੀ ਟੀ ਟੀਚਰਜ਼ ਯੂਨੀਅਨ ਪੰਜਾਬ (ਸਹੋਤਾ) ਪਟਿਆਲਾ ਦੇ ਆਗੂ ਹਰਦੀਪ ਸਿੰਘ ਕਰਮਜੀਤ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਫ਼ੈਸਲੇ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ 11ਜੁਲਾਈ ਨੂੰ ਬਠਿੰਡਾ ਵਿਖੇ ਲਲਕਾਰ ਰੈਲੀ ਕੀਤੀ ਜਾ ਰਹੀ ਹੈ।
ਯੂਨੀਅਨ ਦੇ ਆਗੂਆਂ ਵੱਲੋਂ ਮੀਟਿੰਗਾਂ ਕਰਕੇ 2004 ਤੋਂ ਬਾਅਦ ਭਰਤੀ ਹੋਏ ਰੈਗੂਲਰ ਮੁਲਾਜ਼ਮਾਂ ਦੀ ਇੱਕੋ ਇੱਕ ਅਹਿਮ ਮੰਗ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਪਰਿਵਾਰਾਂ ਸਮੇਤ ਬਠਿੰਡੇ ਵੱਲ ਵਹੀਰਾਂ ਘੱਤਣ ਦੀ ਅਪੀਲ ਕੀਤੀ। ਕਾਂਗਰਸ ਸਰਕਾਰ ਦੀ ਹੋਂਦ ਤੋਂ ਪਹਿਲਾਂ ਕਾਂਗਰਸੀ ਨੇਤਾਵਾਂ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਲ ਬਹੁਤ ਵੱਡੇ ਵਾਅਦੇ ਕੀਤੇ ਸਨ ਕਿ ਜੇ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਪਹਿਲ ਦੇ ਆਧਾਰ ਤੇ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਜਿਨ੍ਹਾਂ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਬੁਢਾਪਾ ਖੋਹਣ ਵਾਲੀ ਨਵੀਂ ਪੈਨਸ਼ਨ ਸਕੀਮ ਲਾਗੂ ਹੈ ਉਸ ਸਕੀਮ ਨੂੰ ਤੁਰੰਤ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ,ਰੁਕੀਆਂ ਡੀ ਏ ਦੀਆਂ ਕਿਸ਼ਤਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇਗਾ ਅਤੇ ਛੇਵਾਂ ਤਨਖ਼ਾਹ ਕਮਿਸ਼ਨ ਤੁਰੰਤ ਲਾਗੂ ਕਰ ਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇਗਾ ਪਰ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਉਪਰੋਕਤ ਮੰਗਾਂ ਦੇ ਲਾਗੂ ਹੋਣ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ ਸਮੁੱਚੀ ਕਾਂਗਰਸ ਸਰਕਾਰ ਨੇ ਆਪਣੇ ਆਖ਼ਰੀ ਬਜਟ ਸੈਸ਼ਨ ਦੌਰਾਨ ਠੂਠਾ ਦਿਖਾ ਦਿੱਤਾ ਹੈ ।
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਨਾਲ ਕੀਤੇ ਧੋਖੇ ਦੇ ਖ਼ਿਲਾਫ਼ ਪੰਜਾਬ ਭਰ ਦੇ ਮੁਲਾਜ਼ਮ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ ਪੱਬਾਂ ਭਾਰ ਹੋ ਗਏ ਹਨ। ਪੰਜਾਬ ਦੀਆਂ ਸਮੂਹ ਜਥੇਬੰਦੀਆਂ 11 ਜੁਲਾਈ ਨੂੰ ਬਠਿੰਡਾ ਵਿਖੇ ਪਹੁੰਚ ਕੇ ਸਰਕਾਰ ਖ਼ਿਲਾਫ਼ ਹੱਲਾ ਬੋਲਣਗੀਆਂ ਅਤੇ ਲਲਕਾਰ ਰੈਲੀ ਨੂੰ ਲਾਮਿਸਾਲ ਬਣਾਉਣਗੀਆਂ। ਮੁਹਾਲੀ ਵਿਖੇ ਆਪਣੇ ਹੱਕਾਂ ਤੇ ਬੈਠੇ ਕੱਚੇ ਅਧਿਆਪਕਾਂ ਨੂੰ ਮੀਟਿੰਗ ਦਾ ਸੱਦਾ ਦੇ ਮੁੱਕਰੀ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧੇ ਅਧਿਆਪਕਾਂ ਨੂੰ ਰੋਕਣ ਵਿੱਚ ਨਾਕਾਮ ਚੰਡੀਗੜ੍ਹ ਪੁਲਿਸ ਵਲੋਂ ਲਾਠੀਚਾਰਜ, ਅੱਥਰੂ ਗੈਸ,ਵਾਟਰ ਕੈਨਨ, ਘੋੜ ਸਵਾਰ ਪੁਲਿਸ ਵਲੋਂ ਅੰਨ੍ਹੇ ਵਾਹ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਜਿਸ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਅਧਿਆਪਕਾਂ ਵਲੋਂ ਕਾਲੇ ਬਿੱਲੇ ਲਾ ਰੋਸ ਪ੍ਰਗਟ ਕੀਤਾ ਗਿਆ।ਡੇਢ ਦਹਾਕੇ ਦੇ ਵੱਧ ਸਮੇਂ ਤੋਂ ਨਿਗੁਣੀਆਂ ਤਨਖਾਹਾਂ ਉੱਤੇ ਕੰਮ ਕਰਦੇ ਇਹਨਾਂ ਅਧਿਆਪਕਾਂ ਨੇ ਹਮੇਸ਼ਾ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ ਹੈ। ਸਰਕਾਰ ਇਹਨਾਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਥਾਂ ਇਹਨਾਂ ਤੇ ਤਸ਼ੱਦਦ ਢਾਹ ਰਹੀ ਹੈ ਜਿਸ ਨੂੰ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਈ ਟੀ ਟੀ ਟੀਚਰਜ਼ ਯੂਨੀਅਨ ਕੱਚੇ ਅਧਿਆਪਕਾਂ ਤੇ ਹੋਏ ਅਣਮਨੁੱਖੀ ਤਸ਼ੱਦਦ ਦੀ ਨਿਖੇਧੀ ਕਰਦੀ ਹੈ ਅਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹਨਾਂ ਅਧਿਆਪਕਾਂ ਨੂੰ ਰੈਗੂਲਰ ਕਰਕੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਨਿਯਮ ਤਹਿਤ ਤਨਖਾਹਾਂ ਵਿੱਚ ਵਾਧਾ ਕਰੇ।