ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ 2 ਅਗਸਤ ਤੋਂ ਖੋਲ੍ਹਣ ਦੇ ਹੁਕਮ ਜਾਰੀ
- ਸਕੂਲਾਂ ਲਈ ਸਰਕਾਰ ਵਲੋਂ ਜਾਰੀ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨੀ ਹੋਵੇਗੀ ਜ਼ਰੂਰੀ
- ਕੋਰੋਨਾ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ 10 ਅਗਸਤ ਤੱਕ ਵਧਾਇਆ
ਹੁਸ਼ਿਆਰਪੁਰ, 31 ਜੁਲਾਈ 2021 - ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਰੋਨਾ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ ਜ਼ਿਲ੍ਹੇ ਵਿੱਚ 10 ਅਗਸਤ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਦੇ ਸਾਰੇ ਸਕੂਲ ਸਾਰੀਆਂ ਕਲਾਸਾਂ ਦੇ ਲਈ 2 ਅਗਸਤ ਤੋਂ ਖੁੱਲ੍ਹ ਸਕਦੇ ਹਨ। ਹਾਲਾਂਕਿ ਇਸ ਦੌਰਾਨ ਸਕੂਲਾਂ ਦੇ ਲਈ ਸਰਕਾਰ ਵਲੋਂ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਅਤੇ ਸੈਕੰਡਰੀ) ਨਿਰਦੇਸ਼ ਜਾਰੀ ਕਰਨਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਦੋ ਗਜ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇਗਾ ਅਤੇ ਜਨਤਕ ਸਥਾਨਾਂ ’ਤੇ ਥੁੱਕਣ ਵਾਲਿਆਂ ’ਤੇ ਸਖ਼ਤੀ ਅਪਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।