ਸੈਂਕੜੇ ਸਕੂਲਾਂ ਦੇ ਅਧਿਆਪਕਾਂ ਨੇ ਪੈੱਨ ਡਾਊਨ ਹੜਤਾਲ ਕਰਕੇ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਫੂਕਦਿਆਂ ਕੀਤਾ ਰੋਹ ਦਾ ਪ੍ਰਗਟਾਵਾ

 *ਸੈਂਕੜੇ ਸਕੂਲਾਂ ਦੇ ਅਧਿਆਪਕਾਂ ਨੇ ਪੈੱਨ ਡਾਊਨ ਹੜਤਾਲ ਕਰਕੇ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਫੂਕਦਿਆਂ ਕੀਤਾ ਰੋਹ ਦਾ ਪ੍ਰਗਟਾਵਾ*


*ਸਾਲ 2011 ਦੌਰਾਨ ਅਧਿਆਪਕਾਂ ਨੂੰ ਮਿਲੇ ਤਨਖਾਹ ਵਾਧੇ ਬਰਕਰਾਰ ਰੱਖਕੇ 3.74 ਗੁਣਾਂਕ ਲਾਗੂ ਕਰਨ ਦੀ ਮੰਗ*


*ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਪਰਖ ਸਮਾਂ ਐਕਟ 2015 ਰੱਦ ਕਰਕੇ ਪੂਰੇ ਵਿੱਤੀ ਲਾਭ ਜਾਰੀ ਕਰਨ ਦੀ ਮੰਗ*


*ਕੱਚੇ, ਕੰਟਰੈਕਟ ਤੇ ਸੁਸਾਇਟੀਆਂ ਅਧੀਨ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ / ਮਰਜ ਕਰਨ ਦੀ ਮੰਗ*



ਨਵਾਂ ਸ਼ਹਿਰ 8 ਜੁਲਾਈ ( )

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਸਾੜਦਿਆਂ ਅਤੇ ਸਰਕਾਰ ਵੱਲੋਂ ਹੱਕੀ ਮੰਗਾਂ ਵਿਸਾਰਨ ਦੇ ਵਿਰੋਧ ਵਿੱਚ ਜ਼ਿਲ੍ਹੇ ਦੇ ਸੈਕੜੇ ਸਕੂਲਾਂ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਸਖ਼ਤ ਰੋਸ ਜ਼ਾਹਰ ਕੀਤਾ। ਇਸ ਦਾ ਪ੍ਰਗਟਾਵਾ ਕਰਦਿਆਂ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਕੁਲਦੀਪ ਸਿੰਘ ਦੌੜਕਾ, ਮੁਲਖ ਰਾਜ ਸ਼ਰਮਾ, ਦੇਸ ਰਾਜ ਨੌਰਦ, ਗੁਰਦਿਆਲ ਮਾਨ, ਅਸ਼ਵਨੀ ਸ਼ਰਮਾ, ਰਾਮ ਕਿਸ਼ਨ ਪੱਲੀਝਿੱਕੀ ਨੇ ਕਿਹਾ ਕਿ 9 ਜੁਲਾਈ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੀਤੇ ਜਾ ਰਹੇ ਸਾਂਝੇ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਅਧਿਆਪਕ ਮੰਗਾਂ ਨੂੰ ਅਣਗੌਲਣ ਕਾਰਨ ਸਾਂਝੇ ਅਧਿਆਪਕ ਮੋਰਚੇ ਵੱਲੋਂ 18 ਜੁਲਾਈ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 29 ਜੁਲਾਈ ਨੂੰ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਬੈਨਰ ਹੇਠ ਪਟਿਆਲਾ ਸ਼ਹਿਰ ਵਿੱਚ ਸਮੁੱਚੀਆਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਹੋਣ ਜਾ ਰਹੀ ਇਤਿਹਾਸਕ ਮਹਾਂ ਰੈਲੀ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। 





           ਆਗੂਆਂ ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ, ਪੰਜਾਬ ਦੀ ਬੇਈਮਾਨ ਅਤੇ ਨਿੱਜੀਕਰਨ ਪੱਖੀ ਨੀਤੀਆਂ ਨੂੰ ਪੱਬਾਂ ਭਾਰ ਹੋ ਕੇ ਲਾਗੂ ਕਰਨ ਵਾਲੀ ਕੈਪਟਨ ਸਰਕਾਰ ਵੱਲੋਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਵਿੱਤ ਵਿਭਾਗ ਰਾਹੀਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਲਾਗੂ ਕੀਤੀਆਂ ਜਾ ਰਹੀਆਂ ਹਨ। 1 ਜਨਵਰੀ 2004 ਤੋਂ ਲਾਗੂ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ। ਸਾਲ 2011 ਦੌਰਾਨ ਅਧਿਆਪਕਾਂ ਨੂੰ ਮਿਲੇ ਤਨਖਾਹ ਸਟੈਪ ਅੱਪ/ਗਰੇਡ ਵਾਧੇ ਖ਼ਤਮ ਕੀਤੇ ਜਾ ਰਹੇ ਹਨ। ਪਰਖ ਸਮਾਂ ਐਕਟ ਰੱਦ ਕਰਕੇ 15-01-2015 ਤੋਂ ਪਰਖ ਸਮਾਂ ਮੁੜ ਤੋਂ ਦੋ ਸਾਲ ਕਰਦਿਆਂ ਪੂਰੇ ਭੱਤੇ, ਸਲਾਨਾ ਵਾਧੇ, ਪੂਰਾ ਤਨਖਾਹ ਗਰੇਡ/ਸਕੇਲ ਬਹਾਲ ਕਰਦਿਆਂ ਨਵੀਆਂ ਭਰਤੀਆਂ ਨਾਲ ਇਨਸਾਫ ਨਹੀਂ ਕੀਤਾ ਜਾ ਰਿਹਾ, ਸਗੋਂ ਪਰਖ ਸਮੇਂ ਨੂੰ ਆਰਥਿਕ ਸੋਸ਼ਣ ਦੇ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਸਾਰੇ ਕੱਚੇ/ਕੰਟਰੈਕਟ ਅਧਿਆਪਕਾਂ/ਨਾਨ ਟੀਚਿੰਗ/ਰੈਗੂਲਰ ਕੰਪਿਊਟਰ ਫੈਕਲਿਟੀ/ਮੈਰੀਟੋਰੀਅਸ ਸਕੂਲ ਸਟਾਫ ਆਦਿ ਦੀ ਬਿਨਾ ਸ਼ਰਤ ਵਿਭਾਗ ‘ਚ ਰੈਗੂਲਰ ਮਰਜਿੰਗ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਸਕੂਲਾਂ ਵਿੱਚ ਖਾਲੀ ਹਜਾਰਾਂ ਅਸਾਮੀਆਂ ਲਈ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ, ਓ.ਡੀ.ਐਲ. ਅਧਿਆਪਕਾਂ ਦੇ ਰੈਗੂਲਰ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ। 

              ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਪੰਜਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਵੱਲੋਂ 24 ਕੈਟਾਗਰੀਆਂ ਦੇ ਤਨਖਾਹ ਗਰੇਡਾਂ ਦੀ ਤਰੁੱਟੀ ਦਰੁਸਤ ਕਰਦਿਆਂ ਅਕਤੂਬਰ 2011 ਤੋਂ ਦਿੱਤਾ ਵਾਧਾ ਅਤੇ ਦਸੰਬਰ 2011 ਤੋਂ 239 ਕੈਟਾਗਰੀਆਂ ਦੇ ਤਨਖਾਹ ਗਰੇਡਾਂ ‘ਚ ਕੈਬਨਿਟ ਸਬ ਕਮੇਟੀ ਵੱਲੋਂ ਮਿਲੇ ਵਾਧੇ ਬਰਕਰਾਰ ਰੱਖਦਿਆਂ, 2.25 ਜਾਂ 2.59 ਗੁਣਾਂਕ ‘ਚੋਂ ਇੱਕ ਚੁਨਣ ਦੀ ਮਾਰੂ ਆਪਸ਼ਨ ਦੀ ਥਾਂ ਸਾਰਿਆਂ ਲਈ ਇੱਕਸਮਾਨ ਉਚਤਮ ਗੁਣਾਂਕ 3.74 ਲਾਗੂ ਕੀਤਾ ਜਾਵੇ, 20-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰ ਤੋਂ ਘੱਟ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਕੀਤਾ ਜਾਵੇ, ਮੋਬਾਇਲ ਭੱਤੇ, ਮੈਡੀਕਲ ਭੱਤੇ ਦੁੱਗਣੇ ਕੀਤੇ ਜਾਣ ਅਤੇ ਪੇਂਡੂ ਇਲਾਕਾ ਭੱਤਾ ਤੇ ਐੱਚ.ਆਰ.ਏ. ਦੀਆਂ ਪਹਿਲਾਂ ਵਾਲੀਆਂ ਦਰਾਂ ਬਰਕਰਾਰ ਰੱਖੀਆਂ ਜਾਣ। ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਅਤੇ ਬਕਾਏ ਜਾਰੀ ਕੀਤੇ ਜਾਣ ਅਤੇ ਕੇਂਦਰ ਦੀ ਤਰ੍ਹਾਂ ਪੂਰੀ ਪੈਨਸ਼ਨ ਲਈ ਸਰਵਿਸ ਸਮਾਂ 25 ਸਾਲ ਤੋਂ ਘਟਾ ਕੇ 20 ਸਾਲ ਕੀਤਾ ਜਾਵੇ।

Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends