ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਾਢੇ ਚਾਰ ਮਹੀਨਿਆਂ ਤੋਂ ਟਾਵਰ ’ਤੇ ਡਟੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਸੁਰਿੰਦਰਪਾਲ ਨੂੰ ਸੰਘਰਸ਼ੀ ਸਾਥੀਆਂ ਨੇ ਉਤਾਰਿਆ
ਸੁਰਿੰਦਰਪਾਲ ਦੇ ਸੰਘਰਸ਼ ਸਦਕਾ 6635 ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਕੱਲ੍ਹ ਹੋਇਆ ਸੀ ਜਾਰੀ
ਪਟਿਆਲਾ, 1 ਅਗਸਤ (ਦਲਜੀਤ ਕੌਰ ਭਵਾਨੀਗੜ੍ਹ) ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ 260 ਫੁੱਟ ਉੱਚੇ ਟਾਵਰ ਉਤੇ ਲਗਾਤਾਰ ਸੰਘਰਸ਼ ਉਤੇ ਡਟੇ ਸੰਘਰਸ਼ੀ ਅਧਿਆਪਕ ਸੁਰਿੰਦਰਪਾਲ ਸਿੰਘ ਨੂੰ ਅੱਜ ਵੱਖ-ਵੱਖ ਜੱਥੇਬੰਦੀਆਂ, ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਹਜ਼ਾਰਾਂ ਸਾਥੀਆਂ ਦੀ ਹਾਜ਼ਰੀ ਵਿੱਚ ਨਾਅਰਿਆਂ ਦੀ ਗੂੰਜ ਨਾਲ ਭਰੋਸੇ ਵਿੱਚ ਲੈਣ ਤੋਂ ਬਾਅਦ ਟਾਵਰ ਤੋਂ ਹੇਠਾਂ ਸੁਰੱਖਿਅਤ ਉਤਾਰਿਆ ਉਤਾਰ ਲਿਆ ਗਿਆ। ਅੱਜ ਜਦੋਂ ਸੁਰਿੰਦਰਪਾਲ ਨੂੰ ਟਾਵਰ ਤੋਂ ਉਤਾਰਿਆ ਗਿਆ ਤਾਂ ਉਸਦੀ ਹਾਲਤ ਖਰਾਬ ਹੋ ਚੁੱਕੀ ਸੀ। ਜਿਸ ਨੂੰ ਸਹਾਰਾ ਦੇ ਕੇ ਉਠਾਇਆ ਜਾ ਰਿਹਾ ਸੀ। ਆਪਣੇ ਆਪ ਪੈਰਾ ਉਤੇ ਖੜ੍ਹਾ ਹੋਣ ਦੇ ਅਸਮਰਥ ਸੀ। ਇਸ ਮੌਕੇ ਪਹੁੰਚੀ ਡਾਕਟਰਾਂ ਦੀ ਟੀਮ ਨੇ ਮੌਕੇ ‘ਤੇ ਉਸਦਾ ਮੁਆਇਨਾ ਕੀਤਾ ਅਤੇ ਇਸ ਤੋਂ ਬਾਅਦ ਸੁਰਿੰਦਰਪਾਲ ਗੁਰਦਾਸਪੁਰ ਨੂੰ ਰਜਿੰਦਰਾ ਹਸਪਤਾਲ ਵਿੱਚ ਮੈਡੀਕਲ ਚੈੱਕਅੱਪ ਲਈ ਲਿਜਾਇਆ ਗਿਆ।
ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਕੁਲਦੀਪ ਖੋਖਰ, ਨਿਰਮਲ ਜ਼ੀਰਾ, ਰਾਜਸੁਖਵਿੰਦਰ ਗੁਰਦਾਸਪੁਰ ਨੇ ਕਿਹਾ ਕਿ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਜਿਸ ਦੌਰਾਨ ਪੁਲੀਸ ਦੀਆਂ ਡਾਂਗਾਂ ਖਾਣੀਆਂ ਪਈਆਂ, ਨਹਿਰਾਂ ਛਾਲਾਂ ਮਾਰਨ ਲਈ ਮਜਬੂਰ ਹੋਏ, ਟੈਂਕੀ ਟਾਵਰਾਂ ਚੜ੍ਹਨ ਲਈ ਮਜਬੂਰ ਹੋਏ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕਦੇ ਹੋਏ ਉਨ੍ਹਾਂ ਦੀਆਂ ਮੰਗਾਂ ਮੰਨਕੇ 6635 ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਅਤੇ ਹੋਰ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਿਆ। ਜੱਥੇਬੰਦੀ ਵੱਲੋਂ ਇਸ ਨੂੰ ਸੰਘਰਸ਼ ਦੀ ਜਿੱਤ ਦੱਸਿਆ ਹੈ। ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਆਗੂਆਂ ਨੇ ਭਰਾਤਰੀ ਜਥੇਬੰਦੀਆਂ ਤੇ ਸਮੂਹ ਪ੍ਰੈੱਸ ਤੇ ਸਾਥੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਕਰਕੇ ਹੀ ਉਹ ਜਿੱਤ ਪ੍ਰਾਪਤ ਕਰ ਸਕੇ। ਸੁਰਿੰਦਰਪਾਲ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਹੀ ਅਗਲੇ ਸਮਿਆਂ ਵਿੱਚ ਵੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਾਰੀ ਰਹੇਗਾ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਦਵਿੰਦਰ ਸਿੰਘ ਪੂਨੀਆ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜਸਪਾਲ ਸਿੰਘ ਚੌਧਰੀ, ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਰਣਜੀਤ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਖੁਸਵੰਤ ਹਨੀ ਆਦਿ ਮੌਜੂਦ ਸਨ। ਇਸ ਤੋਂ ਇਲਾਵਾ ਇਸ ਮੌਕੇ ਵੱਡੀ ਮਾਤਰਾ ਵਿੱਚ ਪਟਿਆਲਾ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀ ਮੌਜੂਦ ਸਨ, ਉੱਥੇ ਹੀ ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਵੀ ਮੌਜੂਦ ਸਨ।