ਸਕੂਲਾਂ ਵਿੱਚ ਪੜ੍ਹਾਉਣ ਦੀ ਇਜਾਜ਼ਤ ਸਿਰਫ਼ ਮੁਕੰਮਲ ਟੀਕਾਕਰਨ/ਹਾਲ ਹੀ ਵਿੱਚ ਠੀਕ ਹੋਣ ਵਾਲਿਆਂ ਨੂੰ ਹੀ ਹੋਵੇਗੀ : ਕੈਪਟਨ ਅਮਰਿੰਦਰ ਸਿੰਘ

 ਸਕੂਲਾਂ ਵਿੱਚ ਪੜ੍ਹਾਉਣ ਦੀ ਇਜਾਜ਼ਤ ਸਿਰਫ਼ ਮੁਕੰਮਲ ਟੀਕਾਕਰਨ/ਹਾਲ ਹੀ ਵਿੱਚ ਠੀਕ ਹੋਣ ਵਾਲਿਆਂ ਨੂੰ ਹੀ ਹੋਵੇਗੀ, ਟੀਕਾਕਰਨ ਲਈ ਅਧਿਆਪਕਾਂ ਨੂੰ ਦਿੱਤੀ ਜਾਵੇਗੀ ਤਰਜੀਹ



ਸਕੂਲਾਂ ਨੂੰ ਇਕ ਬੈਂਚ `ਤੇ ਇਕ ਬੱਚੇ ਦੇ ਬੈਠਣ ਦੀ ਸੀਮਾ ਤੈਅ ਕਰਨ ਦੇ ਨਿਰਦੇਸ਼, ਸਕੂਲਾਂ ਲਈ ਪ੍ਰਤੀ ਦਿਨ ਘੱਟੋ-ਘੱਟ 10, 000 ਟੈਸਟ ਕਰਨ ਦੇ ਆਦੇਸ਼


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ, ਖ਼ਾਸ ਕਰਕੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ਦੀ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ ਕਿਉਂ ਜੋ ਇਨ੍ਹਾਂ ਸੂਬਿਆਂ ਵਿੱਚ ਕੋਵਿਡ ਪਾਜੇ਼ਟਿਵ ਕੇਸ ਵਧ ਰਹੇ ਹਨ।


ਸਕੂਲਾਂ ਵਿੱਚ ਕੋਵਿਡ ਦੇ ਮਾਮਲਿਆਂ ਦੀਆਂ ਰਿਪੋਰਟਾਂ ਦਰਮਿਆਨ ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ, ਜਾਂ ਜੋ ਹਾਲ ਹੀ ਵਿੱਚ ਕੋਵਿਡ ਤੋਂ ਸਿਹਤਯਾਬ ਹੋਏ ਹਨ, ਸਕੂਲਾਂ ਅਤੇ ਕਾਲਜਾਂ ਵਿੱਚ ਨਿੱਜੀ ਤੌਰ `ਤੇ ਪੜ੍ਹਾਉਣਗੇ ਅਤੇ ਸਾਰੇ ਬੱਚਿਆਂ ਲਈ ਆਨਲਾਈਨ ਪੜ੍ਹਾਈ ਦਾ ਬਦਲ ਉਪਲਬਧ ਰਹੇਗਾ।


ਉਨ੍ਹਾਂ ਨੇ ਟੀਕਾਕਰਨ ਲਈ ਅਧਿਆਪਕਾਂ ਅਤੇ ਗੈਰ-ਅਧਿਆਪਨ ਅਮਲੇ ਨੂੰ ਤਰਜੀਹ ਦੇਣ ਦੇ ਆਦੇਸ਼ ਵੀ ਦਿੱਤੇ ਅਤੇ ਵਿਸ਼ੇਸ਼ ਕੈਂਪ ਲਾ ਕੇ ਇਸ ਮਹੀਨੇ ਦੇ ਅੰਦਰ ਟੀਕਾਕਰਨ ਦੀ ਪਹਿਲੀ ਖ਼ੁਰਾਕ ਯਕੀਨੀ ਬਣਾਉਣ ਅਤੇ ਦੂਜੀ ਖੁਰਾਕ ਲਈ ਵੀ ਉਨ੍ਹਾਂ ਨੂੰ ਤਰਜੀਹ ਦੇਣ ਲਈ ਕਿਹਾ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਧਿਆਪਕਾਂ ਅਤੇ ਸਕੂਲ ਦੇ ਹੋਰ ਸਟਾਫ ਲਈ ਦੂਜੀ ਖੁਰਾਕ ਨੂੰ ਤਰਜੀਹ ਦੇਣ ਲਈ ਦੋ ਖੁਰਾਕਾਂ ਵਿਚਲੇ ਅੰਤਰ ਨੂੰ ਘਟਾਉਣ ਦਾ ਸੁਝਾਅ ਦਿੱਤਾ।


ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਿਮਾਚਲ ਪ੍ਰਦੇਸ਼ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਪਾਜ਼ੇਟਿਵਿਟੀ ਦਰ ਬਾਰੇ ਚਿੰਤਾ ਜ਼ਾਹਰ ਕੀਤੀ ਜਿਸ ਨਾਲ ਪਿਛਲੇ ਹਫਤੇ ਦੌਰਾਨ ਪੰਜਾਬ ਵਿੱਚ ਪਾਜ਼ੇਟਿਵਿਟੀ ਦਰ ਵੀ 0.2 ਫੀਸਦੀ ਤੱਕ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਅਤੇ ਆਰ.ਓ. 1.05% ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਬਰਿਜ ਦੇ ਅਧਿਐਨ ਨੇ ਵੀ ਭਵਿੱਖਬਾਣੀ ਕੀਤੀ ਹੈ ਕਿ ਅਗਲੇ 64 ਦਿਨਾਂ ਵਿੱਚ ਕੇਸ ਦੁੱਗਣੇ ਹੋਣ ਦੀ ਸੰਭਾਵਨਾ ਹੈ, ਇਸ ਲਈ ਪਹਿਲਾਂ ਤੋਂ ਲਾਗੂ ਸਿਹਤ ਪ੍ਰੋਟੋਕਾਲ ਵਿੱਚ ਵਾਧਾ ਕਰਦਿਆਂ ਨਵੀਆਂ ਪਾਬੰਦੀਆਂ ਐਲਾਨੀਆਂ ਗਈਆਂ ਹਨ।


ਮੁੱਖ ਮੰਤਰੀ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਦੇ ਘੱਟੋ-ਘੱਟ 10, 000 ਟੈਸਟ ਪ੍ਰਤੀ ਦਿਨ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ 0.2 % ਤੋਂ ਉੱਪਰ ਪਾਜ਼ੇਟਿਵਿਟੀ ਦਰ ਵਾਲੇ ਜ਼ਿਲ੍ਹਿਆਂ/ਸ਼ਹਿਰਾਂ ਨੂੰ ਸਥਿਤੀ ਵਿੱਚ ਸੁਧਾਰ ਹੋਣ ਤੱਕ ਚੌਥੀ ਅਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਨਿੱਜੀ ਤੌਰ `ਤੇ ਪੜ੍ਹਾਈ ਬੰਦ ਕਰਨ ਲਈ ਕਿਹਾ।


ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਟੀਕਾਕਰਨ ਅਤੇ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਭਨਾਂ `ਤੇ ਲਾਗੂ ਹੋਵੇਗਾ, ਜੋ ਪੰਜਾਬ ਵਿੱਚ ਸੜਕੀ, ਰੇਲ ਜਾਂ ਹਵਾਈ ਮਾਰਗ ਰਾਹੀਂ ਦਾਖਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਵਿੱਚੋਂ ਕੋਈ ਵੀ ਨਾ ਹੋਣ ਦੀ ਸੂਰਤ ਵਿੱਚ ਉਸ ਵਿਅਕਤੀ ਦਾ ਆਰ.ਏ.ਟੀ. ਟੈਸਟ ਲਾਜ਼ਮੀ ਹੋਵੇਗਾ, ਬਸ਼ਰਤੇ ਕਿ ਉਹ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਇਆ ਹੋਵੇ।


ਹਾਲ ਹੀ ਵਿੱਚ ਸੂਬੇ ਵਿੱਚ ਕੁਝ ਕਲਾਸਾਂ ਲਈ ਦੁਬਾਰਾ ਖੋਲ੍ਹੇ ਗਏ ਸਕੂਲਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਸਕੂਲਾਂ ਵਿੱਚ ਉੱਚ ਪਾਜ਼ੇਟਿਵਿਟੀ ਦਰ ਦੀਆਂ ਕੁਝ ਰਿਪੋਰਟਾਂ ਹਨ, ਪਰ ਸਖ਼ਤ ਜਾਂਚ ਵਿੱਚ ਇਹ ਅਸਲੀਅਤ ਸਾਹਮਣੇ ਆਈ ਹੈ ਕਿ ਪਿਛਲੇ ਹਫ਼ਤੇ ਦੀ ਸਮੁੱਚੀ ਪਾਜ਼ੇਟਿਵਿਟੀ ਦਰ 0.2% ਦੇ ਮੁਕਾਬਲੇ ਸਕੂਲੀ ਵਿਦਿਆਰਥੀਆਂ ਵਿੱਚ ਇਹ ਦਰ 0.1 ਫੀਸਦੀ ਹੈ। 9 ਅਗਸਤ ਤੋਂ ਹੁਣ ਤੱਕ ਸਰਕਾਰੀ ਸਕੂਲਾਂ ਵਿੱਚ 41 ਵਿਦਿਆਰਥੀ ਅਤੇ 1 ਸਟਾਫ ਮੈਂਬਰ ਪਾਜ਼ੇਟਿਵ ਪਾਏ ਗਏ ਹਨ।


ਸਖ਼ਤ ਚੌਕਸੀ ਵਰਤਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਸਿਰਫ ਮੁਕੰਮਲ ਟੀਕਾਕਰਨ ਵਾਲਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨਿੱਜੀ ਤੌਰ `ਤੇ ਪੜ੍ਹਾਏਗਾ। ਜੇ ਸਮੁੱਚਾ ਟੀਚਿੰਗ ਸਟਾਫ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ ਤਾਂ ਮੁਕੰਮਲ ਟੀਕਾਕਰਨ ਵਾਲਾ ਸਟਾਫ਼ ਸਕੂਲ ਵਿੱਚ ਵਿਦਿਆਰਥੀਆਂ ਨੂੰ ਅਟੈਂਡ ਕਰ ਸਕਦਾ ਹੈ ਅਤੇ ਟੀਕਾਕਰਨ ਤੋਂ ਰਹਿੰਦੇ ਅਧਿਆਪਕਾਂ ਵੱਲੋਂ ਆਨਲਾਈਨ ਕਲਾਸਾਂ ਲਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮੁਕੰਮਲ ਟੀਕਾਕਰਨ ਵਾਲੇ ਅਧਿਆਪਕ ਉਪਲਬਧ ਨਹੀਂ ਹਨ ਤਾਂ ਵਿਦਿਆਰਥੀਆਂ ਦੀ ਗਿਣਤੀ ਨੂੰ ਢੁਕਵੀਂ ਮਾਤਰਾ ਵਿੱਚ ਘਟਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਕੂਲਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਪ੍ਰਤੀ ਬੈਂਚ ਸਿਰਫ ਇੱਕ ਬੱਚੇ ਦੇ ਬੈਠਣ ਦੀ ਇਜਾਜ਼ਤ ਦੇਣ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਕੂਲ ਜਾਣ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਵੀ ਤੁਰੰਤ ਟੀਕਾਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਕੂਲਾਂ ਵਿੱਚ ਨਿੱਜੀ ਤੌਰ `ਤੇ ਪੜ੍ਹਾਈ ਨੂੰ ਬਿਨਾਂ ਕਿਸੇ ਰੁਕਾਵਟ ਦੇ ਕੀਤਾ ਜਾ ਸਕੇ।


ਉਨ੍ਹਾਂ ਨੇ ਜੀ.ਐਮ.ਸੀ.ਐਚ. ਪਟਿਆਲਾ ਦੀ ਜੀਨੋਮ ਸਿਕੁਐਂਸਿੰਗ ਲੈਬ ਵਿਖੇ ਪਾਥ ਦੇ ਸਹਿਯੋਗ ਨਾਲ ਕੰਮ ਸ਼ੁਰੂ ਹੋਣ `ਤੇ ਸੰਤੁਸ਼ਟੀ ਜ਼ਾਹਰ ਕੀਤੀ। ਇੱਥੇ ਹੁਣ ਤੱਕ ਕੀਤੇ ਗਏ 8 ਟੈਸਟਾਂ ਵਿੱਚੋਂ ਕੋਈ ਵੀ ਡੈਲਟਾ ਰੂਪ ਨਹੀਂ ਮਿਲਿਆ। ਮੁੱਖ ਮੰਤਰੀ ਨੇ ਦੱਸਿਆ ਕਿ ਐਨ.ਸੀ.ਡੀ.ਸੀ. ਨੂੰ ਭੇਜੀ ਗਈ ਮਹੀਨਾਵਾਰ ਜੀਨੋਮ ਸਿਕੁਐਂਸਿੰਗ ਵਿੱਚ ਦਿਖਾਇਆ ਗਿਆ ਹੈ ਕਿ ਡੈਲਟਾ ਰੂਪ ਪ੍ਰਮੁੱਖ ਰੂਪ ਵਿੱਚ ਰਹਿੰਦਾ ਹੈ। ਅੱਜ ਤੋਂ ਜੀਨੋਮ ਸਿਕੁਐਂਸਿੰਗ ਲਈ 92 ਨਮੂਨੇ ਹਰ ਤਿੰਨ ਹਫਤਿਆਂ ਵਿੱਚ ਲਏ ਜਾਣਗੇ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਵੀ.ਆਰ.ਡੀ.ਐਲ. ਪਟਿਆਲਾ ਨੂੰ ਆਈ.ਐਨ.ਐਸ.ਏ.ਸੀ.ਓ.ਜੀ. (ਇੰਡੀਅਨ ਸਾਰਸ-ਕੋਵ-2 ਕੰਸੋਰਟੀਅਮ ਆਨ ਜੀਨੋਮਿਕਸ) ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਜਾਰੀ ਹੈ।


ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਕੋਵਿਡ ਤੋਂ ਬਾਅਦ ਦੀ ਦੇਖਭਾਲ ਹੁਣ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਉਪਲਬਧ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਮਿਊਕਰਮਾਈਕੋਸਿਸ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਪਿਛਲੇ ਹਫਤੇ ਸਿਰਫ ਇੱਕ ਕੇਸ ਰਿਪੋਰਟ ਕੀਤਾ ਗਿਆ ਜਦਕਿ ਉਸ ਤੋਂ ਪਹਿਲੇ ਹਫਤੇ 6 ਕੇਸ ਦਰਜ ਕੀਤੇ ਗਏ ਸਨ। ਇਨ੍ਹਾਂ ਮਰੀਜ਼ਾ ਨੂੰ ਯੋਗਤਾ ਅਨੁਸਾਰ ਦਿਵਿਆਂਗ ਵਾਲੇ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends