ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦਾ ਦੌਰਾ।
ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ।
ਪਠਾਨਕੋਟ, 21 ਅਗਸਤ ( ) ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਿੱਖਿਆ ਸਕੱਤਰ ਸਵੇਰੇ ਸਵਾ ਸਾਢੇ ਨੌਂ ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ ਵਿਖੇ ਪਹੁੰਚ ਗਏ ਸਨ। ਇਥੇ ਉਨ੍ਹਾਂ ਵੱਲੋਂ ਅਧਿਆਪਕਾਂ ਕੋਲੋਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲਈ ਗਈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ, ਸਰਕਾਰੀ ਹਾਈ ਸਕੂਲ ਲਹਿਰੂਨ, ਸਰਕਾਰੀ ਪ੍ਰਾਇਮਰੀ ਸਕੂਲ ਲਹਿਰੂਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਨੇਰਾ, ਸਰਕਾਰੀ ਪ੍ਰਾਇਮਰੀ ਸਕੂਲ ਦੁਨੇਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਧਾਰਕਲਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਵੱਲੋਂ ਜਿਥੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਉਥੇ ਹੀ ਸਕੂਲਾਂ ਦੇ ਵਿਕਾਸ ਕਾਰਜਾਂ, ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਅਤੇ ਸਕੂਲਾਂ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਆਪਣੇ ਦੌਰੇ ਦੌਰਾਨ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਅਧਿਆਪਕਾਂ ਨੇ ਸਕੂਲਾਂ ਵਿੱਚ ਆਪਣੀ ਅਣਥੱਕ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਕਰਦੇ ਹੋਏ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਹੈ ਅਤੇ ਪੰਜਾਬ ਨੂੰ ਪੀਜੀਆਈ ਇੰਡੈਕਸ ਸਰਵੇ ਵਿੱਚ ਪੂਰੇ ਭਾਰਤ ਵਿੱਚੋਂ ਨੰਬਰ ਇੱਕ ਦਾ ਸੂਬਾ ਬਣਾਇਆ ਹੈ, ਹੁਣ ਉਸੇ ਜਨੂੰਨ ਨਾਲ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪੰਜਾਬ ਨੂੰ ਨੰਬਰ ਇੱਕ ਤੇ ਲੈਕੇ ਆਉਣਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਤੇ ਪੂਰਾ ਭਰੋਸਾ ਹੈ ਉਹ ਪੰਜਾਬ ਦੀ ਸਿੱਖਿਆ ਨੂੰ ਨੰਬਰ ਇੱਕ ਤੇ ਲੈਕੇ ਜਾਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡਣਗੇ। ਗੌਰਤਲਬ ਹੈ ਕਿ ਸਿੱਖਿਆ ਸਕੱਤਰ ਦੇ ਇਸ ਪ੍ਰੇਰਨਾਦਾਇਕ ਦੌਰੇ ਨਾਲ ਅਧਿਆਪਕਾਂ ਵਿੱਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅਧਿਆਪਕਾਂ ਵੱਲੋਂ ਵੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੂੰ ਨੰਬਰ ਇੱਕ ਤੇ ਲੈਕੇ ਆਉਣਾ ਲਈ ਕੋਈ ਕਸਰ ਨਹੀਂ ਛੱਡਣਗੇ।