ਬੇਰੁਜ਼ਗਾਰ ਬੀ. ਐਡ ਟੈੱਟ ਪਾਸ ਅਧਿਆਪਕਾਂ ਨੂੰ ਮੁੱਖ ਮੰਤਰੀ ਦੇ ਓਐੱਸਡੀ ਸੰਦੀਪ ਸੰਧੂ ਨਾਲ ਹੋਈ ਮੀਟਿੰਗ ਵਿੱਚ ਮੁੜ ਮਿਲਿਆ ਲਾਰਾ
ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੀ ਗੈਰ-ਹਾਜ਼ਰੀ ਤੋਂ ਖ਼ਫ਼ਾ ਬੇਰੁਜ਼ਗਾਰ 23 ਸਤੰਬਰ ਨੂੰ ਮੁੜ ਕਰਨਗੇ ਮੋਤੀ ਮਹਿਲ ਦਾ ਘਿਰਾਓ
ਚੰਡੀਗੜ੍ਹ, 14 ਸਤੰਬਰ, 2021: ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ. ਐਡ. ਟੈੱਟ ਪਾਸ ਅਧਿਆਪਕਾਂ ਦੀ ਮੀਟਿੰਗ ਮੁੱਖ ਮੰਤਰੀ ਦੇ ਓਐੱਸਡੀ ਸੰਦੀਪ ਸੰਧੂ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਬੇਰੁਜ਼ਗਾਰਾਂ ਨੂੰ ਮੁੜ ਕੇ ਲਾਰਾ ਹੀ ਮਿਲਿਆ ਹੈ।
ਜੱਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਬੀਤੀ 12 ਸਤੰਬਰ ਨੂੰ ਬੇਰੁਜ਼ਗਾਰ ਬੀ. ਐਡ ਟੈੱਟ ਪਾਸ ਅਧਿਆਪਕਾਂ ਵੱਲੋਂ ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ਤੇ ਉੱਤੇ ਕਰੀਬ 6 ਘੰਟੇ ਜਾਮ ਲਗਾਉਣ ਬਾਅਦ ਪਟਿਆਲਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਸ੍ਰੀ ਸੰਦੀਪ ਸੰਧੂ ਨਾਲ ਸਮੇਤ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਲਿਖਤੀ ਪੱਤਰ ਦੇ ਕੇ ਪੈੱਨਲ ਮੀਟਿੰਗ ਤੈਅ ਕਰਵਾਈ ਗਈ ਸੀ।
ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਹੀਂ ਪਹੁੰਚੇ ਜਿਸ ਕਾਰਨ ਇਸ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਵੀ ਢੁੱਕਵਾਂ ਹੱਲ ਨਹੀਂ ਨਿਕਲਿਆ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਇਸ ਮੀਟਿੰਗ ਵਿੱਚ ਸ੍ਰੀ ਸੰਧੂ ਨੇ ਜੱਥੇਬੰਦੀ ਦੀਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਤੇ ਬੇਰੁਜ਼ਗਾਰ ਅਧਿਆਪਕਾਂ ਨਾਲ ਮੁੜ ਜਲਦੀ ਪੈਨਲ ਮੀਟਿੰਗ ਕਰਕੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ, ਪਰ ਅੱਜ ਕੋਈ ਵੀ ਠੋਸ ਹੱਲ ਨਹੀਂ ਨਿਕਲਿਆ ਹੈ।
ਇਸ ਮੌਕੇ ਬੇਰੁਜ਼ਗਾਰ ਆਗੂਆਂ ਅਮਨ ਸੇਖਾ, ਸੰਦੀਪ ਗਿੱਲ, ਬਲਰਾਜ ਮੌੜ ਅਤੇ ਸਰਵਰਿੰਦਰ ਮੱਤਾ ਨੇ ਕਿਹਾ ਕਿ ਪਟਿਆਲਾ ਪ੍ਰਸ਼ਾਸ਼ਨ ਨੇ ਬੇਰੁਜ਼ਗਾਰਾਂ ਨੂੰ ਪੈਨਲ ਮੀਟਿੰਗ ਦੇਣ ਦਾ ਛਲਾਵਾ ਕੀਤਾ ਹੈ। ਉਹਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਂਦੇ ਦਿਨਾਂ ਵਿੱਚ ਮੁੜ ਮੀਟਿੰਗ ਕਰਕੇ ਮਸਲਾ ਹੱਲ ਨਾ ਕੀਤਾ ਤਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ 23 ਸਤੰਬਰ ਨੂੰ ਮੁੜ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਗੁਰਪ੍ਰੀਤ ਸਿੰਘ ਖੰਨਾ, ਹਰਮੇਸ਼ ਸਿੰਘ, ਅਵਤਾਰ ਸਿੰਘ ਅਤੇ ਜਗਜੀਵਨ ਸਿੰਘ ਨੇ ਕਿਹਾ ਕਿ ਪਿਛਲੀ 31 ਦਸੰਬਰ ਤੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ਉੱਤੇ 'ਬੇਰੁਜ਼ਗਾਰ ਸਾਂਝੇ ਮੋਰਚੇ' ਦੀ ਅਗਵਾਈ ਵਿੱਚ ਪੱਕਾ ਮੋਰਚਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਬੀਤੀ 21 ਅਗਸਤ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਹੀ ਸ਼ਹਿਰ ਸੰਗਰੂਰ ਦੇ ਸਿਵਲ ਹਸਪਤਾਲ 'ਚ ਪਾਣੀ ਵਾਲੀ ਟੈਂਕੀ ਉੱਤੇ ਮੁਨੀਸ਼ ਕੁਮਾਰ ਫਾਜਲਿਕਾ ਵੀ ਡਟਿਆ ਬੈਠਾ ਹੈ ਪਰ ਪੰਜਾਬ ਸਰਕਾਰ ਜਾਣਬੁੱਝ ਕੇ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਾ ਦੇ ਕੇ ਤੇ ਜ਼ਲੀਲ ਕਰਕੇ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਕਰ ਰਹੀ ਹੈ।