ਪੰਜਾਬ ਦੇ ਮੁੱਖ ਮੰਤਰੀ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਹੋਏ ਨਤਮਸਤਕ

 ਜਲੰਧਰ 22 ਸਤੰਬਰ ,2021: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਪੰਥ ਨੂੰ ਇਨਸਾਫ਼ ਦਿਵਾਇਆ ਜਾਵੇਗਾ।



ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਅਰਦਾਸ ਕਰ ਕੇ ਵਾਹਿਗੁਰੂ ਦੀਆ ਬਖਸ਼ਿਸ਼ਾਂ ਮੰਗੀਆ। ਉਨ੍ਹਾਂ ਕਿਹਾ, “ਸੂਬੇ ਦੇ ਹਰੇਕ ਧਰਮ ਅਤੇ ਸਮਾਜ ਦੇ ਹਰ ਵਰਗ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ ਅਤੇ ਪ੍ਰਸ਼ਾਸਨ ਨੂੰ ਧਾਰਮਿਕ ਕਦਰਾਂ ਕੀਮਤਾਂ ਅਨੁਸਾਰ ਚਲਾਇਆ ਜਾਵੇਗਾ (ਰਾਜ ਧਰਮ ਅਨੁਸਾਰ ਚਲੇਗਾ)”।


ਸ. ਚੰਨੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦੀਆਂ ਕਦਰਾਂ ਕੀਮਤਾਂ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਅਤੇ ਇਹ ਉਨ੍ਹਾਂ ਦੀ ਹਮੇਸ਼ਾ ਪ੍ਰਮੁੱਖ ਤਰਜੀਹ ਰਹੇਗੀ।


ਮੁੱਖ ਮੰਤਰੀ ਨੇ ਇਮਾਨਦਾਰੀ, ਸਮਰਪਣ ਭਾਵਨਾ ਅਤੇ ਵਚਨਬੱਧਤਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਸ. ਚੰਨੀ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕ-ਪੱਖੀ ਉਪਰਾਲਿਆਂ ਤੇ ਵਿਕਾਸ ਪਹਿਲਕਦਮੀਆਂ ਨੂੰ ਲਾਗੂ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੋਵੇਗੀ।


ਇਸ ਤੋਂ ਪਹਿਲਾਂ ਮੁੱਖ ਮੰਤਰੀ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਪਹਿਲਾਂ ਪਰਿਕਰਮਾ ਕੀਤੀ। ਉਹਨਾਂ ਨੂੰ ਪਵਿੱਤਰ ਪਾਲਕੀ ਸਾਹਿਬ ਦੀ ਸੇਵਾ ਕਰਨ ਦਾ ਵੀ ਸੁਭਾਗ ਹਾਸਲ ਹੋਇਆ।ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਅਰਦਾਸ ਵਿੱਚ ਸ਼ਾਮਲ ਹੋਏ, ਦੇਗ਼ ਅਤੇ ਰੁਮਾਲਾ ਸਾਹਿਬ ਭੇਂਟ ਕੀਤਾ ਅਤੇ ਹੁਕਮਨਾਮਾ ਵੀ ਸਰਵਣ ਕੀਤਾ।


ਇਸ ਉਪਰੰਤ ਸੂਚਨਾ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ‘ਸਿਰੋਪਾ’ ਬਖ਼ਸ਼ਿਸ਼ ਕੀਤਾ ਅਤੇ ‘ਸ੍ਰੀ ਹਰਿਮੰਦਰ ਸਾਹਿਬ’ ਦੇ ਮਾਡਲ ਨਾਲ ਸਨਮਾਨਤ ਕੀਤਾ।


ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ. ਚੰਨੀ ਦੇ ਨਾਲ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਓ ਪੀ ਸੋਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਵਿਧਾਇਕ ਅਤੇ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।


ਇਸ ਉਪਰੰਤ ਮੁੱਖ ਮੰਤਰੀ ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮ ਤੀਰਥ ਵਿਖੇ ਵੀ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਉਥੋਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਜਲ੍ਹਿਆਂ ਵਾਲਾ ਬਾਗ ਯਾਦਗਾਰ ਦਾ ਦੌਰਾ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।


ਅੰਮ੍ਰਿਤਸਰ ਦੇ ਦੌਰੇ ਦੌਰਾਨ ਮੁੱਖ ਮੰਤਰੀ ਸ. ਚੰਨੀ ਉਚੇਚੇ ਤੌਰ ਉਤੇ ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਡਾ. ਰਾਜ ਕੁਮਾਰ ਵੇਰਕਾ ਅਤੇ ਸੁਖਵਿੰਦਰ ਸਿੰਘ ਡੈਨੀ ਦੇ ਘਰ ਵੀ ਗਏ

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends