ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਪਿੱਛੋਂ ਪੰਜਾਬ ਵਿਧਾਨ ਸਭਾ ਵੱਲੋਂ ਰੋਸਟਰ ਰਜਿਸਟਰ ਲਾਗੂ ਕਰਨ ਲਈ ਕਮੇਟੀ ਗਠਤ
ਚੰਡੀਗੜ, 24 ਸਤੰਬਰ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਪਿੱਛੋਂ ਪੰਜਾਬ ਵਿਧਾਨ ਸਭਾ ਨੇ ਰੋਸਟਰ ਰਜਿਸਟਰ ਲਾਗੂ ਕਰਨ ਲਈ ਕਮੇਟੀ ਦਾ ਗਠਨ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਮਚਾਰੀਆਂ ਵੱਲੋਂ ਕਮਿਸਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਨਾਂ ਨੂੰ ਤਰੱਕੀਆਂ ਸਮੇਂ ਰਾਖਵਾਂਕਰਨ ਨੀਤੀ ਦਾ ਬਣਦਾ ਲਾਭ ਨਹੀਂ ਦਿੱਤਾ ਜਾ ਰਿਹਾ।
ਉਨਾਂ ਕਿਹਾ ਕਿ ਇਸ ਮਾਮਲੇ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਾਂਚ ਕੀਤੀ ਗਈ ਅਤੇ ਦੋਸ਼ਾਂ ਨੂੰ ਸਹੀ ਪਾਇਆ ਗਿਆ ਜਿਸ ‘ਤੇ ਕਮਿਸ਼ਨ ਵੱਲੋਂ ਵਿਧਾਨ ਸਭਾ ਨੂੰ ਅਨੁਸੂਚਿਤ ਜਾਤੀਆਂ ਨੂੰ ਬਣਦੇ ਹੱਕ ਦੇਣ ਲਈ ਲਿਖਿਆ ਗਿਆ ਸੀ।
ਚੇਅਰਪਰਸਨ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਲਿਖਤੀ ਤੌਰ ‘ਤੇ ਸੂਚਿਤ ਕੀਤਾ ਗਿਆ ਹੈ ਕਿ ਕਮਿਸ਼ਨ ਦੀਆਂ ਹਦਾਇਤਾਂ ਨੂੰ ਮੰਨਦੇ ਹੋਏ ਪੰਜਾਬ ਵਿਧਾਨ ਸਭਾ ਵੱਲੋਂ ਰੋਸਟਰ ਰਜਿਸਟਰ ਨੂੰ ਲਾਗੂ ਕਰਨ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।