ਪੰਜਾਬ ਦੇੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸੰਭਾਲਣ ਤੋਂ ਪ੍ਰਸ਼ਾਸਕੀ ਸੁਧਾਰਾਂ ਲਈ ਉੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਮੁਹਾਲੀ ਦੇ ਡੀਸੀ ਗਿਰੀਸ਼ ਦਿਆਲਨ ਦਾ ਤਬਾਦਲਾ ਕਰ ਦਿੱਤਾ ਗਿਆ ਜਿਨ੍ਹਾਂ ਦੀ ਥਾਂ ’ਤੇ 2009 ਬੈਚ ਦੀ ਆਈਏਐੱਸ ਸ੍ਰੀਮਤੀ ਈਸ਼ਾ ਕਾਲੀਆ ਨੂੰ ਨਵਾਂ ਡੀਸੀ ਲਾਇਆ ਗਿਆ ਹੈ।
ਗਿਰੀਸ਼ ਦਿਆਲਨ, ਹਾਲ ਹੀ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਫ਼ੀ ਨਜ਼ਦੀਕੀ ਮੰਨੇ ਜਾਂਦੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਡੀਸੀ ਈਸ਼ਾ ਕਾਲੀਆ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਵੱਲ ਤਰਜੀਹ ਦੇਣਗੇ ਅਤੇ ਸਾਰੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵਿਭਾਗਾਂ ਦੇ ਮੁਖੀਆਂ ਦੇ ਕੰਮ ਸਬੰਧੀ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਜਿਸ ਉਪਰੰਤ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ।