ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕੀਤਾ ਹੈ।
ਇੱਥੇ ਭਾਈਵਾਲੀ, ਆਦਾਨ-ਪ੍ਰਦਾਨ ਅਤੇ ਵਿਕਾਸ ਦੀ ਗਾਥਾ: ਨਿਵੇਸ਼ਕਾਂ ਦਾ ਭਰੋਸਾ` ਵਿਸ਼ੇ `ਤੇ ਕਰਵਾਏ ਗਏ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਦਯੋਗਪਤੀਆਂ, ਵਪਾਰੀਆਂ ਅਤੇ ਸੰਭਾਵੀ ਉੱਦਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਵਪਾਰੀਆਂ/ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ `ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ। ਹੋਰ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ। ਸ. ਚੰਨੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਹ ਉਦਯੋਗਿਕ ਪੱਖੀ ਪਹਿਲਕਦਮੀ ਵੱਡੇ ਪੱਧਰ `ਤੇ ਨਿਵੇਸ਼ ਕਰਨ ਲਈ ਉਨ੍ਹਾਂ ਦੇ ਮਨੋਬਲ ਨੂੰ ਹੁਲਾਰਾ ਦੇਵੇਗੀ ਅਤੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ `ਤੇ ਪਹੁੰਚਾਉਣ ਲਈ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਕੰਮ ਕਰੇਗੀ।
ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਬਿਹਤਰੀਨ ਹਵਾਈ ਸੰਪਰਕ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਹਲਵਾਰਾ (ਲੁਧਿਆਣਾ) ਵਿਖੇ ਬਣਨ ਵਾਲੇ ਗ੍ਰੀਨ ਫੀਲਡ ਹਵਾਈ ਅੱਡੇ ਦਾ 15 ਨਵੰਬਰ ਨੂੰ ਨੀਂਹ ਪੱਥਰ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਹ ਵੱਕਾਰੀ ਹਵਾਈ ਅੱਡਾ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।
ਸੂਬੇ ਵਿੱਚ ਵਪਾਰ ਕਰਨ ਨੂੰ ਸੁਖਾਲਾ ਬਣਾਉਣ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਅੰਦਰ ਹੀ ਨਹੀਂ ਸਗੋਂ ਵਿਸ਼ਵ ਭਰ ਵਿੱਚ ਮੋਹਰੀ ਰਾਜ ਵਜੋਂ ਉਭਾਰਨ ਲਈ ਵਪਾਰ ਅਤੇ ਉਦਯੋਗ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ।