ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਉਨ੍ਹਾਂ ਦੀ ਪਾਰਟੀ ਇਸ ਗੱਲ ਦੀ ਗਾਰੰਟੀ ਦਿੰਦੀ ਹੈ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਨੂੰ ਗਰੰਟੀ ਦਿੰਦਾ ਹੈ ਕਿ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਵੇਗਾ। ਕਾਂਗਰਸ ਦਾ ਇਤਿਹਾਸ ਹੈ ਕਿ ਉਹ ਪਾੜੋ ਅਤੇ ਰਾਜ ਕਰੋ ਦੀ ਨੀਤੀ 'ਤੇ ਸਰਕਾਰਾਂ ਚਲਾਉਂਦੀ ਰਹੀ ਹੈ। ਅੰਮ੍ਰਿਤਸਰ ਸ਼ਹਿਰ ਸੀਟ ਤੋਂ ਚੋਣ ਲੜ ਰਹੇ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਸੁਖਬੀਰ ਨੇ ਕਿਹਾ ਕਿ ਜੇਕਰ ਅਕਾਲੀ ਸਰਕਾਰ ਬਣੀ ਤਾਂ ਸਰਕਾਰੀ ਨੌਕਰੀਆਂ ਵਿੱਚ 50 ਫੀਸਦੀ ਸੀਟਾਂ ਲੜਕੀਆਂ ਲਈ ਰਾਖਵੀਆਂ ਹੋਣਗੀਆਂ।
ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਦਾਖਲਾ ਮਿਲੇ, ਇਸ ਲਈ ਇਨ੍ਹਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 33 ਪ੍ਰਤੀਸ਼ਤ ਸੀਟਾਂ ਰਾਖਵੀਆਂ ਹੋਣਗੀਆਂ। ਉਨ੍ਹਾਂ ਦੀ ਫੀਸ ਦਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਸਦੀ ਪੁਰਾਣੀ ਪਾਰਟੀ ਹੈ। ਅਕਾਲੀ ਨੇਤਾਵਾਂ ਅਤੇ ਵਰਕਰਾਂ ਨੂੰ ਪੰਜਾਬ ਵਿੱਚ ਹੀ ਜੀਣਾ ਅਤੇ ਮਰਨਾ ਹੈ।