ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੋ-ਮੁੱਖ ਮੰਤਰੀ

 ਲਖੀਮਪੁਰ ਖੀਰੀ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਇਕਜੁਟਤਾ ਪ੍ਰਗਟਾਉਣ ਲਈ ਗਾਂਧੀ ਸਮਾਰਕ ਵਿਖੇ ਸ਼ਾਂਤਮਈ ਪ੍ਰਦਰਸ਼ਨ


ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਦੀ ਦੁਖਦਾਇਕ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੰਗਾਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ।


       ਇੱਥੇ ਸਮਾਰਕ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਸੰਕਲਪ ਲਿਆ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲੇ ਨਹੀਂ ਕਿਉਂ ਜੋ ਭਾਜਪਾ ਦਹਿਸ਼ਤ ਦਾ ਰਾਜ ਕਾਇਮ ਕਰਕੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ।


ਲਖੀਮਪੁਰ ਖੀਰੀ ਦੀਆਂ ਨਿਰਦਈ ਘਟਨਾਵਾਂ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਵਾਪਰੀ ਇਹ ਘਟਨਾ ਪਹਿਲਾਂ ਘੜੀ ਗਈ ਸੀ ਅਤੇ ਗਿਣ-ਮਿੱਥ ਕੇ ਭੋਲੇ-ਭਾਲੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਜੋ ਖੇਤੀ ਕਾਨੂੰਨਾਂ ਖਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ। ਸ. ਚੰਨੀ ਨੇ ਕਿਹਾ ਅਜਿਹੀਆਂ ਕਾਰਾਵਾਈਆਂ ਨਾਲ ਕਿਸਾਨਾਂ ਦੇ ਮਨੋਬਲ ਨੂੰ ਢਾਹ ਲਾਉਣ ਲਈ ਭਾਜਪਾ ਦੇ ਨਾਪਾਕ ਇਰਾਦੇ ਸਫਲ ਨਹੀਂ ਹੋਣਗੇ ਜੋ ਕਿਸਾਨਾਂ ਨੂੰ ਸੰਘਰਸ਼ ਦੇ ਸ਼ਾਂਤਮਈ ਰਾਹ ਤੋਂ ਭਟਕਾਉਣਾ ਚਾਹੁੰਦੀ ਹੈ।


ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਗਰਸ ਦੀ ਕੌਮੀ ਨੇਤਾ ਪ੍ਰਿਅੰਕਾ ਗਾਂਧੀ ਨੂੰ ਗ੍ਰਿਫਤਾਰ ਕਰ ਲੈਣ ਦੀ ਆਲੋਚਨਾ ਕੀਤੀ ਜੋ ਦੁੱਖ ਦੀ ਇਸ ਘੜੀ ਵਿਚ ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨੂੰ ਇਕਜੁਟਤਾ ਪ੍ਰਗਟਾਉਣ ਲਈ ਉਨ੍ਹਾਂ ਨੂੰ ਮਿਲਣ ਲਈ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਵਧੀਕੀਆਂ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ ਜਿਸ ਨਾਲ ਆਖਰ ਕੇਂਦਰ ਵਿਚ ਹੀ ਨਹੀਂ ਸਗੋਂ ਬਾਕੀ ਸੂਬਿਆਂ ਵਿਚ ਵੀ ਭਾਜਪਾ ਦੇ ਸ਼ਾਸਨ ਦਾ ਅੰਤ ਹੋਵੇਗਾ।


ਮੁੱਖ ਮੰਤਰੀ ਨੇ ਕੇਂਦਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਦੇ ਸੰਦਰਭ ਵਿਚ ਸਾਡੇ ਨੌਜਵਾਨਾਂ ਨੂੰ ਕ੍ਰਾਂਤੀਕਾਰੀ ਰਾਹ ਅਪਣਾਉਣ ਲਈ ਮਜਬੂਰ ਨਾ ਕੀਤਾ ਜਾਵੇ ਜੋ ਇਨਸਾਫ ਲੈਣ ਲਈ ਆਖਰ ਸਾਡੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਊਧਮ ਸਿੰਘ ਤੋਂ ਪ੍ਰੇਰਨਾ ਲੈਣਗੇ। ਸ. ਚੰਨੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਕਿ ਸ਼ਾਂਤਮਈ ਮਾਹੌਲ ਖਰਾਬ ਨਾ ਹੋਵੇ ਅਤੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲ ਵਿਚ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਮੁੱਖ ਜ਼ਿੰਮੇਵਾਰੀ ਬਣਦੀ ਹੈ।


ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਰਾਸ਼ਟਰ ਪਿਤਾ ਪਾਸੋਂ ਪ੍ਰੇਰਨਾ ਲੈਣ ਲਈ ਦ੍ਰਿੜ ਸੰਕਲਪ ਲਿਆ।


ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਯੂਥ ਕਾਂਗਰਸ ਵਰਕਰਾਂ ਦੇ ਧਰਨੇ ਵਿਚ ਵੀ ਸ਼ਮੂਲੀਅਤ ਕੀਤੀ ਅਤੇ “ਭਾਰਤ ਮਾਤਾ ਕੀ ਜੈ” ਅਤੇ “ਵੰਦੇ ਮਾਤਰਮ” ਦੇ ਨਾਅਰੇ ਲਾਏ।


ਇਸ ਪ੍ਰਦਰਸ਼ਨ ਵਿਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਸੰਗਤ ਸਿੰਘ ਗਿਲਜ਼ੀਆਂ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਕਈ ਵਿਧਾਇਕਾਂ ਅਤੇ ਪਾਰਟੀ ਲੀਡਰਾਂ ਤੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ।

Featured post

PSEB 8TH ,10TH AND 12TH DATESHEET 2025 : ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends