ਵਿਧਾਇਕ ਅੰਗਦ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਨਾਲ ਵੱਖ-ਵੱਖ ਮੁੱਦਿਆਂ ’ਤੇ ਚਰਚਾ
*ਰਾਹੋਂ ਨੂੰ ਸਬ-ਤਹਿਸੀਲ ਦਾ ਦਰਜਾ ਦਿਵਾਉਣ ਸਬੰਧੀ ਸੌਂਪਿਆ ਮੰਗ ਪੱਤਰ
*ਹਲਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਪ੍ਰਾਜੈਕਟਾਂ ਸਬੰਧੀ ਹੋਈਆਂ ਖੁੱਲ ਕੇ ਵਿਚਾਰਾਂ
ਨਵਾਂਸ਼ਹਿਰ, 16 ਅਕਤੂਬਰ :
ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨਾਲ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਦੌਰਾਨ ਹਲਕੇ ਦੀਆਂ ਸਮੱਸਿਆਵਾਂ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਬਾਰੇ ਖੁੱਲ ਕੇ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਿਖ ਪੈਂਦੇ ਪੁਰਾਤਨ ਅਤੇ ਇਤਿਹਾਸਕ ਸ਼ਹਿਰ ਰਾਹੋਂ ਨੂੰ ਸਬ-ਤਹਿਸੀਲ ਦਾ ਦਰਜਾ ਦਿਵਾਉਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਸੌਂਪਿਆ। ਉਨਾਂ ਕਿਹਾ ਕਿ ਰਾਹੋਂ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ 70-80 ਪਿੰਡਾਂ, ਜਿਨਾਂ ਦੀ ਅਬਾਦੀ ਇਕ ਲੱਖ ਦੇ ਕਰੀਬ ਬਣਦੀ ਹੈ, ਦੇ ਲੋਕਾਂ ਦੇ ਕਚਹਿਰੀ ਸਬੰਧੀ ਕੰਮਾਂ ਨੂੰ ਸੁਖ਼ਾਲ਼ਾ ਕਰਨ ਲਈ ਇਹ ਕੰਮ ਕੀਤਾ ਜਾਣਾ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਸਬੰਧਤ ਲੋਕਾਂ ਨੂੰ ਆਪਣੇ ਸਰਕਾਰੀ ਕੰਮਕਾਜ ਲਈ 20-25 ਕਿਲੋਮੀਟਰ ਦੂਰ ਨਵਾਂਸ਼ਹਿਰ ਤਹਿਸੀਲ ਦਫ਼ਤਰ ਆਉਣਾ ਪੈਂਦਾ ਹੈ, ਜਿਸ ਕਾਰਨ ਉਨਾਂ ਨੂੰ ਕਾਫੀ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਉਨਾਂ ਪੁਰਜ਼ੋਰ ਅਪੀਲ ਕੀਤੀ ਕਿ ਇਸ ਦੇ ਮੱਦੇਨਜ਼ਰ ਰਾਹੋਂ ਨੂੰ ਸਬ-ਤਹਿਸੀਲ ਦਾ ਦਰਜਾ ਦੇਣ ਲਈ ਵਿਚਾਰਦੇ ਹੋਏ ਇਸ ਨੂੰ ਅਮਲੀ ਰੂਪ ਦਿੱਤਾ ਜਾਵੇ।
ਇਸ ਮੌਕੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ, ਸਰਕਾਰੀ ਸਕੀਮਾਂ ਅਤੇ ਹੋਰਨਾਂ ਮੁੱਦਿਆਂ ’ਤੇ ਵੀ ਗੱਲਬਾਤ ਹੋਈ। ਇਸ ਤੋਂ ਇਲਾਵਾ ਹਲਕਾ ਵਾਸੀਆਂ ਅਤੇ ਪਿੰਡਾਂ ਦੇ ਸਰਪੰਚਾਂ ਨੂੰ ਦਰਪੇਸ਼ ਸਮੱਸਿਆਵਾਂ ਵੀ ਵਿਚਾਰੀਆਂ ਗਈਆਂ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵਿਸ਼ਵਾਸ ਦਿਵਾਇਆ ਕਿ ਹਰੇਕ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਵਾਸੀਆਂ ਦੀ ਸੇਵਾ ਵਿਚ ਉਹ 24 ਘੰਟੇ ਹਾਜ਼ਰ ਹਨ ਅਤੇ ਜ਼ਿਲਾ ਪ੍ਰਸ਼ਾਸਨ ਨਾਲ ਸਬੰਧਤ ਕੋਈ ਵੀ ਕੰਮ ਬਿਨਾਂ ਕਿਸੇ ਦੇਰੀ ਦੇ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨ ਮਾਜਰਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਸਿੰਘ ਬਿੱਟਾ ਤੋਂ ਇਲਾਵਾ ਰਾਹੋਂ ਅਤੇ ਨਵਾਂਸ਼ਹਿਰ ਦੇ ਕੌਂਸਲਰ, ਪਿੰਡਾਂ ਦੇ ਸਰਪੰਚ ਅਤੇ ਮੋਹਤਬਰ ਹਾਜ਼ਰ ਸਨ।