ਵਿਦਿਆਰਥੀ ਅਤੇ ਨੌਜਵਾਨਾਂ ਤੇ ਦਰਜ਼ ਪਰਚੇ ਨੂੰ ਰੱਦ ਕਰਵਾਉਣ ਲਈ ਜਥੇਬੰਦੀਆਂ ਦਾ ਵਫ਼ਦ ਐੱਸਐੱਸਪੀ ਨੂੰ ਮਿਲਿਆ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 6 ਅਕਤੂਬਰ, 2021: ਇਕ ਸਾਲ ਪਹਿਲਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਆਰਐੱਸਐੱਸ ਦੇ ਦਫ਼ਤਰ ਉੱਪਰ ਕਾਲਖ ਮਲਣ ਨੂੰ ਲੈ ਕੇ ਨੌਜਵਾਨ ਅਤੇ ਵਿਦਿਆਰਥੀ ਆਗੂਆਂ ਉੱਪਰ ਦਰਜ ਪਰਚਾ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਐੱਸਐੱਸਪੀ ਸੰਗਰੂਰ ਨਾਲ ਮੁਲਾਕਾਤ ਕੀਤੀ ਗਈ ਅਤੇ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜਸਦੀਪ ਸਿੰਘ ਬਹਾਦਰਪੁਰ, ਜ਼ਿਲ੍ਹਾ ਆਗੂ ਸੁਖਦੇਵ ਉਭਾਵਾਲ, ਜੁਝਾਰ ਸਿੰਘ ਬਡਰੁੱਖਾਂ, ਨੌਜਵਾਨ ਭਾਰਤ ਸਭਾ ਦੇ ਹਰਿੰਦਰ ਸਿੰਘ ਸੈਣੀਮਾਜਰਾ, ਪੰਜਾਬ ਸਟੂਡੈਂਟ ਯੂਨੀਅਨ ਦੇ ਸੁਖਦੀਪ ਹਥਨ ਆਦਿ ਆਗੂਆਂ ਨੇ ਦੱਸਿਆ ਕਿ ਇਕ ਸਾਲ ਪਹਿਲਾਂ ਭਾਜਪਾ ਆਗੂਆਂ ਵੱਲੋਂ ਝੂਠੀ ਐੱਫਆਈਆਰ ਤਹਿਤ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਝੂਠਾ ਪਰਚਾ ਵਿਦਿਆਰਥੀ ਆਗੂ ਸੁਖਦੀਪ ਹਥਨ ਅਤੇ ਨੌਜਵਾਨ ਭਾਰਤ ਸਭਾ ਦਰਸ਼ਨ ਸਿੰਘ ਹਥੋਆ ਉਪਰ ਦਰਜ ਕੀਤਾ ਗਿਆ ਸੀ ਇਸ ਨੂੰ ਪ੍ਰਸ਼ਾਸਨ ਜਿਸ ਨੂੰ ਰੱਦ ਕਰਨ ਦਾ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਸੀ ਪਰ ਅੱਜ ਇੱਕ ਸਾਲ ਬਾਅਦ ਬੀਤੇ ਦਿਨੀਂ ਇਸ ਦਾ ਚਲਾਨ ਪੇਸ਼ ਕਰ ਦਿੱਤਾ ਗਿਆ। ਜਿਸਦੇ ਖਿਲਾਫ਼ ਅੱਜ ਵੱਖ-ਵੱਖ ਜਥੇਬੰਦੀਆਂ ਨੇ ਐੱਸਐੱਸਪੀ ਤੋਂ ਇਸ ਨੂੰ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ।
ਆਗੂਆਂ ਨੇ ਕਿਹਾ ਇਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਦੇ ਸਾਰੇ ਪਰਚੇ ਰੱਦ ਕਰਨ ਦੀ ਗੱਲ ਕਰ ਰਹੀ ਹੈ ਪਰ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਅਜਿਹੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਦੇ ਖ਼ਿਲਾਫ਼ ਅਜਿਹੇ ਧੱਕੇ ਨੂੰ ਜਨਤਕ ਜਮਹੂਰੀ ਜਥੇਬੰਦੀਆਂ ਹਰਗਿਜ਼ ਬਰਦਾਸ਼ਤ ਨਹੀਂ ਕਰਨਗੀਆਂ। ਮੀਟਿੰਗ ਦੌਰਾਨ ਐੱਸ.ਐੱਸ.ਪੀ ਸੰਗਰੂਰ ਵੱਲੋਂ ਡੀਐੱਸਪੀ ਸਪੈਸ਼ਲ ਕਰਾਇਮ ਦੀ ਡਿਊਟੀ ਲਗਾ ਕੇ ਇਸ ਪਰਚੇ ਨੂੰ ਰੱਦ ਕਰਨ ਦਾ ਭਰੋਸਾ ਦਿੱਤਾ ਗਿਆ।