ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸਬੰਧੀ ਕੀਤੀ ਗਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ
*ਵਿਦਿਆਰਥੀਆਂ ਅਤੇ ਵੱਖ-ਵੱਖ ਕਲੱਬਾਂ ਨਾਲ ਜੁੜੇ ਨੌਜਵਾਨਾਂ ਦੀ ਸ਼ਮੂਲੀਅਤ ਜ਼ਰੂਰੀ : ਟੀ.ਬੈਨਿਥ
ਮਲੇਰਕੋਟਲਾ 06 ਅਕਤੂਬਰ :
ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਮੁਹਿੰਮ ਤਹਿਤ ਵੋਟਰਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਸਬੰਧੀ ਗਤੀਵਿਧੀਆਂ ਉਲੀਕਣ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ 105 ਮਲੇਰਕੋਟਲਾ ਕਮ- ਐਸ.ਡੀ.ਐਮ ਮਲੇਰਕੋਟਲਾ ਸ੍ਰੀ ਟੀ. ਬੈਨਿਥ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਉਰਦੂ ਅਕੈਡਮੀ ਦਿੱਲੀ ਗੇਟ ਮਲੇਰਕੋਟਲਾ ਵਿਖੇ ਅੱਜ ਇੱਕ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵਾਸਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਵਿਚ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਅਤੇ ਵੱਖ-ਵੱਖ ਕਲੱਬਾਂ ਨਾਲ ਜੁੜੇ ਨੌਜਵਾਨਾਂ ਦੀ ਸ਼ਮੂਲੀਅਤ ਬੇਹੱਦ ਜ਼ਰੂਰੀ ਹੈ।
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ 105 ਮਲੇਰਕੋਟਲਾ ਨੇ ਦੱਸਿਆ ਕਿ ਮਿਤੀ 1 ਜਨਵਰੀ 2022 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਪਹਿਲੀ ਨਵੰਬਰ 2021 ਤੋਂ ਸ਼ੁਰੂ ਹੋ ਰਹੀ ਹੈ।ਜਿਸ ਤਹਿਤ 6 ਅਤੇ 7 ਨਵੰਬਰ ਅਤੇ 20 ਤੇ 21 ਨਵੰਬਰ ਨੂੰ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਬੀ.ਐੱਲ.ਓਜ ਸਬੰਧਿਤ ਪੋਲਿੰਗ ਬੂਥ 'ਤੇ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 1 ਜਨਵਰੀ 2022 ਨੂੰ 18 ਸਾਲ ਜਾਂ ਉਸ ਤੋਂ ਵੱਧ ਹੈ ਉਹ ਆਪਣੀ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਕੇ ਸਬੰਧਿਤ ਬੂਥ ਲੈਵਲ ਅਫ਼ਸਰ ਨੂੰ ਜਾਂ ਆਨਲਾਈਨ ਸਬਮਿਟ ਕਰ ਸਕਦਾ ਹੈ।
ਉਨ੍ਹਾਂ 1 ਜਨਵਰੀ 2022 ਨੂੰ 18 ਸਾਲ ਦੀ ਉਮਰ ਪੁਰੀ ਕਰਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਬਣਵਾਉਣ ਲਈ 01 ਨਵੰਬਰ 2021 ਤੋਂ 30 ਨਵੰਬਰ 2021 ਤੱਕ ਚੱਲਣ ਵਾਲੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਆਪਣੇ ਵੋਟ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਦੀ ਵੈੱਬਸਾਈਟ www.nvsp.in ਜਾਂ www.voterportal.eci.gov.in ਤੇ ਅਪਲਾਈ ਕਰਨ ਜਾਂ ਭਾਰਤ ਚੋਣ ਕਮਿਸ਼ਨ ਦੀVoter Helpline App ਰਾਹੀਂ ਵੀ ਇਹ ਫਾਰਮ ਨੰਬਰ 6 ਭਰਿਆ ਜਾ ਸਕਦਾ ਹੈ।
ਉਨ੍ਹਾਂ ਸਮੂਹ ਕਾਲਜਾਂ ਅਤੇ ਸਕੂਲਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਦਿਅਕ ਅਦਾਰਿਆਂ ਵਿੱਚ ਲੋਕਤੰਤਰ 'ਚ ਵੋਟਾਂ ਦੀ ਮਹੱਤਵ ਵਿਸ਼ੇ ਤੇ ਆਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਦੇ ਭਾਸ਼ਣ/ਪੇਂਟਿੰਗ/ਡਰਾਇੰਗ, ਕੁਇਜ਼, ਸਲੋਗਨ, ਮਹਿੰਦੀ ਆਦਿ ਮੁਕਾਬਲੇ ਕਰਵਾਉਣ ।ਸਕੂਲਾਂ 'ਚ ਆਫ਼ਲਾਈਨ / ਆਨ ਲਾਇਨ ਕਲਾਸ ਸਮੇਂ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਵੋਟ ਦੀ ਮਹੱਤਵ ਬਾਰੇ ਜਾਗਰੂਕ ਕਰਨ ਨੂੰ ਯਕੀਨੀ ਬਣਾਉਣ ।