ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ; 21ਵੇਂ ਦਿਨ ਵੀ ਟੈਂਕੀ ਉਪਰ ਡਟੇ ਰਹੇ ਬੇਰੁਜ਼ਗਾਰ ਅਧਿਆਪਕ
ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਦੇ ਰਹੀ ਹੈ ਮੰਤਰੀ ਦੇ ਰਿਸ਼ਤੇਦਾਰਾਂ ਨੂੰ ਰੁਜਗਾਰ: ਦੀਪਕ ਕੰਬੋਜ
ਦਲਜੀਤ ਕੌਰ ਭਵਾਨੀਗੜ੍ਹ
ਖਰੜ, 10 ਨੰਵਬਰ, 2021: ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਸੂਬਾ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਰੁਜ਼ਗਾਰ ਨਾ ਦੇਣ ਕਾਰਨ ਅੱਜ ਇੱਥੇ ਟੈਂਕੀ ਦੇ ਹੇਠਾਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। ਉੱਥੇ ਹੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਖਰੜ ਦੇ ਦੇਸੂਮਾਜਰਾ ਵਿੱਚ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ 21ਵੇੰ ਦਿਨ ਵੀ ਟੈਂਕੀ ਦੇ ਉੱਪਰ ਡਟੇ ਰਹੇ।
ਇਸ ਮੌਕੇ ਮਰਨ ਵਰਤ ਤੇ ਬੈਠੇ ਬਲਵਿੰਦਰ ਸਿੰਘ ਫਿਰੋਜ਼ਪੁਰ ਨੇ ਕਿਹਾ ਕਿ ਜਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਪੰਜਾਬ ਸਰਕਾਰ ਨਹੀਂ ਮੰਨਦੀ ਉਦੋਂ ਤੱਕ ਮਰਨ ਵਰਤ ਜਾਰੀ ਰਹੇਗਾ।
ਇਸ ਮੌਕੇ ਮੌਜੂਦ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਮਨੀ ਸੰਗਰੂਰ ਅਤੇ ਜੱਗਾ ਬੋਹਾ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਪੰਜ ਸਾਲਾਂ ਤੋਂ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸਰਕਾਰ ਸਰਕਾਰੀ ਅਦਾਰਿਆਂ ਨੂੰ ਨਿੱਜੀਕਰਨ ਰਾਹੀਂ ਸਰਕਾਰੀ ਅਦਾਰਿਆਂ ਨੂੰ ਖ਼ਤਮ ਕਰਨ ਤੇ ਲੱਗੀ ਹੋਈ ਹੈ।
ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਚ ਕਾਂਗਰਸ ਸਰਕਾਰ ਨੇ ਹਜ਼ਾਰਾਂ ਦੀ ਗਿਣਤੀ ਵਿਚ ਖਾਲੀ ਪਈਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਲਗਾਤਾਰ ਰੁਜ਼ਗਾਰ ਦੇਣ ਦੀ ਬਜਾਏ ਰੁਜ਼ਗਾਰ ਖ਼ਤਮ ਕਰਨ ਦੀ ਨੀਤੀ ਤੇ ਲੱਗੀ ਹੋਈ ਹੈ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਤਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਤਾਂ ਡਾਂਗਾਂ ਝੂਠੇ ਪਰਚੇ ਦੇ ਰਹੀ ਅਤੇ ਦੂਜੇ ਪਾਸੇ ਮੰਤਰੀਆਂ ਦੇ ਰਿਸ਼ਤੇਦਾਰਾਂ ਨੂੰ ਜਿਨ੍ਹਾਂ ਰੁਜ਼ਗਾਰ ਦੀ ਲੋਡ਼ ਵੀ ਨਹੀਂ ਉਨ੍ਹਾਂ ਨੂੰ ਰੁਜ਼ਗਾਰ ਦੇ ਰਹੀ ਹੈ ਜੋ ਕਿ ਯੋਗਤਾ ਰੱਖਦੇ ਨੌਜਵਾਨਾਂ ਨਾਲ ਬਿਲਕੁਲ ਧੱਕਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਅਧਿਆਪਕ ਗੁਰਪ੍ਰੀਤ ਫਾਜ਼ਿਲਕਾ, ਕੁਲਵਿੰਦਰ, ਲਾਡੀ ਮਾਨਸਾ, ਰਾਜ ਕੁਮਾਰ, ਰਵਿੰਦਰ ਅਬੋਹਰ, ਜਤਿੰਦਰ ਕੌਰ ਅਮ੍ਰਿੰਤਸਰ, ਰਾਜ ਕੁਮਾਰ ਮਾਨਸਾ, ਗੁਰਪ੍ਰੀਤ ਕੰਬੋਜ, ਗੁਰਦੀਪ ਮਾਨਸਾ ਤੇ ਦਿਲਪ੍ਰੀਤ ਸੰਗਰੂਰ ਮੌਜੂਦ ਰਹੇ।