ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਐਮ.ਪੀ ਮਨੀਸ਼ ਤਿਵਾੜੀ
ਦਿੱਲੀ ਦੇ ਹੁਕਮਰਾਨਾਂ ਨੂੰ ਸਮਝ ਦੇਣ ਲਈ ਵੀ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ
ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਤਿਵਾੜੀ ਨੇ ਦਿੱਲੀ ਦੇ ਹੁਕਮਰਾਨਾਂ ਨੂੰ ਸਮਝ ਦੇਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਵੀ ਅਦਾ ਕੀਤਾ, ਜਿਨ੍ਹਾਂ ਨੇ ਕਿਸਾਨੀ ਦੇ ਤਿੰਨੋਂ ਕਾਲੇ ਕਾਨੂੰਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੇ ਲੰਬੇ ਸੰਘਰਸ਼ ਨੂੰ ਸਫ਼ਲਤਾ ਮਿਲੀ ਤੇ ਹੰਕਾਰੀ ਸਰਕਾਰ ਝੁਕ ਗਈ। ਅੱਜ ਗੁਰੂਪੁਰਬ ਦੇ ਪਵਿੱਤਰ ਮੌਕੇ 'ਤੇ ਤਿੰਨ ਕਾਲੇ ਖੇਤੀ ਕਾਨੂੰਨ ਸਰਕਾਰ ਨੂੰ ਵਾਪਸ ਲੈਣਾ ਪਿਆ। ਜਿਸ ਲਈ ਉਹ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦੇ ਹਨ ਅਤੇ ਇਸ ਤੋਂ ਇਹ ਵੀ ਸਾਬਤ ਹੁੰਦਾ ਹੈ ਕਿ ਜਦੋਂ ਲੋਕ ਇਕਜੁੱਟ ਹੋ ਜਾਂਦੇ ਹਨ, ਤਾਂ ਸਰਕਾਰਾਂ ਨੂੰ ਉਨ੍ਹਾਂ ਅੱਗੇ ਝੁਕਣਾ ਪੈਂਦਾ ਹੈ।
ਜਿੱਥੇ ਉਨ੍ਹਾਂ ਨਾਲ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਤੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਵੀ ਮੌਜੂਦ ਰਹੇ।