*ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਵਿੱਤ ਮੰਤਰੀ ਦਾ ਫੂਕਿਆ ਪੁਤਲਾ*
*ਪੈਨਸ਼ਨਰਾਂ ਦੇ ਨੋਟੀਫਿਕੇਸ਼ਨ ਵਿੱਚ ਪੈਨਸ਼ਨਰਾਂ ਨਾਲ ਕੀਤਾ ਵੱਡਾ ਧੋਖਾ*
*13 ਨਵੰਬਰ ਨੂੰ ਵਿੱਤ ਮੰਤਰੀ ਦਾ ਕਰਾਂਗੇ ਘਿਰਾਓ - ਦੌਡ਼ਕਾ*
*ਝੂਠੇ ਪਰਚੇ ਦਰਜ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ*
ਨਵਾਂ ਸ਼ਹਿਰ : 06 ਨਵੰਬਰ ( ) ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੇ ਪੰਜਾਬ ਸਰਕਾਰ ਦੇ ਵੱਖ ਵੱਖ ਮੰਤਰੀਆਂ ਦੀ ਬਣੀ ਸਹਿਮਤੀ ਦੇ ਬਾਵਜੂਦ ਵਿੱਤ ਮੰਤਰੀ ਵੱਲੋਂ ਵਾਰ ਵਾਰ ਅੜਿਕਾ ਬਣਨ ਕਾਰਨ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਰੈਲੀਆਂ ਕਰਕੇ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਦੇ ਦਿੱਤੇ ਗਏ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਮੁਕੰਦ ਲਾਲ, ਨਰਿੰਦਰ ਕੁਮਾਰ ਮਹਿਤਾ ਦੀ ਅਗਵਾਈ ਵਿੱਚ ਰੋਸ ਰੈਲੀ ਕਰਨ ਉਪਰੰਤ ਜੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ।
ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੁਲਦੀਪ ਸਿੰਘ ਦੌੜਕਾ, ਰਾਮ ਲਾਲ, ਜਸਵਿੰਦਰ ਔਜਲਾ, ਸੁੱਚਾ ਰਾਮ, ਜੀਤ ਰਾਮ, ਭਲਵਿੰਦਰ ਪਾਲ, ਸੁਰੇਸ਼ ਕਮਾਰ, ਰਾਮ ਪਾਲ, ਦਲਜੀਤ ਸਿੰਘ ਸੁੱਜੋਂ ਆਦਿ ਨੇ ਪੰਜਾਬ ਸਰਕਾਰ ਨਾਲ ਵਾਰ-ਵਾਰ ਮੀਟਿੰਗਾਂ ਵਿੱਚ ਬਣੀ ਸਹਿਮਤੀ ਦੇ ਬਾਵਜੂਦ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਵਤੀਰਾ ਅਪਨਾਉਣ ਦੀ ਜੋਰਦਾਰ ਨਿਖੇਧੀ ਕੀਤੀ ਗਈ। ਉਨ੍ਹਾਂ ਪੈਨਸ਼ਨਰਾਂ ਲਈ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਪੈਨਸ਼ਨ ਰਿਵਾਈਜ਼ ਨਾ ਕਰਕੇ ਸਿਰਫ਼ 15% ਵਾਧਾ ਦੇਣ ਨਾਲ ਪੈਨਸ਼ਨਰਾਂ ਨਾਲ ਵੱਡਾ ਧੋਖਾ ਕਰਨ ਦੀ ਵੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਮਹਿਸੂਸ ਕੀਤਾ ਜਾਂਦਾ ਹੈ ਕਿ ਪੰਜਾਬ ਦਾ ਖ਼ਜਾਨਾ ਖਾਲੀ ਹੈ ਦਾ ਸਦਾ ਬਹਾਰ ਰਾਗ ਅਲਾਪਣ ਵਾਲਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਅੜੀਅਲ ਵਤੀਰਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਵਿੱਚ ਸਭ ਤੋਂ ਵੱਡਾ ਅੜਿੱਕਾ ਹੈ।ਪਿਛਲੇ ਦਿਨੀ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨਾਲ ਸਾਂਝੇ ਫਰੰਟ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਉਹਨਾਂ ਸਹਿਮਤੀ ਦਿੱਤੀ ਸੀ ਕਿ ਡੀ.ਏ.113% ਦੀ ਬਜਾਏ 119% ਦੇ ਹਿਸਾਬ ਨਾਲ ਪੇ-ਕਮਿਸ਼ਨ ਦੀ ਰਿਪੋਰਟ ਬਣਦੀ ਹੈ, ਵਾਧੇ ਬਾਰੇ ਵੀ ਸਹਿਮਤੀ ਬਣੀ ਸੀ। ਮੁਲਾਜ਼ਮਾਂ ਦੇ ਲਗਾਤਾਰ ਸੰਘਰਸ਼ ਦੇ ਦਬਾਓ ਅਧੀਨ 11% ਡੀ.ਏ. ਦੇ ਵਾਧੇ ਦਾ ਨੋਟੀਫਿਕੇਸ਼ਨ ਕਰਨ ਸਮੇਂ ਪੈਨਸ਼ਨਰਾਂ ਨੂੰ 11% ਡੀ.ਏ. ਦੇਣ ਦਾ ਕੋਈ ਵੀ ਜ਼ਿਕਰ ਨਹੀਂ ਕੀਤਾ ਅਤੇ 119% ਦੇ ਡੀ.ਏ. ਦਾ ਅਜੇ ਤੱਕ ਵੀ ਨੋਟੀਫਿਕੇਸ਼ਨ ਨਹੀਂ ਕੀਤਾ। ਇਸ ਤੋਂ ਸਾਬਤ ਹੁੰਦਾ ਹੈ ਕਿ ਪੇ-ਕਮਿਸ਼ਨ ਦੇ ਬਾਰੇ ਸਰਕਾਰ ਦੀ ਨੀਅਤ ਸਾਫ ਨਹੀਂ ਹੈ। ਪੰਜਾਬ ਦੇ ਮੁਲਾਜ਼ਮਾਂ ਵਲੋਂ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਅਤੇ ਆਗੂਆਂ ਨਾਲ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਸਮੂਹ ਵਰਗਾਂ ਦੇ ਮੁਲਾਜ਼ਮਾਂ ਨੂੰ ਪੂਰੇ ਗਰੇਡਾਂ ਵਿੱਚ ਰੈਗੂਲਰ ਕਰਨ ਬਾਰੇ, 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ, ਮਾਣ ਭੱਤਾ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ ਮਿਹਨਤਾਨਾ ਦੇਣ ਬਾਰੇ, ਮੁੱਢਲੀ ਤਨਖ਼ਾਹ ਤੇ ਨਿਯੁਕਤੀ ਦਾ ਨੋਟੀਫਿਕੇਸ਼ਨ ਰੱਦ ਕਰਨ, ਜੁਲਾਈ 2020 ਤੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨ, ਮੀਟਿੰਗਾਂ ਵਿੱਚ ਆਗੂਆਂ ਵਲੋਂ ਦਿੱਤੇ ਗਏ ਸੁਝਾਵਾਂ ਅਨੁਸਾਰ ਪੰਜਵੇਂ ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਦਿਆਂ ਪੇ-ਕਮਿਸ਼ਨ ਦੀ ਰਿਪੋਰਟ ਨੂੰ ਸੋਧ ਕੇ ਲਾਗੂ ਕਰਨ, ਪੈਨਸ਼ਨਰਾਂ ਦੇ ਨੋਟੀਫਿਕੇਸ਼ਨ ਸੋਧ ਕੇ ਲਾਗੂ ਕਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਰੋਡਵੇਜ਼ ਵਿੱਚ ਕਰਜਾ ਮੁਕਤ ਬੱਸਾਂ ਨੂੰ ਸਟਾਫ਼ ਸਮੇਤ ਰੋਡਵੇਜ਼ ਵਿੱਚ ਸ਼ਾਮਲ ਕਰਨ, ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਦੇ ਹੋਏ ਯੋਗ ਰੋਜਗਾਰ ਦੇਣ, ਖਾਲੀ ਪੋਸਟਾਂ ਨੂੰ ਪੂਰੇ ਗਰੇਡ ਤੇ ਭਰਨ, ਮਾਣ ਭੱਤਾ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ ਆਦਿ ਮੰਗਾਂ ਨੂੰ ਹੱਲ ਕਰਨ ਦੀ ਮੰਗ ਕੀਤੀ।
ਆਗੂਆਂ ਨੇ ਸਮੂਹ ਮੁਲਾਜ਼ਮਾਂ ਨੂੰ 13 ਨਵੰਬਰ ਦੀ ਵਿੱਤ ਮੰਤਰੀ ਦੇ ਹਲਕੇ ਦੀ ਬਠਿੰਡਾ ਰੈਲੀ, ਪੰਜਾਬ ਬਚਾਓ ਸੰਯੁਕਤ ਮੋਰਚਾ ਦੀ 28 ਨਵੰਬਰ ਦੀ ਲੁਧਿਆਣਾ ਵਿਸ਼ਾਲ ਰੈਲੀ ਅਤੇ ਸਮੂਹ ਮੁਲਾਜ਼ਮ ਮੰਗਾਂ ਦੀ ਪੂਰਤੀ ਹੋਣ ਤੱਕ ਮੋਰਿੰਡਾ ਵਿਖੇ 16/10/2021 ਤੋਂ ਚੱਲ ਰਹੇ ਪੱਕੇ ਮੋਰਚੇ ਨੂੰ ਕਾਮਯਾਬੀ ਨਾਲ ਚਲਾਉਣ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਹਰ ਸਮੇਂ ਤਿਆਰ ਰਹਿਣ ਦੀ ਅਪੀਲ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਮੋਰਿੰਡਾ ਪੱਕਾ ਮੋਰਚਾ ਜਾਰੀ ਰਹੇਗਾ ਅਤੇ ਇਸ ਦਾ ਭਾਰੀ ਖਮਿਆਜ਼ਾ ਪੰਜਾਬ ਸਰਕਾਰ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਰੈਲੀ ਦੇ ਅੰਤ ਵਿੱਚ ਵਿੱਤ ਮੰਤਰੀ ਪੰਜਾਬ ਦਾ ਪੁੱਤਲਾ ਫੂਕ ਕੇ ਜੋਰਦਾਰ ਪਿੱਟ ਸਿਆਪਾ ਵੀ ਕੀਤਾ।
ਆਗੂਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਮਿਤੀ 13 ਨਵੰਬਰ ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਪੰਜਾਬ ਦੇ ਹਲਕੇ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ।
ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ
ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ