ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਮਸਲੇ ਹੱਲ ਨਾ ਹੋਣ ਦੀ ਸੂਰਤ 'ਚ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਰੇਲਾਂ ਜਾਮ ਕਰਨ ਐਲਾਨ
ਪਿੰਡ-ਪਿੰਡ ਪੰਜਾਬ ਸਰਕਾਰ ਦੀਆਂ ਅਰਥੀਆਂ ਸਾਡ਼ਨ ਦਾ ਫ਼ੈਸਲਾ
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 21 ਨਵੰਬਰ, 2021: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ 23 ਨਵੰਬਰ ਨੂੰ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨਾਲ ਹੋਣ ਵਾਲੀ ਪੈਨਲ ਮੀਟਿੰਗ ਦੀ ਤਿਆਰੀ ਸਬੰਧੀ ਹੋਈ ਸੂਬਾਈ ਮੀਟਿੰਗ ਦੌਰਾਨ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੈਨਲ ਮੀਟਿੰਗ ਵਿੱਚ ਮਜ਼ਦੂਰ ਮਸਲਿਆਂ ਦਾ ਢੁਕਵਾਂ ਹੱਲ ਕੀਤਾ ਜਾਵੇਗਾ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਜੇਕਰ ਮੁੱਖ ਮੰਤਰੀ ਨਾਲ਼ ਮੀਟਿੰਗ ਦੌਰਾਨ ਬੇਘਰਿਆਂ ਨੂੰ ਪਲਾਟ ਦੇਣ, ਕੱਟੇ ਪਲਾਟਾਂ ਦਾ ਕਬਜ਼ਾ ਦੇਣ, ਬਿਜਲੀ ਦੇ ਪੁੱਟੇ ਮੀਟਰ ਬਿਨਾਂ ਸ਼ਰਤ ਜੋੜਨ, ਨਰਮਾ ਖਰਾਬੇ ਦਾ ਮਜ਼ਦੂਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ, ਕਰਜ਼ਾ ਮੁਆਫ਼ੀ, ਰੁਜ਼ਗਾਰ ਗਰੰਟੀ, ਸਰਵ ਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਠੇਕੇ 'ਤੇ ਦੇਣ ਦੀ ਗਰੰਟੀ ਕਰਨ ਅਤੇ ਦਲਿਤਾਂ 'ਤੇ ਜ਼ਬਰ ਬੰਦ ਕਰਨ ਵਰਗੇ ਮਸਲਿਆਂ ਦਾ ਸਮਾਂ ਬੱਧ ਨਿਪਟਾਰਾ ਨਾ ਕੀਤਾ ਗਿਆ ਤਾਂ ਮਜ਼ਦੂਰ ਜਥੇਬੰਦੀਆਂ ਵੱਲੋਂ 13 ਦਸੰਬਰ ਨੂੰ ਪੰਜਾਬ ਭਰ 'ਚ 12 ਤੋਂ 3 ਵਜੇ ਤੱਕ ਰੇਲਵੇ ਲਾਈਨਾਂ ਜਾਮ ਕੀਤੀਆਂ ਜਾਣਗੀਆਂ ਅਤੇ ਇਸ ਦੀ ਤਿਆਰੀ ਵਿੱਚ 7 ਤੋਂ 9 ਦਸੰਬਰ ਤੱਕ ਪੰਜਾਬ ਵਿੱਚ ਪਿੰਡ-ਪਿੰਡ ਵਿੱਚ ਚੰਨੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਤਰਸੇਮ ਪੀਟਰ, ਦੇਵੀ ਕੁਮਾਰੀ, ਭਗਵੰਤ ਸਿੰਘ ਸਮਾਓ, ਪ੍ਰਗਟ ਸਿੰਘ ਕਾਲਾਝਾੜ , ਦਰਸ਼ਨ ਨਾਹਰ, ਸੰਜੀਵ ਮਿੰਟੂ, ਲਛਮਣ ਸਿੰਘ ਸੇਵੇਵਾਲਾ, ਬਲਦੇਵ ਸਿੰਘ ਨੂਰਪੁਰੀ ਤੇ ਕਸ਼ਮੀਰ ਸਿੰਘ ਘੁੱਗਸੋ਼ਰ ਵੱਲੋਂ ਇਹ ਜਾਣਕਾਰੀ ਮੀਟਿੰਗ ਉਪਰੰਤ ਜਾਰੀ ਦਿੱਤੀ ਗਈ।
________________________________________
ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਭਖ਼ਦੀਆਂ ਤੇ ਅਹਿਮ ਮੰਗਾਂ ਦੇ ਹੱਲ ਲਈ ਬਿਆਨਬਾਜ਼ੀ ਕਰਨ ਤੋਂ ਇਲਾਵਾ ਇਹਨਾਂ ਦੇ ਹੱਲ ਲਈ ਅਮਲੀ ਪੱਧਰ ਉੱਤੇ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਆਖਿਆ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਉਪਰੋਕਤ ਮੰਗਾਂ ਤੋਂ ਇਲਾਵਾ ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਤੇ ਨੌਕਰੀ, ਮਨਰੇਗਾ ਤਹਿਤ ਪੂਰੇ ਪਰਿਵਾਰ ਨੂੰ ਸਾਲ ਭਰ ਦਾ ਰੁਜ਼ਗਾਰ ਦੇਣ, ਮਨਰੇਗਾ ਦਿਹਾੜੀ 600 ਰੁਪਏ ਕਰਨ, ਪੈਨਸ਼ਨ ਦੀ ਰਕਮ ਪੰਜ ਹਜ਼ਾਰ ਰੁਪਏ ਮਹੀਨਾ ਕਰਨ ਅਤੇ ਬੁਢਾਪਾ ਪੈਨਸ਼ਨ ਲਈ ਉਮਰ ਦੀ ਹੱਦ ਘਟਾਕੇ ਔਰਤਾਂ ਲਈ 55 ਸਾਲ ਅਤੇ ਮਰਦਾਂ ਲਈ 58 ਸਾਲ ਕਰਨ ਆਦਿ ਮੰਗਾਂ ਦੀ ਪੂਰਤੀ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਮਜ਼ਦੂਰ ਤੇ ਦਲਿਤ ਵਿਰੋਧੀ ਰਵੱਈਏ ਦੇ ਚਲਦਿਆਂ ਮਜ਼ਦੂਰ ਸੰਘਰਸ਼ ਦੇ ਜ਼ੋਰ ਮਜ਼ਦੂਰਾਂ ਨੂੰ ਪਲਾਟ ਦੇਣ ਅਤੇ ਬਿਜਲੀ ਦੇ ਪੁੱਟੇ ਮੀਟਰ ਜੋੜਨ ਦੀ ਮੰਗ ਪ੍ਰਵਾਨ ਕਰਨ ਦੇ ਬਾਵਜੂਦ ਨਾਂ ਮੀਟਰ ਜੋੜੇ ਜਾ ਰਹੇ ਅਤੇ ਨਾ ਹੀ ਮਜ਼ਦੂਰਾਂ ਨੂੰ ਪਲਾਟ ਅਲਾਟ ਕੀਤੇ ਗਏ। ਉਨ੍ਹਾਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ ਕੀਤਾ।