ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਸੌਂਪਿਆ ਮੰਗ ਪੱਤਰ
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਪੋਸਟਾਂ ਨੂੰ ਜਲਦੀ ਪੂਰਾ ਕੀਤਾ ਜਾਵੇ: ਜਰਨੈਲ ਨਾਗਰਾ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 21 ਨੰਵਬਰ, 2021: ਰੁਜ਼ਗਾਰ ਦੀ ਮੰਗ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਲਗਾਤਾਰ ਇੱਕ ਮਹੀਨੇ ਤੋਂ ਦੇਸੂਮਾਜਰਾ ਵਿਖੇ ਟੈਂਕੀ ਦੇ ਉੱਪਰ ਤੇ ਨੀਚੇ ਡਟੇ ਹੋਏ ਹਨ, ਪਰ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਨਿੱਤ ਮੀਟਿੰਗਾਂ ਵਿੱਚ ਲਾਰੇ ਦਿੱਤੇ ਜਾ ਰਹੇ ਹਨ।
ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਕਾਂਗਰਸ ਦੇ ਕੈਬਨਿਟ ਮੰਤਰੀਆਂ ਤੇ ਕਾਂਗਰਸੀ ਐੱਮ ਐੱਲ ਏ ਨੂੰ ਮੰਗ ਪੱਤਰ ਸੌਂਪੇ ਗਏ। ਜਿਸ ਦੌਰਾਨ ਅੱਜ ਸੰਗਰੂਰ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਅੱਜ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਮੰਗ ਪੱਤਰ ਦੇਣ ਪਹੁੰਚੇ, ਜਿਸ ਤੋਂ ਬਾਅਦ ਉਨ੍ਹਾਂ ਦੇ ਪੀਏ ਕੁਲਵੰਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ ਜਿਸ ਤੋਂ ਬਾਅਦ ਉਹਨਾਂ ਵੱਲੋਂ ਭਰੋਸੇ ਦਿੱਤਾ ਗਿਆ ਕਿ ਉਹ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਗੱਲ ਕਰਕੇ ਉਨ੍ਹਾਂ ਦੇ ਮਸਲੇ ਨੂੰ ਜਲਦ ਹੱਲ ਕਰਾਉਣਗੇ।
ਅੱਜ ਇੱਥੇ ਮੰਗ ਪੱਤਰ ਸੌਂਪਣ ਉਪਰੰਤ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਜਲਦ ਹੱਲ ਨਹੀਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ 'ਚ ਹਰ ਥਾਂ ਕਾਂਗਰਸੀ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ ਤੇ ਆਉਣ ਵਾਲੇ ਸਮੇਂ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ, ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਜਰਨੈਲ ਸੰਗਰੂਰ, ਪਰਵਿੰਦਰ ਧੂਰੀ, ਰਣਜੀਤ ਬਾਵਾ, ਹਰਵਿੰਦਰ ਸਿੰਘ, ਜਗਦੀਪ ਪਾਪੜਾ, ਬਲਕਾਰ ਸਿੰਘ, ਰਣਜੀਤ ਕੌਰ ਤੇ ਕੁਲਦੀਪ ਚਹਿਲ ਨੇ ਕਿਹਾ ਕਿ ਕਿ ਕਾਂਗਰਸ ਸਰਕਾਰ ਜਿਹੜੀ ਘਰ-ਘਰ ਨੌਕਰੀ ਦੇ ਵਾਅਦੇ ਨੂੰ ਲੈ ਕੇ ਸੱਤਾ ਵਿੱਚ ਆਈ ਸੀ। ਅੱਜ ਸਰਕਾਰ ਦਾ ਜਾਣ ਦਾ ਸਮਾਂ ਵੀ ਆ ਚੁੱਕਿਆ ਹੈ, ਪਰ ਕਾਂਗਰਸ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਬੇਰੁਜ਼ਗਾਰਾਂ ਦੀ ਆਵਾਜ਼ ਨੂੰ ਦਬਾਉਣ ਲਈ ਨਿੱਤ ਡਾਗਾਂ ਨਾਲ ਕੁੱਟਿਆ, ਝੂਠੇ ਪਰਚੇ ਦਰਜ ਕੀਤੇ ਤੇ ਟੈਂਕੀ ਤੇ ਚੜ੍ਹਨ ਲਈ ਮਜਬੂਰ ਕੀਤਾ ਹੈ।
ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਨਾ ਨਿਕਲਣ ਕਰਕੇ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਉਮਰ ਹੱਦ ਨੂੰ ਪਾਰ ਕਰ ਚੁੱਕੇ ਹਨ ਤੇ ਸਰਕਾਰ ਵੱਲੋਂ ਉਨ੍ਹਾਂ ਨੌਜਵਾਨਾਂ ਉਮਰ ਹੱਦ ਦੇ ਵਿੱਚ ਛੋਟ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਇੱਕ ਮੌਕਾ ਦਿੱਤਾ ਜਾਵੇ।