ਲੁਧਿਆਣਾ, 22 ਨਵੰਬਰ 2021: ਕੇਬਲ ਮਾਫੀਏ ਦੇ ਖਿਲਾਫ਼ ਜੰਗ
ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ
ਅੱਜ ਕੇਬਲ ਟੀ.ਵੀ. ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ
ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ ਭਰ ਵਿਚ ਕੇਬਲ ਦੀ
ਇਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖਤਮ ਕੀਤਾ ਜਾ ਸਕੇ।
ਆਤਮ ਨਗਰ ਹਲਕੇ ਵਿਚ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ
ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ
ਕੇਬਲ ਮਾਫੀਏ ਵੱਲੋਂ ਵਾਧੂ ਦਰਾਂ ਦੀ ਵਸੂਲੀ ਰਾਹੀਂ ਲੋਕਾਂ ਦਾ ਬੇਲੋੜਾ
ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਨੂੰ ਭਵਿੱਖ ਵਿਚ ਹੋਰ ਬਰਦਾਸ਼ਤ
ਨਹੀਂ ਕੀਤਾ ਜਾਵੇਗਾ।
ਸੀਨੀਅਰ ਕਾਂਗਰਸੀ ਨੇਤਾ ਕਮਲਜੀਤ ਸਿੰਘ ਕੜਵਲ ਵੱਲੋਂ
ਕਰਵਾਈ ਰੈਲੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ
ਟਰਾਂਸਪੋਰਟ ਅਤੇ ਕੇਬਲ ਦੇ ਅਜਿਹੇ ਸਾਰੇ ਕਾਰੋਬਾਰ ਉਤੇ ਬਾਦਲ
ਪਰਿਵਾਰ ਦੀ ਮਾਲਕੀ ਹੈ ਅਤੇ ਹੁਣ ਲੋਕਾਂ ਨੂੰ ਹਰੇਕ ਮਹੀਨੇ 100
ਰੁਪਏ ਤੋਂ ਵੱਧ ਦੇਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵੀਆਂ ਦਰਾਂ
ਦੀ ਪਾਲਣਾ ਨਾ ਕਰਨ ਵਾਲਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ, “ ਜੇਕਰ ਤੁਹਾਨੂੰ ਕੋਈ ਤੰਗ-ਪ੍ਰੇਸ਼ਾਨ ਕਰਦਾ ਹੈ
ਤਾਂ ਮੈਨੂੰ ਦੱਸੋ।” ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸਾਰੇ ਗੈਰ-
ਕਾਨੂੰਨੀ ਬੱਸ ਪਰਮਿਟ ਰੱਦ ਕੀਤੇ ਜਾਣਗੇ ਅਤੇ ਬਦਲੇ ਵਿਚ
ਬੇਰੁਜ਼ਗਾਰ ਨੌਜਵਾਨਾਂ ਨੂੰ ਨਵੇਂ ਪਰਮਿਟ ਅਲਾਟ ਕੀਤੇ ਜਾਣਗੇ।
ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਅਗਲੇ 10 ਦਿਨਾਂ ਵਿਚ
ਮਿਊਂਸਪਲ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿਚ ਸਾਰੇ ਸਫਾਈ ਸੇਵਕਾਂ
ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਅਤੇ ਇਸ ਲਈ 10
ਸਾਲ ਦੀ ਸੇਵਾ ਦੀ ਕੋਈ ਸ਼ਰਤ ਨਹੀਂ ਹੋਵੇਗੀ। ਇਸ ਤੋਂ ਇਲਾਵਾ
ਭਰਤੀ ਲਈ ਠੇਕੇਦਾਰੀ ਵਿਵਸਥਾ ਨੂੰ ਵੀ ਖਤਮ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਗਰੀਬ ਲੋਕਾਂ ਦੀ
ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ
ਪੂਰਨ ਤੌਰ ਉਤੇ ਵਚਨਬੱਧ ਹੈ।