ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਬਾਦਲ ਪਰਿਵਾਰ ਨਾਲ ਸਬੰਧਤ ਔਰਬਿਟ ਬੱਸਾਂ ਨੂੰ ਜ਼ਬਤ ਕਰਨ ਅਤੇ ਮੰਤਰੀ ਵੱਲੋਂ ਲਾਇਸੈਂਸ ਰੱਦ ਕਰਨ ਦੇ ਫੈਸਲੇ ਨੂੰ ਬਦਲੇ ਦੀ ਕਾਰਵਾਈ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਔਰਬਿਟ ਬੱਸ ਕੰਪਨੀ ਦੀਆਂ ਸਾਰੀਆਂ ਬੱਸਾਂ ਨੂੰ ਜਾਰੀ ਕਰਨ, ਪਰਮਿਟ ਮੁੜ ਜਾਰੀ ਕਰਨ ਅਤੇ ਜਿਨ੍ਹਾਂ ਰੂਟਾਂ 'ਤੇ ਬੱਸਾਂ ਚੱਲ ਰਹੀਆਂ ਸਨ, ਉਨ੍ਹਾਂ 'ਤੇ ਮੁੜ ਚਲਾਉਣ ਦੇ ਹੁਕਮ ਦਿੱਤੇ ਗਏ ਹਨ।
ਬਚਾਅ ਪੱਖ ਦੇ ਵਕੀਲ ਪੁਨੀਤ ਬਾਲੀ ਅਨੁਸਾਰ ਇਹ ਕਾਰਵਾਈ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਟੈਕਸ ਜਮ੍ਹਾ ਕਰਵਾਉਣ ਵਿੱਚ ਦੇਰੀ ਦੇ ਮੁੱਦੇ ’ਤੇ ਕੀਤੀ ਗਈ ਹੈ। ਔਰਬਿਟ ਕੰਪਨੀ ਦੀ ਅਪੀਲ 'ਤੇ ਟੈਕਸ ਕਿਸ਼ਤਾਂ 'ਚ ਜਮ੍ਹਾ ਕਰਵਾਉਣ ਦੀ ਮਨਜ਼ੂਰੀ ਦਿੱਤੀ ਗਈ ਅਤੇ ਸਮੇਂ ਸਿਰ ਇਕ ਕਿਸ਼ਤ ਵੀ ਜਮ੍ਹਾ ਕਰਵਾ ਦਿੱਤੀ ਗਈ। ਇਸ ਦੇ ਨਾਲ ਹੀ ਬਾਕੀ ਦਾ ਟੈਕਸ ਜਮ੍ਹਾ ਕਰਵਾਉਣ ਲਈ ਦਫਤਰ ਵੀ ਪਹੁੰਚ ਕੀਤੀ ਪਰ ਸਰਵਰ ਡਾਊਨ ਹੋਣ ਕਾਰਨ ਅਜਿਹਾ ਨਾ ਹੋ ਸਕਿਆ ਅਤੇ ਟਰਾਂਸਪੋਰਟ ਮੰਤਰੀ ਨੇ ਇਹ ਕਾਰਵਾਈ ਕੀਤੀ।