ਦਿੱਲੀ 9 ਦਸੰਬਰ
ਦਿੱਲੀ ਬਾਰਡਰ 'ਤੇ ਇਕ ਸਾਲ 14 ਦਿਨਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਅੱਜ ਸ਼ਾਮ ਨੂੰ ਖਤਮ ਹੋ ਜਾਵੇਗਾ। ਇਸ ਦੇ ਲਈ ਕਿਸਾਨ ਜਥੇਬੰਦੀਆਂ ਦੀ ਸਹਿਮਤੀ ਬਣ ਚੁੱਕੀ ਹੈ। ਕੇਸ ਵਾਪਸ ਲੈਣ ਸਮੇਤ ਹੋਰ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਨ ਲਈ ਅਧਿਕਾਰਤ ਪੱਤਰ ਵੀ ਮਿਲਿਆ ਹੈ। ਸ਼ਾਮ 5.30 ਵਜੇ ਸਟੇਜ ਤੋਂ ਮੋਰਚਾ ਫਤਹਿ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਕਿਸਾਨਾਂ ਨੇ ਸਿੰਘੂ ਸਰਹੱਦ 'ਤੇ ਟੈਂਟ ਪੁੱਟਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਵਾਪਸੀ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਅੰਦੋਲਨ ਦੀ ਅਗਵਾਈ ਕਰ ਰਹੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਵੀ ਆਪਣਾ ਪ੍ਰੋਗਰਾਮ ਬਣਾ ਲਿਆ ਹੈ। ਜਿਸ ਵਿੱਚ 11 ਦਸੰਬਰ ਨੂੰ ਦਿੱਲੀ ਤੋਂ ਪੰਜਾਬ ਤੱਕ ਫਤਿਹ ਮਾਰਚ ਹੋਵੇਗਾ। ਸਿੰਘੂ ਅਤੇ ਟਿੱਕਰੀ ਬਾਰਡਰ ਤੋਂ ਕਿਸਾਨ ਇਕੱਠੇ ਪੰਜਾਬ ਲਈ ਰਵਾਨਾ ਹੋਣਗੇ। 13 ਦਸੰਬਰ ਨੂੰ ਪੰਜਾਬ ਦੀਆਂ 32 ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣਗੇ। ਉਸ ਤੋਂ ਬਾਅਦ 15 ਦਸੰਬਰ ਨੂੰ ਪੰਜਾਬ ਵਿੱਚ ਕਰੀਬ 116 ਥਾਵਾਂ ’ਤੇ ਲੱਗੇ ਮੋਰਚੇ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਹਰਿਆਣਾ ਦੀਆਂ 28 ਕਿਸਾਨ ਜਥੇਬੰਦੀਆਂ ਨੇ ਵੀ ਵੱਖਰੀ ਰਣਨੀਤੀ ਬਣਾਈ ਹੈ।