ਚੰਡੀਗੜ੍ਹ 9 ਦਸੰਬਰ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਯਾਨੀ ਵੀਰਵਾਰ ਨੂੰ ਹੋ ਰਹੀ ਹੈ। ਇਹ ਮੀਟਿੰਗ ਬਾਅਦ ਦੁਪਹਿਰ 3.30 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਇਸ ਵਿੱਚ ਸੂਬੇ ਦੀਆਂ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਦਾ ਕੋਟਾ ਤੈਅ ਕਰਨ ’ਤੇ ਮੋਹਰ ਲਗਾਈ ਜਾ ਸਕਦੀ ਹੈ। ਸੂਬਾ ਸਰਕਾਰ 75 ਫੀਸਦੀ ਤੋਂ ਵੱਧ ਕੋਟਾ ਤੈਅ ਕਰਨ ਦੀ ਤਿਆਰੀ ਕਰ ਰਹੀ ਹੈ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਹੋਰ ਰਾਜਾਂ ਦੇ ਮੁਕਾਬਲੇ ਰੁਜ਼ਗਾਰ ਦੇ ਵੱਧ ਮੌਕੇ ਮਿਲ ਸਕਣ।
ਤਿੰਨ ਹਫ਼ਤੇ ਪਹਿਲਾਂ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਦਾ ਕੋਟਾ ਤੈਅ ਕਰਨ ਨੂੰ ਲੈ ਕੇ ਚਰਚਾ ਹੋਈ ਸੀ, ਜਿਸ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਗਵਾਈ ਵਿੱਚ ਇੱਕ ਸਬ-ਕਮੇਟੀ ਬਣਾਈ ਗਈ ਸੀ। ਇਸ ਤਹਿਤ ਸਰਕਾਰੀ ਨੌਕਰੀਆਂ ਦੇ ਕਾਨੂੰਨ ਵਿੱਚ ਬਦਲਾਅ ਕੀਤੇ ਜਾਣੇ ਹਨ। ਇਸ ਦੇ ਨਾਲ ਹੀ ਵਿਭਾਗਾਂ ਅਨੁਸਾਰ ਖਾਲੀ ਅਸਾਮੀਆਂ ਦੀ ਸੂਚੀ ਤਿਆਰ ਕੀਤੀ ਜਾਣੀ ਸੀ। ਸਬ-ਕਮੇਟੀ ਕੈਬਨਿਟ ਮੀਟਿੰਗ ਵਿੱਚ ਆਪਣੀ ਰਿਪੋਰਟ ਦੇ ਸਕਦੀ ਹੈ।
ਪੰਜਾਬ ਵਿੱਚ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਅਧਿਆਪਕਾਂ ਤੋਂ ਲੈ ਕੇ ਹਰ ਵਿਭਾਗ ਦੇ ਕੱਚੇ ਮੁਲਾਜ਼ਮ ਸੜਕਾਂ 'ਤੇ ਨਿਕਲੇ ਹਨ। ਬੱਸਾਂ ਵੀ ਜਾਮ ਕਰ ਦਿੱਤੀਆਂ ਗਈਆਂ ਹਨ। ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ 36,000 ਮੁਲਾਜ਼ਮਾਂ ਨੂੰ ਪੱਕਾ ਕਰੇਗੀ। ਹਾਲਾਂਕਿ ਜ਼ਮੀਨੀ ਪੱਧਰ 'ਤੇ ਅਜੇ ਤੱਕ ਇਸ ਦੇ ਕੋਈ ਨਤੀਜੇ ਸਾਹਮਣੇ ਨਹੀਂ ਆ ਰਹੇ ਹਨ। ਅਜਿਹੇ 'ਚ ਕੈਬਨਿਟ ਮੀਟਿੰਗ 'ਚ ਪੰਜਾਬ 'ਚ ਪ੍ਰਦਰਸ਼ਨਾਂ ਨੂੰ ਖਤਮ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੱਕਾ ਕਰਨ ਲਈ ਮੰਥਨ ਹੋ ਸਕਦਾ ਹੈ।