*ਡੀਟੀਐਫ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ*
ਕੰਪਿਊਟਰ ਅਧਿਆਪਕਾਂ ਨੂੰ ਵਿਭਾਗ 'ਚ ਮਰਜ਼ ਕਰਨ ਦੀ ਮੰਗ: ਡੀਟੀਐੱਫ
ਡੀ.ਟੀ.ਐਫ. ਨੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਨਾਲ ਪ੍ਰਗਟਾਈ ਇਕਜੁੱਟਤਾ
11 ਦਸੰਬਰ, ਖਰੜ ( ): ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਮਰਜਿੰਗ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਰਿਹਾਇਸ਼ ਅੱਗੇ ਲੱਗੇ ਧਰਨੇ ਵਿੱਚ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਕਮੇਟੀ ਮੈਂਬਰ ਹਰਿੰਦਰਜੀਤ ਸਿੰਘ ਅਤੇ ਡੀ ਟੀ ਐੱਫ ਮੋਹਾਲੀ ਦੇ ਆਗੂ ਰਮੇਸ਼ ਕੁਮਾਰ ਖਰੜ ਵਲੋਂ ਸ਼ਮੂਲੀਅਤ ਕਰਦਿਆਂ, ਕੰਪਿਊਟਰ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਦਿਨ ਰਾਤ ਸੰਘਰਸ਼ ਦੇ ਮੈਦਾਨ ਵਿਚ ਡਟੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਅਤੇ ਮੰਗਾਂ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ।
ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ, ਸਰਕਾਰੀ ਸਕੂਲਾਂ ਵਿੱਚ ਪੰਦਰਾਂ-ਪੰਦਰਾਂ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ, (ਸਿੱਖਿਆ ਸ਼ਾਖਾ-7) ਵੱਲੋਂ ਸਾਲ 2011 ਵਿੱਚ ਜਾਰੀ ਨੋਟੀਫਿਕੇਸ਼ਨ ਰਾਹੀਂ ਇੰਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਸਨ ਅਤੇ ਸਿਵਲ ਸੇਵਾਵਾਂ ਨਿਯਮਾਵਲੀ ਲਾਗੂ ਕੀਤੀ ਗਈ। ਇਸੇ ਪੱਤਰ ਤਹਿਤ ਪੰਜਵੇਂ ਤਨਖਾਹ ਕਮਿਸ਼ਨ ਅਨੁਸਾਰ ਤਨਖਾਹ ਦੇਣ ਦੇ ਹੁਕਮ ਵੀ ਕੀਤੇ ਗਏ ਸਨ, ਪਰ ਬਾਅਦ ਵਿੱਚ ਇੰਨ੍ਹਾਂ ਮੁਲਾਜ਼ਮਾਂ ਨੂੰ ਤਨਖਾਹ ਕਮਿਸ਼ਨ ਤਹਿਤ ਸਾਲਾਨਾ ਪ੍ਰਵੀਨਤਾ ਸਕੀਮ (ਏ.ਸੀ.ਪੀ.) ਨਹੀਂ ਦਿੱਤਾ ਗਿਆ। ਹੁਣ ਜਦੋਂ ਪੰਜਾਬ ਸਰਕਾਰ ਨੇ ਵਿਭਾਗੀ ਕਰਮਚਾਰੀਆਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲੰਗੜੇ ਲਾਭ ਦੇ ਦਿੱਤੇ ਹਨ, ਪਰ ਕੰਪਿਊਟਰ ਅਧਿਆਪਕਾਂ ਨੂੰ ਇਹ ਲਾਭ ਦੇਣ ਸਬੰਧੀ ਵੀ ਸਪਸ਼ਟ ਨਹੀਂ ਕੀਤਾ ਗਿਆ ਹੈ। ਡੀਟੀਐਫ ਆਗੂਆਂ ਨੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਨਾਲ ਇੱਕਜੁੱਟਤਾ ਪ੍ਰਗਟ ਕਰਦੇ ਹੋਏ, ਪੰਜਾਬ ਸਰਕਾਰ ਤੋਂ ਕੰਪਿਊਟਰ ਅਧਿਆਪਕਾਂ ਨੂੰ ਜਲਦ ਤੋਂ ਜਲਦ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਅਤੇ ਵਿਭਾਗੀ ਮੁਲਾਜ਼ਮਾਂ ਵਾਂਗ ਤਨਖਾਹ ਕਮਿਸ਼ਨ ਅਤੇ ਹੋਰ ਬਣਦੇ ਹੋਰ ਲਾਭ ਦੇਣ ਦੀ ਮੰਗ ਕੀਤੀ।
ਇਸ ਮੌਕੇ ਕੰਪਿਊਟਰ ਅਧਿਆਪਕਾਂ ਦੇ ਆਗੂ ਰਵਿੰਦਰ ਮੰਡੇਰ, ਨਰਿੰਦਰ ਨਿੰਦੀ ਅਤੇ ਜੋਨੀ ਸਿੰਗਲਾ ਵੀ ਮੌਜੂਦ ਰਹੇ।