ਜਲੰਧਰ 23 ਦਸੰਬਰ;
ਡਰਾਈਵਿੰਗ ਲਾਇਸੈਂਸ, ਜਨਮ-ਮੌਤ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਰਿਹਾਇਸ਼, ਆਮਦਨ ਸਰਟੀਫਿਕੇਟ, ਬੁਢਾਪਾ, ਵਿਧਵਾ ਅਤੇ ਅਪੰਗਤਾ ਪੈਨਸ਼ਨ ਜਲੰਧਰ ਡੀਸੀ ਦਫ਼ਤਰ ਤੋਂ ਲੈ ਕੇ ਸਬ-ਡਵੀਜ਼ਨ, ਤਹਿਸੀਲਾਂ ਤੱਕ ਕਿਤੇ ਵੀ ਕੰਮ ਨਹੀਂ ਹੋਵੇਗਾ । ਸਾਰੇ ਦਫ਼ਤਰਾਂ ਦੇ ਮੁਲਾਜ਼ਮ ਕਲਮਾਂ ਛੱਡ ਕੇ ਹੜਤਾਲ ’ਤੇ ਹਨ ਅਤੇ ਸਾਰੇ ਵਿਭਾਗਾਂ ਵਿੱਚ ਕੰਮਕਾਜ ਠੱਪ ਹੋ ਕੇ ਰਹਿ ਜਾਵੇਗਾ। ਮੁਲਾਜ਼ਮਾਂ ਨੇ ਤਨਖਾਹਾਂ ਤੇ ਭੱਤਿਆਂ ਨੂੰ ਲੈ ਕੇ ਹੜਤਾਲ ਕੀਤੀ ਹੈ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਨਵੇਂ ਮੁਲਾਜ਼ਮਾਂ ਨੂੰ ਕਈ ਤਰ੍ਹਾਂ ਦੇ ਭੱਤਿਆਂ ਤੋਂ ਵਾਂਝਾ ਰੱਖਿਆ ਹੋਇਆ ਹੈ। ਪਿਛਲੇ ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਦੇ ਭੱਤੇ ਖੋਹ ਲਏ ਗਏ ਹਨ। ਉਨ੍ਹਾਂ ਨੂੰ ਆਰਥਿਕ ਲਾਭ ਤੋਂ ਵਾਂਝੇ ਰੱਖਣ ਦੇ ਨਾਲ-ਨਾਲ ਸਰਕਾਰ ਆਰਥਿਕ ਨੁਕਸਾਨ ਵੀ ਕਰ ਰਹੀ ਹੈ।
28 ਦਸੰਬਰ ਤੱਕ ਸਭ ਕੁਝ ਠੱਪ ਰਹੇਗਾ
ਇੰਪਲਾਈਜ਼ ਯੂਨੀਅਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਦੇ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਦਿੱਤੇ ਜਾ ਰਹੇ ਭੱਤੇ ਘਟਾ ਦਿੱਤੇ ਗਏ ਹਨ ਅਤੇ ਕੁਝ ਭੱਤੇ ਬੰਦ ਕਰ ਦਿੱਤੇ ਗਏ ਹਨ। ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਤਨਖਾਹ ਕਮਿਸ਼ਨ ਦੇ ਲਾਭਾਂ ਤੋਂ ਵਾਂਝੇ ਰੱਖਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਇਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਹੜਤਾਲ 28 ਦਸੰਬਰ ਤੱਕ ਚੱਲ ਰਹੀ ਹੈ, ਪਰ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ 'ਤੇ ਗੌਰ ਨਾ ਕੀਤਾ ਅਤੇ ਤਨਖ਼ਾਹ-ਭੱਤਿਆਂ ਦਾ ਲਾਭ ਬਹਾਲ ਨਾ ਕੀਤਾ ਤਾਂ ਹੜਤਾਲ ਲੰਮਾ ਸਮਾਂ ਖਿੱਚ ਸਕਦੀ ਹੈ। ਮੁੱਖ ਮੰਤਰੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਮੀਟਿੰਗਾਂ ਵਿੱਚ ਕਈ ਵਾਅਦੇ ਕੀਤੇ ਹਨ, ਪਰ ਉਨ੍ਹਾਂ ਦਾ ਨੋਟੀਫਿਕੇਸ਼ਨ ਅਜੇ ਤੱਕ ਜਾਰੀ ਨਹੀਂ ਹੋਇਆ।