ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ
ਡੀ ਸੀ ਨੇ 25 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ
ਐਸ ਐਸ ਪੀ, ਰਿਟਰਨਿੰਗ ਅਫ਼ਸਰਾਂ ਤੇ ਡੀ ਐਸ ਪੀਜ਼ ਨਾਲ ਕੀਤੀ ਵਿਸਤ੍ਰਿਤ ਮੀਟਿੰਗ
ਆਰ ਓ ਰੂਮ ਵਿੱਚ ਉਮੀਦਵਾਰ ਸਮੇਤ ਸਿਰਫ਼ ਤਿੰਨ ਵਿਅਕਤੀਆਂ ਨੂੰ ਕਾਗਜ਼ ਦਾਖਲ ਕਰਨ ਦੀ ਇਜਾਜ਼ਤ ਹੋਵੇਗੀ
ਨਾਮਜ਼ਦਗੀ ਕਰਨ ਆਏ ਕਿਸੇ ਵੀ ਵਿਅਕਤੀ ਨੂੰ ਆਰ ਓ ਰੂਮ ਦੇ ਅੰਦਰ ਮੋਬਾਈਲ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ
ਨਵਾਂਸ਼ਹਿਰ, 24 ਜਨਵਰੀ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ (25 ਜਨਵਰੀ) ਤੋਂ ਸ਼ੁਰੂ ਹੋਣ ਵਾਲੀ ਵਿਧਾਨ ਸਭਾ ਚੋਣਾਂ ਦੀ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਅੱਜ ਐਸ ਐਸ ਪੀ ਕੰਵਰਦੀਪ ਕੌਰ, ਰਿਟਰਨਿੰਗ ਅਫ਼ਸਰਾਂ ਤੇ ਡੀ ਐਸ ਪੀਜ਼ ਨਾਲ ਵਿਸਤ੍ਰਿਤ ਮੀਟਿੰਗ ਕਰਕੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ, ਉਮੀਦਵਾਰ ਸਮੇਤ ਕੇਵਲ ਤਿੰਨ ਵਿਅਕਤੀਆਂ ਨੂੰ ਆਰ.ਓ. ਦੇ ਕਮਰੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿੱਥੇ ਨਾਮਜ਼ਦਗੀਆਂ ਲਈਆਂ ਜਾਣੀਆਂ ਹਨ। ਉਨ੍ਹਾਂ ਵੱਲੋਂ 25 ਜਨਵਰੀ ਤੋਂ 1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਹਾਸਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 26 ਜਨਵਰੀ ਅਤੇ 30 ਜਨਵਰੀ ਨੂੰ ਛੁੱਟੀਆਂ ਹੋਣ ਕਾਰਨ ਨਾਮਜ਼ਦਗੀਆਂ ਨਹੀਂ ਲਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਨਾਮਜ਼ਦਗੀ ਭਰਨ ਆਏ ਕਿਸੇ ਵੀ ਵਿਅਕਤੀ ਨੂੰ ਆਰ.ਓ. ਦੇ ਕਮਰੇ ਅੰਦਰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਆਰ.ਓ. ਦੇ ਕਮਰੇ ਅੰਦਰ ਪਬਲਿਕ ਐਡਰੈਸ ਸਿਸਟਮ, ਡਿਜੀਟਲ ਕਲਾਕ ਅਤੇ ਹੋਰ ਪ੍ਰਬੰਧ ਪੂਰੀ ਤਰ੍ਹਾਂ ਨਾਲ ਮੁਕੰਮਲ ਕੀਤੇ ਜਾਣਗੇ ਤਾਂ ਜੋ ਨਾਮਜ਼ਦਗੀ ਅਮਲ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਇਆ ਜਾ ਸਕੇ।
ਸ਼੍ਰੀ ਸਾਰੰਗਲ ਨੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਆਰ.ਓ. ਦੇ ਦਫ਼ਤਰ ਦੇ 100 ਮੀਟਰ ਦੇ ਘੇਰੇ ਨੂੰ ਸਪਸ਼ਟ ਤੌਰ 'ਤੇ ਨਿਰਧਾਰਿਤ ਕਰਕੇ ਸੂਚਨਾ ਤਖ਼ਤੀ ਲਾਉਣ, ਸੀ ਸੀ ਟੀ ਵੀ ਕੈਮਰੇ, ਪਾਰਕਿੰਗ ਏਰੀਆ, ਬੈਰੀਕੇਡਿੰਗ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ, ਆਜ਼ਾਦਾਨਾ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ।
ਸ਼੍ਰੀ ਸਾਰੰਗਲ ਨੇ ਦੱਸਿਆ ਕਿ ਚੋਣਾਂ ਲਈ ਨਾਮਜ਼ਦਗੀਆਂ ਸਬੰਧਤ ਤਿੰਨਾਂ ਐਸ.ਡੀ.ਐਮਜ਼ ਦਫ਼ਤਰਾਂ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਥਾਨਕ ਪੁਲਿਸ, ਅਰਧ ਸੈਨਿਕ ਹਥਿਆਰਬੰਦ ਬਲਾਂ ਸਮੇਤ ਢੁੱਕਵੇਂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਨਾਮਜ਼ਦਗੀ ਭਰਨ ਦੇ ਚਾਹਵਾਨ ਉਮੀਦਵਾਰਾਂ ਲਈ ਸੁਵਿਧਾ ਪੋਰਟਲ ਨੂੰ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।
ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪ੍ਰਿੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ। ਉਨ੍ਹਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਅਮਿਤ ਸਰੀਨ ਤੇ ਅਮਰਦੀਪ ਸਿੰਘ ਬੈਂਸ, ਐਸ ਪੀ ਮਨਵਿੰਦਰਬੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਡਾ: ਬਲਜਿੰਦਰ ਸਿੰਘ ਢਿੱਲੋਂ, ਨਵਨੀਤ ਕੌਰ ਬੱਲ ਤੇ ਦੀਪਕ ਰੋਹਿਲਾ ਆਦਿ ਹਾਜ਼ਰ ਸਨ।