ਚੋਣ ਜ਼ਾਬਤੇ ਦੀ ਉਲੰਘਣਾ, ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖ਼ਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਸੀ ਵੀਜ਼ਲ ਐਪ ਰਾਹੀਂ ਕਰਨ ਲੋਕ :ਡਿਪਟੀ ਕਮਿਸ਼ਨਰ
- ਗੂਗਲ ਪਲੇਅ ਸਟੋਰ ਤੋਂ ਆਸਾਨੀ ਨਾਲ ਡਾਊਨਲੋਡ ਕੀਤੀ ਜਾ ਸਕੇਗੀ
-- ਹੈਲਪਲਾਈਨ ਨੰਬਰ 1950 'ਤੇ ਵੀ ਕੀਤੀ ਜਾ ਸਕਦੀ ਹੈ ਕੋਈ ਸ਼ਿਕਾਇਤ
-- ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਦਾ ਗਠਨ , ਜਿਸ ਦਾ ਨੰਬਰ 01675 -252520
ਮਲੇਰਕੋਟਲਾ 11 ਜਨਵਰੀ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਇੱਕਜੁੱਟ ਹੋਕੇ ਲੋਕਾਂ ਦੇ ਸਹਿਯੋਗ ਨਾਲ ਕੰਮ ਕਰ ਰਿਹਾ ਹੈ ।
ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਵੇਕਲੀ ਕਿਸਮ ਦੀ ਸੀ-ਵੀਜ਼ਲ ਐਪ ਜਾਰੀ ਕੀਤੀ ਗਈ ਹੈ। ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਵਿਚ ਇਹ ਐਪ ਬਹੁਤ ਸਹਾਈ ਹੋਵੇਗੀ । ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਇਹ ਬਹੁਤ ਹੀ ਪ੍ਰਭਾਵਸ਼ਾਲੀ ਐਪ ਹੈ,ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਆਪਣੇ ਮੋਬਾਇਲ ਤੇ ਡਾਊਨਲੋਡ ਲੋਡ ਕੀਤਾ ਜਾ ਸਕਦਾ ਹੈ । ਡਾਊਨਲੋਡ ਕਰਕੇ ਲੋਕ ਆਪਣੀ ਭਾਸ਼ਾ ਦੀ ਚੋਣ ਕਰਕੇ ਮੋਬਾਇਲ ਨੰਬਰ ਐਪ ਵਿਚ ਭਰਨਾ ਪੈਂਦਾ ਹੈ, ਜਿਸ ਉਪਰੰਤ ਓ.ਟੀ.ਪੀ (ਵਨ ਟਾਇਨ ਪਾਸਵਰਡ) ਪ੍ਰਾਪਤ ਹੋਣ ’ਤੇ ਇਹ ਐਪ ਕਾਰਜਸ਼ੀਲ ਹੋ ਜਾਂਦੀ ਹੈ। ਸ਼ਿਕਾਇਤ ਕਰਤਾ ਦੀ ਪਛਾਣ ਨੂੰ ਸੁਰੱਖਿਅਤ ਰੱਖਣ ਲਈ ਇਸ ਐਪ ਨੂੰ ਬਿਨਾਂ ਮੋਬਾਇਲ ਨੰਬਰ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਿਤ ਕੋਈ ਵੀ ਲਾਈਵ ਪਰੂਫ਼ ਜਿਵੇਂ ਕਿ ਤਸਵੀਰ ਅਤੇ ਵੀਡੀਓ ਅਪਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਐਪ ਦੀ ਵਰਤੋਂ ਕਰਨ ਅਤੇ ਉਨ੍ਹਾਂ ਵੱਲੋਂ ਭੇਜੀਆਂ ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਹੱਲ ਕੀਤਾ ਜਾਵੇਗਾ । ਇਹ ਐਪ ਦੀ ਮਦਦ ਨਾਲ ਚੋਣ ਸਬੰਧੀ ਆਜਰਤਾ ਦੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਫ਼ੋਨ ਵਿੱਚ ਸੀ ਵੀਜ਼ਲ ਐਪ ਡਾਊਨਲੋਡ ਕਰਨ ਅਤੇ ਕਿਸੇ ਤਰ੍ਹਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਸੀ ਵੀਜ਼ਲ ਐਪ ਰਾਹੀਂ ਕੀਤੀ ਜਾ ਸਕਦੀ ਹੈ। ਇਸ ਐਪ 'ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖ਼ਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਜੇਕਰ ਕੋਈ ਸ਼ਰਾਰਤੀ ਅਨਸਰ, ਜਾਂ ਕੋਈ ਹੋਰ ਕਿਸੇ ਤਰ੍ਹਾਂ ਡਰ, ਭੈਅ ਜਾਂ ਲਾਲਚ ਦਿੰਦਾ ਹੈ ਤਾਂ ਉਹ ਇਸ ਦੀ ਸ਼ਿਕਾਇਤ 1950 ਹੈਲਪਲਾਈਨ ਨੰਬਰ 'ਤੇ ਵੀ ਕਰ ਸਕਦੇ ਹਨ ਜੋ ਕਿ ਜਲਦ ਹੀ ਚਾਲੂ ਹੋ ਜਾਵੇਗਾ । ਉਨ੍ਹਾਂ ਹੋਰ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਦੇਖ ਰੇਖ ਵਿੱਚ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ ,ਜਿਸ ਦਾ ਨੰਬਰ 01675252520 ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਹਰ ਵਿਧਾਨ ਸਭਾ ਹਲਕੇ 'ਚ ਉੱਡਣ ਦਸਤਿਆਂ ਦੀਆਂ ਟੀਮਾਂ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਆਦਰਸ਼ ਚੋਣ ਜ਼ਾਬਤੇ ਨਾਲ ਸਬੰਧਿਤ ਟੀਮਾਂ ਅਤੇ ਸੈਕਟਰ ਅਫ਼ਸਰ ਤਾਇਨਾਤ ਹਨ ਅਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਇੱਕ ਟੀਮ ਵਜੋਂ ਪ੍ਰਭਾਵਸ਼ਾਲੀ ਢੰਗ ਨਾਲ ਕਾਰਜਸ਼ੀਲ ਹੈ ਅਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ । ਉਨ੍ਹਾਂ ਵਿਧਾਨ ਸਭਾ ਚੋਣ ਅਤੇ ਵਧਦੇ ਕੋਵਿਡ-19 ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਗਾਈਡਲਾਈਨਜ ਦੀ ਪੂਰੀ ਤਰ੍ਹਾਂ ਪਾਲਣ ਕਰਦਿਆ ਮਾਸਕ ਪਾਉਣ,ਇਕ ਦੂਜੇ ਤੋਂ ਸਮਾਜਿਕ ਦੂਰੀ ਰੱਖਣ ਅਤੇ ਵਾਰ ਵਾਰ ਹੱਥ ਧੋਣ ਵਰਗੇ ਮੁਢਲੇ ਨਿਯਮਾਂ ਨੂੰ ਯਾਦ ਰੱਖਣ । ਇਨ੍ਹਾਂ ਮੁਢਲੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ। ਇਸ ਬਿਮਾਰੀ ਪ੍ਰਤੀ ਲੋਕਾਂ ਵੱਲੋਂ ਕੀਤੀਆਂ ਲਾਪਰਵਾਹੀਆਂ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ ।