ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ 'ਚ 11 ਦਿਨਾਂ ਦੇ ਅੰਦਰ ਦੇਸ਼ 'ਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 1 ਲੱਖ ਤੋਂ ਵਧ ਕੇ 8 ਲੱਖ ਹੋ ਗਈ ਹੈ। ਸੋਮਵਾਰ ਨੂੰ ਲਗਾਤਾਰ ਪੰਜਵੇਂ ਦਿਨ 1 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ। ਹਾਲਾਂਕਿ ਸੋਮਵਾਰ ਨੂੰ ਐਤਵਾਰ ਦੇ ਮੁਕਾਬਲੇ ਲਗਭਗ 12 ਹਜ਼ਾਰ ਘੱਟ ਮਾਮਲੇ ਸਾਹਮਣੇ ਆਏ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 1 ਲੱਖ 67 ਹਜ਼ਾਰ 550 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਐਤਵਾਰ ਨੂੰ 1.79 ਲੱਖ ਮਾਮਲੇ ਸਾਹਮਣੇ ਆਏ ਸਨ। ਹੁਣ ਦੇਸ਼ ਵਿੱਚ ਕੁੱਲ 8 ਲੱਖ 15 ਹਜ਼ਾਰ 46 ਐਕਟਿਵ ਕੇਸ ਹਨ।
ਸੋਮਵਾਰ ਨੂੰ, 69,798 ਲੋਕ ਠੀਕ ਹੋਏ, ਜਦੋਂ ਕਿ 277 ਲੋਕਾਂ ਦੀ ਮੌਤ ਹੋ ਗਈ। ਚੰਗੀ ਗੱਲ ਇਹ ਹੈ ਕਿ ਸਭ ਤੋਂ ਵੱਧ ਚਿੰਤਾਜਨਕ ਬਣੇ ਮਹਾਰਾਸ਼ਟਰ, ਦਿੱਲੀ ਅਤੇ ਪੱਛਮੀ ਬੰਗਾਲ ਵਿੱਚ ਸੋਮਵਾਰ ਨੂੰ ਨਵੇਂ ਕੇਸਾਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ, ਪਰ ਚੋਣ ਰਾਜ ਉੱਤਰ ਪ੍ਰਦੇਸ਼ ਵਿੱਚ ਨਵੇਂ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ।
ਦਿੱਲੀ ਵਿੱਚ ਸਾਰੇ ਨਿੱਜੀ ਦਫ਼ਤਰਾਂ ਅਤੇ ਰੈਸਟੋਰੈਂਟ-ਬਾਰਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਇਹ ਫੈਸਲਾ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਵਿੱਚ ਲਿਆ ਗਿਆ। ਹਾਲਾਂਕਿ, ਲੋਕਾਂ ਨੂੰ ਘਰੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਸੀਐਮ ਅਰਵਿੰਦ ਕੇਜਰੀਵਾਲ ਮੰਗਲਵਾਰ ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਇਸ ਵਿੱਚ ਰਾਜਧਾਨੀ ਵਿੱਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ 'ਚ ਸਖਤੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।