ਨਵਾਂਸ਼ਹਿਰ ਵਿੱਚ 16, ਬੰਗਾ ਅਤੇ ਬਲਾਚੌਰ ਵਿੱਚ ਗਿਣਤੀ ਦੇ 15-15 ਗੇੜ ਹੋਣਗੇ- ਡੀ.ਸੀ.

 ਡੀ ਸੀ ਸਾਰੰਗਲ ਨੇ ਜ਼ਿਲ੍ਹੇ ਵਿੱਚ ਵੋਟਾਂ ਦੀ ਗਿਣਤੀ ਸੁਚਾਰੂ ਢੰਗ ਨਾਲ ਕਰਵਾਉਣ ਲਈ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਦੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ


ਨਵਾਂਸ਼ਹਿਰ ਵਿੱਚ 16, ਬੰਗਾ ਅਤੇ ਬਲਾਚੌਰ ਵਿੱਚ ਗਿਣਤੀ ਦੇ 15-15 ਗੇੜ ਹੋਣਗੇ- ਡੀ.ਸੀ.


ਨਵਾਂਸ਼ਹਿਰ/ਬੰਗਾ/ਬਲਾਚੌਰ, 8 ਮਾਰਚ, 2022


ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਮਾਰਚ ਨੂੰ ਹੋਣ ਵਾਲ ਵੋਟਾਂ ਦੀ ਗਿਣਤੀ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੇ ਨਾਲ ਹੀ, ਸ਼ਹੀਦ ਭਗਤ ਸਿੰਘ ਨਗਰ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿੱਚ ਗਿਣਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

 ਅੱਜ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਦੇ ਗਿਣਤੀ ਕੇਂਦਰਾਂ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਨਵਾਂਸ਼ਹਿਰ ਦੇ ਐਸ ਡੀ ਐਮ ਕਮ ਰਿਟਰਨਿੰਗ ਅਫ਼ਸਰ ਡਾ. ਬਲਜਿੰਦਰ ਸਿੰਘ ਢਿੱਲੋਂ, ਬੰਗਾ ਦੇ ਐਸ ਡੀ ਐਮ ਕਮ ਰਿਟਰਨਿੰਗ ਅਫ਼ਸਰ ਨਵਨੀਤ ਕੌਰ ਬੱਲ ਅਤੇ ਬਲਾਚੌਰ ਦੇ ਐਸ ਡੀ ਐਮ ਕਮ ਰਿਟਰਨਿੰਗ ਅਫ਼ਸਰ ਦੀਪਕ ਰੋਹੇਲਾ ਵੀ ਮੌਜੂਦ ਸਨ।



 ਸ੍ਰੀ ਸਾਰੰਗਲ ਨੇ ਅੱਗੇ ਦੱਸਿਆ ਕਿ ਨਵਾਂਸ਼ਹਿਰ ਦੇ ਦੋਆਬਾ ਕਾਲਜ ਛੋਕਰਾਂ (ਰਾਹੋਂ) ਵਿਖੇ ਸਥਾਪਿਤ ਗਿਣਤੀ ਕੇਂਦਰ ਵਿੱਚ 16 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਬੰਗਾ ਦੇ ਗੁਰੂ ਨਾਨਕ ਕਾਲਜ ਫ਼ਾਰ ਵਿਮੈਨ ਅਤੇ ਬਲਾਚੌਰ ਦੇ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਂਟ ਵਿੱਚ 15-15 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ।


 ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਸਮੁੱਚੀ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


 ਉਨ੍ਹਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਦੀਆਂ ਕਿਸੇ ਵੀ ਪੰਜ ਬੂਥਾਂ ਦੀਆਂ ਵੋਟਰ-ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਦੀਆਂ ਸਲਿੱਪਾਂ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਵੱਖਰੇ ਤੌਰ ’ਤੇ ਗਿਣੀਆਂ ਜਾਣਗੀਆਂ।


 ਸ੍ਰੀ ਸਾਰੰਗਲ ਨੇ ਕਿਹਾ ਕਿ ਈ ਵੀ ਐਮ ਅਤੇ ਵੀ ਵੀ ਪੀ ਏ ਟੀ ਮਸ਼ੀਨਾਂ ਲਗਾਤਾਰ ਸੀਸੀਟੀਵੀ ਨਿਗਰਾਨੀ ਹੇਠ ਹਨ ਅਤੇ ਸੂਬਾ ਪੁਲਿਸ, ਪੰਜਾਬ ਆਰਮਡ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਤਿੰਨ ਪੱਧਰੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।


 ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਸਾਰੇ ਗਿਣਤੀ ਕੇਂਦਰਾਂ ਵਿੱਚ ਨਾਲੋ-ਨਾਲ ਹੋਵੇਗੀ।


 ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਗਿਣਤੀ ਕੇਂਦਰਾਂ ਦੀ ਹਦੂਦ ਅੰਦਰ ਸਥਾਪਿਤ ਕੀਤੇ ਮੀਡੀਆ ਰੂਮਾਂ ਦਾ ਵੀ ਜਾਇਜ਼ਾ ਲਿਆ ਅਤੇ ਕਿਹਾ ਕਿ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਅੰਦਰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


 ਉਨ੍ਹਾਂ ਦੱਸਿਆ ਕਿ ਨਤੀਜਿਆਂ ਦੇ ਐਲਾਨ ਤੋਂ ਬਾਅਦ ਕੋਈ ਵੀ ਜਿੱਤ ਦਾ ਜਲੂਸ ਨਹੀਂ ਕੱਢਣ ਦਿੱਤਾ ਜਾਵੇਗਾ।


 ਉਨ੍ਹਾਂ ਦੱਸਿਆ ਕਿ ਤਿੰਨ ਹਲਕਿਆਂ ਵਿੱਚ ਵੱਖ-ਵੱਖ ਚੋਣ ਅਬਜ਼ਰਵਰਾਂ ਦੁਆਰਾ ਪੂਰੀ ਗਿਣਤੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ।


 ਇਸ ਮੌਕੇ ਸਹਾਇਕ ਕਮਿਸ਼ਨਰ (ਜ) ਦੀਪਾਂਕਰ ਗਰਗ, ਜ਼ਿਲ੍ਹਾ ਭਲਾਈ ਅਫ਼ਸਰ ਅਸ਼ੀਸ਼ ਕਥੂਰੀਆ, ਡਿਪਟੀ ਸੀ.ਈ.ਓ ਜ਼ਿਲ੍ਹਾ ਪ੍ਰੀਸ਼ਦ ਧਰਮਪਾਲ, ਤਹਿਸੀਲਦਾਰ ਲਕਸ਼ੈ ਗੁਪਤਾ ਬੰਗਾ, ਕੁਲਵੰਤ ਸਿੰਘ ਸਿੱਧੂ ਨਵਾਂਸ਼ਹਿਰ, ਕੁਲਦੀਪ ਸਿੰਘ ਬੰਗਾ, ਨਾਇਬ ਤਹਿਸੀਲਦਾਰ ਬੰਗਾ ਗੁਰਪ੍ਰੀਤ ਸਿੰਘ ਤੇ ਨਾਇਬ ਤਹਿਸੀਲਦਾਰ ਬਲਾਚੌਰ ਰਵਿੰਦਰ ਸਿੰਘ ਆਦਿ ਹਾਜ਼ਰ ਸਨ।   

ਫ਼ੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਏ ਡੀ ਸੀ ਜਸਬੀਰ ਸਿੰਘ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ’ਚ ਸਥਾਪਿਤ ਗਿਣਤੀ ਕੇਂਦਰਾਂ ਦਾ ਜਾਇਜ਼ਾ ਲੈਂਦੇ ਹੋਏ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends