ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ
ਸਿੱਖਿਆ ਨੀਤੀ 2020 ਦੇ ਮਾਰੂ ਪੱਖਾਂ ਸਬੰਧੀ ਕੀਤੀ ਗਈ ਵਿਚਾਰ ਚਰਚਾ
23 ਮਾਰਚ ,ਸ੍ਰੀ ਮੁਕਤਸਰ ਸਾਹਿਬ
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਇਕੱਤਰਤਾ ਕਰ ਕੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ, ਮਿਡ ਡੇ ਮੀਲ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ, ਟੈਕਨੀਕਲ ਮਕੈਨੀਕਲ ਯੂਨੀਅਨ ਦੇ ਆਗੂ ਸੁਬੇਗ ਸਿੰਘ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਦੇ ਹਰਪਾਲ ਕੌਰ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪਰਮਾਤਮਾ ਸਿੰਘ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਭਾਰਤ ਵਰਗੇ ਬਹੁ-ਧਰਮੀ, ਬਹੁ-ਭਾਸ਼ਾਈ ਮੁਲਕ ਦੀ ਸਮੁੱਚੀ ਵੰਨ ਸੁਵੰਨਤਾ ਦੇ ਧੁਰ ਉਲਟ ਹੈ ਅਤੇ ਆਰ.ਐਸ.ਐਸ. ਦੇ ਫਾਸ਼ੀਵਾਦੀ ਏਜੰਡੇ ਤਹਿਤ ਸਿੱਖਿਆ ਦੇ ਭਗਵਾਂਕਰਣ ਦੀ ਚਾਲ ਹੈ।
ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਇਸ ਨੀਤੀ ਰਾਹੀਂ ਸਮੁੱਚੇ ਸਿੱਖਿਆ ਪਾਠਕ੍ਰਮ, ਵਿਸ਼ੇਸ਼ ਤੌਰ ਤੇ ਇਤਿਹਾਸ, ਵਿਗਿਆਨ ਅਤੇ ਸਾਹਿਤ ਨੂੰ, ਭਗਵੇਂਕਰਨ ਦੇ ਰੰਗ ਵਿੱਚ ਰੰਗਿਆ ਜਾ ਰਿਹਾ ਹੈ। ਇਸ ਨੀਤੀ ਰਾਹੀਂ ਸਿੱਖਿਆ ਨੂੰ ਹੋਰ ਪਿਛਾਖੜੀ, ਗੈਰ-ਵਿਗਿਆਨਕ, ਗੈਰ-ਜਮਹੂਰੀ ਅਤੇ ਮੱਧਯੁਗੀ ਬਣਾਉਣ ਦਾ ਘਾਤਕ ਏਜੰਡਾ ਲਾਗੂ ਕੀਤਾ ਜਾ ਰਿਹਾ ਹੈ।
Also read:
ਉਦਾਰੀਕਰਨ,ਨਿੱਜੀਕਰਨ ਅਤੇ ਵਿਸ਼ਵੀਕਰਨ ਦੀ ਇਸ ਨੀਤੀ ਰਾਹੀਂ ਸਿੱਖਿਆ ਨੂੰ ਮੰਡੀ ਵਿੱਚ ਵਿਕਣ ਵਾਲੀ ਵਸਤੂ ਬਣਾਉਂਦੇ ਹੋਏ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਕਰਨ ਦਾ ਖਾਕਾ ਤਿਆਰ ਕਰ ਲਿਆ ਗਿਆ ਹੈ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਇਸ ਨੀਤੀ ਖ਼ਿਲਾਫ਼ ਦੇਸ਼ ਭਰ ਦੇ ਲੋਕਾਂ ਨੂੰ ਕਿਸਾਨੀ ਸੰਘਰਸ਼ ਤੋਂ ਸੇਧ ਲੈਂਦੇ ਹੋਏ ਸਿੱਖਿਆ ਨੂੰ ਬਚਾਉਣ ਲਈ ਹੰਭਲਾ ਮਾਰਦੇ ਹੋਏ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਰਾਜਵਿੰਦਰ ਕੌਰ, ਕੁਲਵਿੰਦਰ ਸਿੰਘ, ਕੰਵਲਜੀਤ ਪਾਲ, ਰਵੀ ਕੁਮਾਰ, ਸੁਰਿੰਦਰ ਕੁਮਾਰ, ਮਨਦੀਪ ਸਿੰਘ, ਵਿਸ਼ੂ ਛਾਬੜਾ, ਅਮਰਜੀਤ ਕੌਰ, ਜਸਵੀਰ ਕੌਰ, ਅਜੀਤ ਸਿੰਘ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।