ਮਾਪਿਆਂ ਨੇ ਭਾਰੀ ਉਤਸ਼ਾਹ ਨਾਲ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀ ‘ਚ ਸ਼ਮੂਲੀਅਤ ਕੀਤੀ

 ਮਾਪਿਆਂ ਨੇ ਭਾਰੀ ਉਤਸ਼ਾਹ ਨਾਲ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀ ‘ਚ ਸ਼ਮੂਲੀਅਤ ਕੀਤੀ

ਸੈਲਫੀ ਪੁਆਇੰਟ ਰਹੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਖਿੱਚ ਦਾ ਕੇਂਦਰ

ਅਧਿਆਪਕਾਂ ਅਤੇ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਸੁਚੱਜੀ ਅਗਵਾਈ ਦਿੱਤੀ

ਐੱਸ.ਏ.ਐੱਸ. ਨਗਰ 5 ਅਪ੍ਰੈਲ ( ਚਾਨੀ)

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ‘ਤੇ ਕੰਮ ਕਰਦਿਆਂ ਅਤੇ ਸਕੂਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨਅੀਰ ਸੈਕੰਡਰੀ ਸਕੂਲਾਂ ਵਿੱਚ ਨਾਨ-ਬੋਰਡ ਜਮਾਤਾਂ ਦੇ ਬੱਚਿਆਂ ਦੇ ਸਾਲਾਨਾ ਨਤੀਜੇ ਸਬੰਧੀ ਜਾਣਕਾਰੀ ਦੇਣ ਲਈ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।



ਇਸ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕਰਨ ਵਾਲੇ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ, ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਨੇ ਵਧਾਈ ਦਿੱਤੀ। ਉਹਨਾਂ ਪੰਜਾਬ ਦੇ ਸਮੂਹ ਨਾਨ-ਬੋਰਡ ਜਮਾਤਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵਧੀਆ ਸਿੱਖਿਆ ਪ੍ਰਾਪਤੀ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ ਮਾਪੇ ਅਧਿਆਪਕ ਮਿਲਣੀ ਨੂੰ ਸਫ਼ਲ ਬਣਾਉਣ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਪ੍ਰੇਰਨਾ ਸਦਕਾ ਸਕੂਲ ਮੁਖੀਆਂ ਅਧਿਆਪਕਾਂ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰਾਂ ਦੇ ਨਾਲ ਕਲਸਟਰ/ਸਕੂਲ ਮੀਡੀਆ ਇੰਚਾਰਜਾਂ ਨੇ ਮਾਪੇ-ਅਧਿਆਪਕ ਮਿਲਣੀ ਵਿੱਚ ਵੱਧ ਤੋਂ ਵੱਧ ਮਾਪਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਸਾਧਨਾਂ ਰਾਹੀਂ ਪ੍ਰਚਾਰ ਕੀਤਾ ਸੀ ਜਿਸ ਵਿੱਚ ਪਬਲਿਕ ਅਨਾਊਂਸਮੈਂਟ, ਸੋਸ਼ਲ਼ ਮੀਡੀਆ ਦੀ ਵਰਤੋਂ ਕਰਦਿਆਂ ਮਾਫਿਆਂ ਨੂੰ ਨਿਜੀ ਸੁਨੇਹੇ, ਵਾਇਸ ਮੈਸੇਜ, ਆਕਰਸ਼ਕ ਮਾਪੇ-ਅਧਿਆਪਕ ਮਿਲਣੀ ਸੱਦਾ ਪੱਤਰ, ਘਰ-ਘਰ ਜਾ ਕੇ ਸੁਨੇਹਾ, ਪਤਵੰਤੇ ਸੱਜਣਾਂ ਨੂੰ ਸਕੂਲਾਂ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਸੱਦਾ ਪੱਤਰ ਆਦਿ ਨਿਵੇਕਲੇ ਉਪਰਾਲੇ ਕੀਤੇ ਗਏ।

ਸਰਕਾਰੀ ਸਕੂਲਾਂ ਵਿੱਚ ਮਾਪਿਆਂ ਅਤੇ ਵਿਦਿਆਰਥੀਆਂ ਲਈ ਅੱਜ ਦਾ ਦਿਨ ਯਾਦਗਾਰੀ ਬਣਾਉਣ ਹਿੱਤ ਬਹੁਤ ਹੀ ਸੁੰਦਰ, ਆਕਰਸ਼ਕ ਅਤੇ ਬਿਨਾਂ ਖਰਚੇ ਦੇ ਵਿਸ਼ੇਸ਼ ਸ਼ੇਲਫੀ ਪੁਆਇੰਟ ਤਿਆਰ ਕੀਤੇ ਗਏ ਜਿੱਥੇ ਖੜ੍ਹ ਕੇ ਬੱਚਿਆਂ ਨੇ ਆਪਣੇ ਮਾਪਿਆਂ, ਰਿਸ਼ਤੇਦਾਰਾਂ, ਸਰਪ੍ਰਸਤਾਂ ਅਤੇ ਅਧਿਆਪਕਾਂ ਨਾਲ ਫੋਟੋਆਂ ਖਿਚਵਾਈਆਂ।

ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਮਾਪਿਆਂ, ਸਰਪ੍ਰਸਤਾਂ ਅਤੇ ਪਤਵੰਤੇ ਸੱਜਣਾਂ ਨੂੰ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਬੱਚਿਆਂ ਨੂੰ ਨਵੇਂ ਸ਼ੈਸ਼ਨ ਵਿੱਚ ਵਧੀਆ ਪੜ੍ਹਾਈ ਲਈ ਟਿਪਸ ਦਿਤੇ। ਬਹੁਤ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਨੇ ਆਪਣੇ ਬੱਚਿਆਂ ਦੀਆਂ ਪਿਛਲ਼ੇ ਸਾਲ ਦੀਆਂ ਕਿਤਾਬਾਂ ਨੂੰ ਸਰਕਾਰੀ ਸਕੂਲਾਂ ਦੇ ਵਿੱਚ ਬਣੇ ਬੁੱਕ ਬੈਂਕ ਲਈ ਭੇਂਟ ਕੀਤਾ। ਉਹਨਾਂ ਕਿਹਾ ਕਿ ਇਸ ਨਾਲ ਜਿੱਥੇ ਨਵੇਂ ਬੱਚਿਆਂ ਨੂੰ ਕਿਤਾਬਾਂ ਬਿਨਾਂ ਦੇਰੀ ਉਪਲਬਧ ਹੋਣਗੀਆਂ ਉੱਥੇ ਨਾਲ ਹੀ ਬਹੁਤ ਸਾਰੇ ਰੁੱਖਾਂ ਦੀ ਕਟਾਈ ਬਚੇਗੀ। ਉਹ ਬੁੱਕ ਬੈਂਕ ਵਿੱਚ ਕਿਤਾਬਾਂ ਦੇ ਕੇ ਵਾਤਾਵਰਨ ਦੇ ਬਚਾਅ ਲਈ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ।

ਵੱਖ-ਵੱਖ ਸਕੂਲਾਂ ਵਿੱਚ ਸਮੁਦਾਇ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਮੁਖੀਆਂ ਨੇ ਸਕੂਲਾਂ ਦੇ ਬਿਹਤਰੀਨ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਵੀ ਸਨਮਾਨਿਤ ਕੀਤਾ। ਇਸ ਮੌਕੇ ਬਹੁਤ ਸਾਰੇ ਸੁਹਿਰਦ ਮਾਪਿਆਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਹਨਾਂ ਨੇ ਆਪਣੇ ਬੱਚੇ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਹੈ ਕਿਉਂਕਿ ਉਹਨਾਂ ਨੂੰ ਵਿਸ਼ਵਾਸ਼ ਹੈ ਕਿ ਸਰਕਾਰੀ ਸਕੂਲ ਵਿੱਚ ਪੜ੍ਹ ਕੇ ਉਹਨਾਂ ਦੇ ਬੱਚੇ ਦਾ ਭਵਿੱਖ ਉੱਜਵਲ ਬਣੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends