ਅਧਿਆਪਕਾਂ ਦੀਆਂ ਤੀਹ ਹਜ਼ਾਰ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਹਵਾ ਵਿੱਚ ਲਟਕੀ

 ਅਧਿਆਪਕਾਂ ਦੀਆਂ ਤੀਹ ਹਜ਼ਾਰ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਹਵਾ ਵਿੱਚ ਲਟਕੀ


ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਰਕਾਰੀ ਸਕੂਲਾਂ ਵਿੱਚ ਜੰਗੀ ਪੱਧਰ ਤੇ ਨਵੀਂ ਭਰਤੀ ਕਰਨ ਦੀ ਮੰਗ 


ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਈਟੀਟੀ ਅਧਿਆਪਕਾਂ ਦੀਆਂ ਪੰਜਾਹ ਫੀਸਦੀ ਅਸਾਮੀਆਂ ਖਾਲੀ 


24 ਅਪ੍ਰੈਲ, ਚੰਡੀਗੜ੍ਹ ( ): ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਖਾਲੀ ਹਜ਼ਾਰਾਂ ਅਸਾਮੀਆਂ ਵਿੱਚੋਂ ਪਿਛਲੇ ਸਮੇਂ ਦੌਰਾਨ ਤੀਹ ਹਜਾਰ ਤੋਂ ਵਧੇਰੇ ਵੱਖ-ਵੱਖ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਹੋਣ ਦੇ ਬਾਵਜੂਦ, ਹਾਲੇ ਤਕ ਨਵੀਂਆਂ ਭਰਤੀਆਂ ਨੇਪਰੇ ਨਾ ਚੜ੍ਹਨ ਕਾਰਨ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਅਧਿਆਪਕ ਮਿਲਣ ਅਤੇ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲ਼ਣ ਦੀ ਉਡੀਕ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐਫ) ਨੇ 'ਆਪ' ਸਰਕਾਰ ਤੋਂ ਲੋਕਾਂ ਨੂੰ ਮਿਆਰੀ ਸਿੱਖਿਆ ਦੇਣ ਦੇ ਚੋਣ ਵਾਅਦੇ 'ਤੇ ਖਰੇ ਉਤਰਨ ਅਤੇ ਸਰਕਾਰੀ ਸਕੂਲਾਂ ਵਿੱਚ ਜੰਗੀ ਪੱਧਰ 'ਤੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਨ ਦੀ ਮੰਗ ਕੀਤੀ ਹੈ।



ਇਸ ਸੰਬੰਧੀ ਗੱਲਬਾਤ ਕਰਦਿਆਂ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਭ ਤੋਂ ਗੰਭੀਰ ਸੰਕਟ ਦਾ ਸ਼ਿਕਾਰ ਪੰਜਾਬ ਦੀ ਪ੍ਰਾਇਮਰੀ ਸਿੱਖਿਆ ਹੋ ਰਹੀ ਜਿੱਥੇ ਕਿ ਪਿਛਲੇ ਕਈ ਸਾਲਾਂ ਤੋਂ ਪ੍ਰੀ ਪ੍ਰਾਇਮਰੀ ਦੀਆਂ ਜਮਾਤਾਂ ਸ਼ੁਰੂ ਹੋਣ ਤੋਂ ਬਾਅਦ, ਜਮਾਤਾਂ ਪੰਜ ਤੋਂ ਵਧ ਕੇ ਸੱਤ ਜਰੂਰ ਹੋ ਗਈਆਂ ਹਨ, ਪ੍ਰੰਤੂ ਪਿਛਲੇ ਪੰਜ ਸਾਲਾਂ ਦੌਰਾਨ ਪ੍ਰੀ ਪ੍ਰਾਇਮਰੀ ਅਤੇ ਈਟੀਟੀ ਅਧਿਆਪਕਾਂ ਦੀ ਇੱਕ ਵੀ ਨਵੀਂ ਭਰਤੀ ਨਹੀਂ ਹੋਈ ਹੈ। ਈਟੀਟੀ ਅਧਿਆਪਕਾਂ ਦੀ 2364 ਭਰਤੀ, 6635 + 22 ਭਰਤੀ ਅਤੇ 5994 ਭਰਤੀ ਦੇ ਇਸ਼ਤਿਹਾਰ ਤਾਂ ਜਾਰੀ ਹੋਏ, ਪ੍ਰੰਤੂ ਸਰਕਾਰੀ ਬੇਰੁਖ਼ੀ ਕਾਰਨ ਇਨ੍ਹਾਂ ਵਿੱਚੋਂ ਇੱਕ ਵੀ ਭਰਤੀ ਨਿਯੁਕਤੀ ਪੱਤਰ ਜਾਰੀ ਹੋਣ ਤੱਕ ਨਹੀਂ ਪਹੁੰਚ ਸਕੀ। ਨਤੀਜਨ ਮਈ 2021 ਦੇ ਸਰਕਾਰੀ ਅੰਕੜਿਆਂ ਅਨੁਸਾਰ ਈ.ਟੀ.ਟੀ. ਅਧਿਆਪਕਾਂ ਦੀਆਂ 29,941 ਵਿੱਚੋਂ ਪੰਜਾਹ ਫ਼ੀਸਦੀ ਅਸਾਮੀਆਂ ਖਾਲੀ ਹਨ। ਪ੍ਰੀ ਪ੍ਰਾਇਮਰੀ ਜਮਾਤਾਂ ਲਈ ਜ਼ਰੂਰਤ ਤੋਂ ਬਹੁਤ ਘੱਟ ਪ੍ਰਕਾਸ਼ਿਤ ਨਿਗੂਣੀਆਂ 8393 ਅਸਾਮੀਆਂ 'ਤੇ ਵੀ ਵਲੰਟੀਅਰ ਅਤੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਪੱਕੇ ਤੌਰ 'ਤੇ ਅਡਜਸਟ ਕਰਨ ਵਿੱਚ ਸਰਕਾਰ ਅਸਫਲ ਰਹੀ ਹੈ। ਇਹੀ ਹਾਲ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਭਰਤੀਆਂ ਦਾ ਵੀ ਹੈ, ਜਿਹਨਾਂ ਵਿੱਚੋਂ 1538 ਹੈੱਡ ਟੀਚਰ ਭਰਤੀ ਦੀ ਉਡੀਕ ਸੂਚੀ ਦੇ ਯੋਗ ਅਧਿਆਪਕ ਉਪਲੱਬਧ ਹੋਣ ਦੇ ਬਾਵਜੂਦ ਭਰਤੀ ਨੂੰ ਪੂਰਾ ਨਹੀਂ ਕੀਤਾ ਗਿਆ, ਸਗੋਂ ਹੈੱਡ ਟੀਚਰਾਂ ਦੀਆਂ 1904 ਅਸਾਮੀਆਂ ਨੂੰ ਪਿਛਲੇ ਸਮੇਂ ਦੌਰਾਨ ਖਤਮ ਕਰ ਦਿੱਤਾ ਗਿਆ। ਮੌਜੂਦਾ ਸਿੱਖਿਆ ਮੰਤਰੀ ਮੀਤ ਹੇਅਰ ਦੇ ਆਪਣੇ ਜ਼ਿਲ੍ਹੇ ਬਰਨਾਲੇ ਦੇ ਤਿੰਨ ਬਲਾਕਾਂ ਵਿਚੋਂ ਦੋ ਬਲਾਕ ਅਤੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅੱਠ ਚੋਂ ਅੱਠ ਬਲਾਕ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤੋਂ ਸੱਖਣੇ ਹਨ ਅਤੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦਾ ਹਾਲ ਵੀ ਬਹੁਤਾ ਚੰਗਾ ਨਹੀਂ। ਦੂਜੇ ਪਾਸੇ ਮਾਸਟਰ ਕਾਡਰ ਦੀ 4161 ਭਰਤੀ ਵਿੱਚ ਸਮਾਜਿਕ ਸਿੱਖਿਆ, ਹਿੰਦੀ, ਪੰਜਾਬੀ ਆਦਿ ਵਿਸ਼ਿਆਂ ਦੀਆਂ ਅਸਾਮੀਆਂ ਵਿੱਚ ਚੋਖਾ ਇਜ਼ਾਫ਼ਾ ਕਰਕੇ ਪ੍ਰਕਿਰਿਆ ਪੂਰੀ ਕਰਨ ਦੀ ਥਾਂ, ਵਾਰ ਵਾਰ ਕੇਵਲ ਅਪਲਾਈ ਕਰਨ ਦੀ ਮਿਤੀ ਵਿੱਚ ਹੀ ਵਾਧਾ ਕੀਤਾ ਜਾ ਰਿਹਾ ਹੈ। ਦਰਅਸਲ ਇਨ੍ਹਾਂ ਵਿਸ਼ਿਆਂ ਦੀਆਂ ਅਸਾਮੀਆਂ ਨੂੰ, ਪਿਛਲੇ ਸਮੇਂ ਵਿੱਚ ਨਿੱਜੀਕਰਨ ਦੇ ਏਜੰਡੇ ਤਹਿਤ ਲਾਗੂ ਰੈਸ਼ਨਲਾਈਜੇਸ਼ਨ ਨੀਤੀ ਰਾਹੀਂ, ਖ਼ਤਮ ਕਰ ਦਿੱਤਾ ਗਿਆ ਸੀ। ਇਸ ਨੀਤੀ ਵਿਚ ਜਨਤਕ ਸਿੱਖਿਆ ਪੱਖੀ ਸੁਧਾਰ ਕਰਨ ਅਤੇ ਨਵੀਆਂ ਅਸਾਮੀਆਂ ਦੀ ਰਚਨਾ ਕਰਨਾ ਅਣਸਰਦੀ ਲੋੜ ਹੈ। ਇਸੇ ਤਰ੍ਹਾਂ 343 ਪੋਸਟ ਲੈਕਚਰਾਰਾਂ, ਪੀ ਟੀ ਆਈ ਅਤੇ 250 ਪੋਸਟ ਆਰਟ ਐਂਡ ਕਰਾਫਟ ਦੀਆਂ ਕਈ ਭਰਤੀਆਂ ਅੱਧ ਵਿਚਾਲੇ ਲਟਕ ਰਹੀਆਂ ਹਨ। ਮੁੱਖ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀਆਂ ਨਵੀਂਆਂ ਭਰਤੀਆਂ ਦੇ ਜਾਰੀ ਦੋ ਇਸ਼ਤਿਹਾਰਾਂ ਦੀ ਪ੍ਰਕਿਰਿਆ ਵੀ ਵੱਖ-ਵੱਖ ਕਾਰਨਾਂ ਸਦਕਾ ਪੂਰੀ ਨਹੀਂ ਹੋਈ, ਜਿਸ ਕਾਰਨ ਇੱਕ-ਇੱਕ ਸਕੂਲ ਮੁਖੀ ਉੱਪਰ ਕਈ-ਕਈ ਸਕੂਲਾਂ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਪਾ ਕੇ ਡੰਗ ਟਪਾਈ ਕੀਤੀ ਜਾ ਰਹੀ ਹੈ। ਇਨ੍ਹਾਂ ਭਰਤੀਆਂ ਨੂੰ ਸਿੱਧੀ ਭਰਤੀ ਦੇ 25 ਫ਼ੀਸਦੀ ਕੋਟੇ ਅਨੁਸਾਰ ਨੇਪਰੇ ਚਾੜ੍ਹਨ ਦੀ ਚੁਣੌਤੀ ਸਰਕਾਰ ਅੱਗੇ ਦਰਪੇਸ਼ ਹੈ। 


 ਡੀਟੀਐਫ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੀ ਜਨਤਕ ਸਿੱਖਿਆ ਵਿਚ ਹਕੀਕੀ ਸੁਧਾਰ ਕਰਨ ਲਈ ਫੌਰੀ ਤੌਰ 'ਤੇ ਪੁਰਾਣੀਆਂ ਭਰਤੀਆਂ ਨੂੰ ਪੂਰਾ ਕਰ ਕੇ ਸਕੂਲਾਂ ਵਿੱਚ ਨਵੇਂ ਅਧਿਆਪਕ ਭੇਜੇ ਜਾਣ ਅਤੇ ਖਤਮ ਕੀਤੀਆਂ ਅਸਾਮੀਆਂ ਨੂੰ ਬਹਾਲ ਕਰਦਿਆਂ ਨਵੇਂ ਭਰਤੀ ਇਸ਼ਤਿਹਾਰ ਜਾਰੀ ਕੀਤੇ ਜਾਣ।

ਜਾਰੀ ਕਰਤਾ

ਪਵਨ ਕੁਮਾਰ 

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends