ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ : ਮੋਹੀ
- ਸ਼ਿਕਾਇਤ ਕਰਤਾਵਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਉਨ੍ਹਾਂ ਦੀ ਭਲਾਈ ਲਈ ਹੀ ਕਾਇਮ
- ਐਸ.ਸੀ. ਭਾਈਚਾਰੇ ਦੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੀਆਂ ਹਦਾਇਤਾਂ
ਮਾਲੇਰਕੋਟਲਾ 05 ਮਈ :
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ੍ਰੀ ਚੰਦਰੇਸ਼ਵਰ ਮੋਹੀ ਨੇ ਕਲੱਬ ਹਾਊਸ ਮਾਲੇਰਕੋਟਲਾ ਵਿਖੇ ਐਸ.ਸੀ ਸਮੁਦਾਇ ਨਾਲ ਸਬੰਧਿਤ ਜ਼ਿਲ੍ਹਾ ਮਾਲੇਰਕੋਟਲਾ (ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ) ਦੀਆਂ ਸ਼ਿਕਾਇਤਾਂ ਦੀ ਪੜਤਾਲ ਕਰਨ ਮੌਕੇ ਕੀਤਾ । ਉਨ੍ਹਾਂ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਆਦੇਸ਼ ਅਨੁਸਾਰ ਸਿਕਾਇਤ ਕਰਤਾਵਾਂ ਕੋਲ ਜਾ ਕੇ ਉਨ੍ਹਾਂ ਦੀਆਂ ਦੁਖ ਤਕਲੀਫ਼ਾਂ ਜਾਣਨ ਲਈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਰਵਾਰਨ ਕਰਨ ਲਈ ਆਏ ਹਨ ।
ਸ੍ਰੀ ਚੰਦਰੇਸ਼ਵਰ ਮੋਹੀ ਨੇ ਸ਼ਿਕਾਇਤ ਕਰਤਾਵਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਉਨ੍ਹਾਂ ਦੀ ਭਲਾਈ ਲਈ ਹੀ ਕਾਇਮ ਕੀਤਾ ਗਿਆ ਹੈ । ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਮਿਸ਼ਨ ਨੂੰ ਮਿਲੀਆਂ ਸ਼ਿਕਾਇਤਾਂ ਸਬੰਧੀ ਚਰਚਾ ਵੀ ਕੀਤੀ ਅਤੇ ਕਿਹਾ ਕਿ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਹੱਲ ਕਰ ਲਿਆ ਜਾਵੇਗਾ । ਇਸ ਮੌਕੇ ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਸ੍ਰੀ ਜਸਬੀਰ ਸਿੰਘ, ਡੀ.ਐਸ.ਪੀ ਅਮਰਗੜ੍ਹ ਸ੍ਰੀ ਸੰਦੀਪ, ਡੀ.ਐਸ.ਪੀ.ਅਹਿਮਦਗੜ੍ਹ, ਹਰਵਿੰਦਰ ਸਿੰਘ ਚੀਮਾ, ਡੀ.ਐਸ.ਪੀ ਸ੍ਰੀ ਰਣਜੀਤ ਸਿੰਘ, ਤਹਿਸੀਲਦਾਰ ਸ੍ਰੀ ਹਰਫੂਲ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਸ੍ਰੀਮਤੀ ਬੱਬਲ ਜੀਤ ਕੌਰ, ਤਹਿਸੀਲ ਭਲਾਈ ਅਫ਼ਸਰ ਮਾਲੇਰਕੋਟਲਾ ਸ੍ਰੀ ਜਗਦੀਪ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।
ਸ੍ਰੀ ਚੰਦਰੇਸ਼ਵਰ ਮੋਹੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਭੋਲੇ ਭਾਲੇ ਲੋਕਾਂ ਨੂੰ ਝਗੜਿਆਂ ਦਾ ਨਿਪਟਾਰਾ ਕਰਨ ਲਈ ਐਸ.ਸੀ.ਐਕਟੀਵਿਸਟ/ਏਜੰਟਾਂ ਦੇ ਬਹਿਕਾਵੇ ਵਿੱਚ ਨਹੀਂ ਆਉਣ ਚਾਹੀਦਾ ਸਗੋਂ ਆਪਸੀ ਸਹਿਮਤੀ ਨਾਲ ਝਗੜਿਆਂ ਦਾ ਨਿਪਟਾਰਾ ਕਰਨ ਨੂੰ ਤਰਜੀਹ ਦੇਣ ਤਾਂ ਜੋ ਝਗੜਿਆਂ ਦੇ ਨਿਪਟਾਰੇ ਲਈ ਪੁਲਿਸ ਸਟੇਸ਼ਨਾਂ ਅਤੇ ਕੋਰਟਾਂ ਦੇ ਚੱਕਰ ਨਾ ਮਾਰਨੇ ਪੈਣ। ਐਸ.ਸੀ.ਐਕਟੀਵਿਸਟ/ਏਜੰਟ ਹੀ ਐਸ.ਸੀ ਸਮੁਦਾਇ ਦਾ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਨਾਮ ਅਨੁਸੂਚਿਤ ਜਾਤੀਆਂ ਦੇ ਭੋਲੇ ਭਾਲੇ ਲੋਕਾਂ ਨੂੰ ਗੁਮਰਾਹ ਕਰਕੇ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਐਸ.ਸੀ. ਐਕਟ ਸਬੰਧੀ ਕਈ ਏਜੰਟ/ ਐਸ.ਸੀ. ਐਕਟੀਵਿਸਟ ਬਣ ਕੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਤੋਂ ਹਲਫ਼ੀਆ ਬਿਆਨ ਲੈਂਦੇ ਹਨ ਜਦੋਂ ਕਿ ਮਾਣਯੋਗ ਹਾਈ ਕੋਰਟ ਵੱਲੋਂ ਇਹ ਫ਼ੈਸਲਾ ਦਿੱਤਾ ਗਿਆ ਹੈ ਕਿ ਥਰਡ ਪਾਰਟੀ ਕਿਸੇ ਵੀ ਝਗੜੇ ਦੀ ਪੈਰਵੀ ਨਹੀਂ ਕਰ ਸਕਦੀ ਇਸ ਲਈ ਜੇਕਰ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦਾ ਕੋਈ ਝਗੜਾ ਹੁੰਦਾ ਹੈ ਤਾਂ ਉਹ ਖ਼ੁਦ ਕਮਿਸ਼ਨ ਕੋਲ ਪਹੁੰਚ ਕੇ ਬਣਦੀ ਕਾਰਵਾਈ ਕਰਵਾ ਨੂੰ ਅਮਲ ਵਿੱਚ ਲਿਆ ਸਕਦੇ ਹਨ।
ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਮਾਣਹਾਨੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੇ ਕੇਸਾਂ ਵਿੱਚ ਦੋਸ਼ੀ 'ਤੇ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਮਿਸ਼ਨ ਵਲੋਂ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਸੀ. ਭਾਈਚਾਰੇ ਨਾਲ ਸਬੰਧਿਤ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਹੋਰ ਕਿਹਾ ਕਿ ਤੈਅ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਅਣਗਹਿਲੀ ਵਿਖਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਸ਼੍ਰੀ ਮੋਹੀ ਨੇ ਦੱਸਿਆ ਕਿ ਕਮਿਸ਼ਨ ਦਾ ਮੈਂਬਰ ਹੋਣ ਨਾਤੇ ਉਨ੍ਹਾਂ ਵਲੋਂ ਹਮੇਸ਼ਾ ਦੋਵੇਂ ਧਿਰਾਂ ਦੀ ਗੱਲ ਸੁਣ ਕੇ ਹੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ ਅਤੇ ਇਸ ਗੱਲ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾਂਦੀ ਹੈ ਕਿ ਦੋਵੇਂ ਧਿਰਾਂ ਆਪਣੇ ਝਗੜਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰ ਲੈਣ । ਉਨ੍ਹਾਂ ਦੱਸਿਆ ਕਿ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਝਗੜੇ ਹਮੇਸ਼ਾ ਹੀ ਮਿਲਵਰਤਨ ਤੇ ਸਹਿਮਤੀ ਨਾਲ ਨਬੇੜਨੇ ਚਾਹੀਦੇ ਹਨ ।