ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ
ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕਾਂ ਦੀ ਸੁਵਿਧਾ ਅਨੁਸਾਰ ਕੰਮ ਕਰਨ ਲਈ ਕਿਹਾ
ਨਵਾਂਸ਼ਹਿਰ, 18 ਮਈ-
ਲੋਕਾਂ ਦੀ ਸਹੂਲਤ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ (ਜ) ਨਵਜੋਤ ਪਾਲ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ।
ਸਹਾਇਕ ਕਮਿਸ਼ਨਰ ਦੀਪਾਂਕਰ ਗਰਗ ਦੇ ਨਾਲ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਲੋਕਾਂ ਨੂੰ ਆਪਣੇ ਰੁਟੀਨ ਦੇ ਕੰਮ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਾਰਡ ਰਜਿਸਟਰਾਂ ਦੀ ਸੁਚੱਜੀ ਸੰਭਾਲ ਕੀਤੀ ਜਾਵੇ। ਉਨ੍ਹਾਂ ਦਫ਼ਤਰਾਂ ਦੇ ਰਿਕਾਰਡ ਰਜਿਸਟਰਾਂ ਦੀ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਸੁਵਿਧਾ ਹਰ ਕੀਮਤ 'ਤੇ ਯਕੀਨੀ ਬਣਾਉਣ। ਉਨ੍ਹਾਂ ਨੇ ਉਨ੍ਹਾਂ ਨੂੰ ਸਿਸਟਮ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਕਿਹਾ। ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਪੁੱਛਿਆ।
ਐਨ.ਪੀ.ਐਸ ਰੰਧਾਵਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਵਧੀਆ ਸੇਵਾ ਕਰਨ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਅਚਨਚੇਤ ਨਿਰੀਖਣ ਆਉਣ ਵਾਲੇ ਦਿਨਾਂ ਵਿੱਚ ਵੀ ਕੀਤਾ ਜਾਵੇਗਾ ਅਤੇ ਕਿਹਾ ਕਿ ਇਸ ਨਾਲ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਪੜਚੋਲ ਣ ਕਰਨ ਅਤੇ ਜੇਕਰ ਕੋਈ ਕਮੀਆਂ ਹਨ ਤਾਂ ਉਨ੍ਹਾਂ ਦਾ ਪਤਾ ਲਗਾਉਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸੇਵਾ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।