CM MEETING WITH SCHOOL HEADS: ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਦੁਹਰਾਈ


ਭਗਵੰਤ ਮਾਨ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ

ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਦੁਹਰਾਈ

ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਉੱਨਤ ਢੰਗ-ਤਰੀਕੇ ਅਪਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾਵੇਗਾ

ਲੁਧਿਆਣਾ, 10 ਮਈ: ( ਅੰਜੂ ਸੂਦ)

ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਇੱਕ ਨਿੱਜੀ ਰਿਜ਼ੋਰਟ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਤੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸੁਝਾਅ ਮੰਗੇ।



ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰੀ ਸਿੱਖਿਆ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਗਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਅਧਿਆਪਕਾਂ ਦੀ ਬੇਮਿਸਾਲ ਕਾਬਲੀਅਤ ਅਤੇ ਸਮਰੱਥਾਵਾਂ 'ਤੇ ਕੋਈ ਸ਼ੱਕ ਨਹੀਂ ਹੈ, ਪਰ ਸਰਕਾਰੀ ਸਿੱਖਿਆ ਪ੍ਰਣਾਲੀ 'ਤੇ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਲੋਕਾਂ ਦੀ ਪੂਰਨ ਸ਼ਮੂਲੀਅਤ ਅਤੇ ਸਹਿਯੋਗ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਾਨੂੰ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਦੀ ਵੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਪ੍ਰਦਾਨ ਕਰਨ ਵਾਲਾ ਬਣਾਇਆ ਜਾ ਸਕੇ।

ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਵਿਵਹਾਰਕ ਬਣਾਉਣ ਦੇ ਨਾਲ-ਨਾਲ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਵਧੇਰੇ ਢੁਕਵੀਂ ਅਤੇ ਲਾਹੇਵੰਦ ਬਣਾਉਣ ਲਈ ਅਧਿਆਪਕਾਂ ਨੂੰ ਪੂਰਾ ਸਹਿਯੋਗ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਉਦਯੋਗ ਨੂੰ ਵਾਪਸ ਲਿਆ ਕੇ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਜਿੱਥੇ ਸਾਡੇ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਲਈ ਉੱਚ ਪ੍ਰਤੀਸ਼ਤਤਾ ਪ੍ਰਾਪਤ ਕਰਨ 'ਤੇ ਧਿਆਨ ਦੇਣ ਦੀ ਬਜਾਏ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।

ਦਿੱਲੀ ਵਿੱਚ ਸਿੱਖਿਆ ਦੇ ਖੇਤਰ ‘ਚ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਚਾਰ ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਹਰ ਸਾਲ 450 ਵਿਦਿਆਰਥੀ ਆਈਆਈਟੀ ਵਰਗੇ ਵੱਕਾਰੀ ਅਦਾਰਿਆਂ ਵਿੱਚ ਦਾਖਲਾ ਲੈਂਦੇ ਹਨ ਅਤੇ ਦਿੱਲੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 10,000 ਕਮਰੇ ਬਣਾਏ ਹਨ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਿੱਖਿਆ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਸਾਡੇ ਅਧਿਆਪਕਾਂ ਨੂੰ ਦਿੱਲੀ ਦੇ ਸਕੂਲਾਂ ਅਤੇ ਵਿਦੇਸ਼ਾਂ ਵਿੱਚ ਵੀ ਵਿਦਿਅਕ ਟੂਰਾਂ 'ਤੇ ਸਿੰਗਾਪੁਰ, ਸਵਿਟਜ਼ਰਲੈਂਡ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿੱਚ ਸਿੱਖਿਆ ਸਿਖਲਾਈ ਲਈ ਸਰਕਾਰੀ ਖਰਚੇ 'ਤੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਡੇ ਅਧਿਆਪਕਾਂ ਦੇ ਵਿਚਾਰਾਂ ਤੋਂ ਇਲਾਵਾ ਸਿੱਖਿਆ ਦਾ ਦਿੱਲੀ ਮਾਡਲ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਸਰਕਾਰੀ ਸਕੂਲਾਂ ਨੂੰ ਅਪਣਾਉਣ ਲਈ ਤਿਆਰ ਹਨ ਪਰ ਉਨ੍ਹਾਂ ਦੇ ਪੈਸੇ ਦੀ ਵਰਤੋਂ ਵਿਦਿਆਰਥੀਆਂ ਨੂੰ ਆਧੁਨਿਕ ਵਿੱਦਿਅਕ ਤਕਨੀਕਾਂ ਮੁਹੱਈਆ ਕਰਵਾਉਣ ਲਈ ਕੀਤੀ ਜਾਣੀ ਚਾਹੀਦੀ ਹੈ ਨਾ ਕਿ ਸਿਰਫ਼ ਕਮਰੇ ਬਣਾਉਣ ਲਈ।

ਭਗਵੰਤ ਮਾਨ ਨੇ ਸਰਵੋਤਮ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਲਈ ਸਾਲਾਨਾ ਇਨਾਮਾਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਹਰ ਸਾਲ ਵਧੀਆ ਕਾਰਗੁਜ਼ਾਰੀ ਵਾਲੇ 10 ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਵਿਦਿਅਕ ਸੁਧਾਰਾਂ ਲਈ ਅਧਿਆਪਕਾਂ ਤੋਂ ਵਿਚਾਰ ਅਤੇ ਸੁਝਾਅ ਲੈਣ ਲਈ ਇੱਕ ਆਨਲਾਈਨ ਪੋਰਟਲ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਪੋਰਟਲ ਰਾਹੀਂ ਆਨਲਾਈਨ ਵਿਚਾਰ ਭੇਜਣੇ ਚਾਹੀਦੇ ਹਨ ਤਾਂ ਜੋ ਸਿੱਖਿਆ ਦੀ ਰਵਾਇਤੀ ਪ੍ਰਣਾਲੀ ਨੂੰ ਬਦਲ ਕੇ ਸਿੱਖਿਆ ਪ੍ਰਣਾਲੀ ਨੂੰ ਪੇਪਰ ਰਹਿਤ, ਡਿਜ਼ੀਟਲ ਤੌਰ ‘ਤੇ ਸਮਰੱਥ ਬਣਾਇਆ ਜਾ ਸਕੇ ਅਤੇ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੀ ਸ਼ੁਰੂਆਤ ਕੀਤੀ ਜਾ ਸਕੇ।

ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਲਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਹੋਰ ਡਿਊਟੀਆਂ ਲਗਾ ਕੇ ਕਾਫੀ ਸਮਾਂ ਬਰਬਾਦ ਕੀਤਾ ਜਾਂਦਾ ਹੈ ਜਿਸ ਕਾਰਨ ਉਹ ਪੜ੍ਹਾਉਣ ਦੇ ਕੰਮ 'ਤੇ ਧਿਆਨ ਨਹੀਂ ਦੇ ਪਾ ਰਹੇ ਹਨ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਨੂੰ ਪੁਸਤਕ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਸਾਰੇ ਅਧਿਆਪਕਾਂ ਦੇ ਵਿਚਾਰਾਂ ਅਤੇ ਸੁਝਾਵਾਂ ਦਾ ਸੁਆਗਤ ਕੀਤਾ ਜਾਵੇਗਾ ਅਤੇ ਹਰੇਕ ਸੁਝਾਅ ਨੂੰ ਧਿਆਨ ਨਾਲ ਵਿਚਾਰਿਆ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਬਣਾਉਣ ਲਈ ਸਾਰਥਕ ਵਿਚਾਰਾਂ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਇਮਾਨਦਾਰੀ, ਲਗਨ ਅਤੇ ਸਖ਼ਤ ਮਿਹਨਤ ਵਾਲੀ ਕਾਰਗੁਜ਼ਾਰੀ ਦਾ ਸਨਮਾਨ ਕੀਤਾ ਜਾਵੇਗਾ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਬੇਈਮਾਨੀ ਲਈ ਕੋਈ ਥਾਂ ਨਹੀਂ ਹੈ।

ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ, ਸਿੱਖਿਆ ਸ਼ਾਸਤਰੀ ਡਾ.ਕੇ.ਐਨ.ਐਸ.ਕੰਗ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵੇਨੂੰ ਪ੍ਰਸਾਦ, ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ, ਡੀ.ਜੀ.ਐਸ.ਈ. ਪ੍ਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਆਈ.ਜੀ. ਐਸ.ਪੀ.ਐਸ. ਪਰਮਾਰ ਸ਼ਾਮਲ ਸਨ।

----

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends