*ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਦਾ ਵਫਦ ਮੁੱਖ ਮੰਤਰੀ ਨੂੰ ਮਿਲਿਆ*
*ਜਲਦ ਹੱਲ ਹੋਵੇਗਾ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ — ਭਗਵੰਤ ਸਿੰਘ ਮਾਨ*
ਚੰਡੀਗੜ੍ਹ 15 ਜੂਨ
ਅੱਜ ਸੀ.ਪੀ.ਐਫ ਕਰਮਚਾਰੀ ਯੂਨੀਅਨ, ਪੰਜਾਬ ਦਾ ਵਫਦ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਮਿਲਿਆ। ਵਫਦ ਵਿੱਚ ਸੂਬਾ ਵਿੱਤ ਸਕੱਤਰ ਸ੍ਰੀ ਅਮਨਦੀਪ ਸਿੰਘ ਅਤੇ ਸੂਬਾਈ ਆਗੂ ਸ੍ਰੀ ਸੰਗਤ ਰਾਮ ਮੌਜ਼ੂਦ ਸਨ। ਵਫਦ ਵੱਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਪੰਜਾਬ ਦੇ ਲਗਭਗ 2 ਲੱਖ ਕਰਮਚਾਰੀ ਹਨ ਜੋ ਨਵੀਂ ਪੈਨਸ਼ਨ ਸਕੀਮ ਦਾ ਵਿਰੋਧ ਪੰਜਾਬ ਸਮੇਤ ਦੇਸ਼ ਭਰ ਦੇ 70 ਲੱਖ ਕਰਮਚਾਰੀਆਂ ਨਾਲ ਦੇਸ ਦੇ ਵੱਖ—ਵੱਖ ਸੂਬਿਆਂ ਵਿੱਚ ਕਰ ਰਹੇ ਹਨ। ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਨੈਸ਼ਨਲ ਮੂਵਮੈਂਟ ਫਾਰ ਓਲਫ ਪੈਨਸ਼ਨ ਸਕੀਮ ਦੇ ਆਗੂਆਂ ਵੱਲੋਂ ਸੰਗਰੂਰ ਦੀ ਜਿ਼ਮਨੀ ਚੋਣ ਵਿੱਚ ਸੰਘਰਸ਼ ਦੀ ਦਿੱਤੀ ਗਈ ਚਿਤਾਵਨੀ ਉਪਰੰਤ ਵਿੱਤ ਮੰਤਰੀ ਪੰਜਾਬ ਸ੍ਰੀ ਹਰਪਾਲ ਸਿੰਘ ਚੀਮਾ ਨਾਲ ਮਿਤੀ 09.06.2022 ਨੂੰ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਸਬੰਧ ਵਿੱਚ ਦਿਖਾਏ ਗਏ ਹਾ—ਪੱਖੀ ਰਵੱਈਏ ਕਾਰਨ ਦੇਸ਼ ਭਰ ਦਾ ਮੁਲਾਜ਼ਮ ਪੰਜਾਬ ਵਿਚਲੀ ਆਮ ਆਦਮੀ ਦੀ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਦੇ ਮੁੱਦੇ ਤੇ ਆਸਵੰਦ ਹੋਇਆ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਮੁੱਦਾ ਜਲਦ ਹੀ ਹੱਲ ਹੋਵੇਗਾ। ਇਸ ਸਬੰਧੀ ਜਿਨ੍ਹਾਂ ਰਾਜਾਂ ਵਿੱਚ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕੀਤੀ ਗਈ ਹੈ, ਉਨ੍ਹਾਂ ਰਾਜਾਂ ਨਾਲ ਪੰਜਾਬ ਸਰਕਾਰ ਲਗਾਤਾਰ ਤਾਲਮੇਲ ਕਰਕੇ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਕਰਮਚਾਰੀਆਂ ਦੀਆਂ ਸਮਸਿੱਆਵਾਂ ਦਾ ਹੱਲ ਕਰਨ ਲਈ ਸੁਹਿਰਦ ਹੈ ਅਤੇ ਜਲਦ ਹੀ ਯੂਨੀਅਨ ਨੂੰ ਮੁੱਖ ਮੰਤਰੀ ਪੱਧਰ ਤੇ ਪੈਨਲ ਮੀਟਿੰਗ ਦਿੱਤੀ ਜਾਵੇਗੀ।
ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਜੇਕਰ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਹੀਂ ਕਰਦੀ ਤਾਂ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਐਨ.ਐਮ.ਓ.ਪੀ.ਐਸ ਦੇਸ਼ ਭਰ ਦੇ ਜਿਹੜੇ ਵੀ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਚੋਣਾਂ ਵਿੱਚ ਸ਼ਾਮਿਲ ਹੋਵੇਗੀ, ਉਨ੍ਹਾਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।
CPFEU Punjab
98030-17006