ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਦੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਧੱਕਾਮੁੱਕੀ
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਹੋਈ ਮੁੱਖ ਮੰਤਰੀ ਨਿਵਾਸ ਵਿਖੇ ਪੁਲੀਸ ਨਾਲ ਝੜਪ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 31 ਜੁਲਾਈ, 2022: ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮੁੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਬੀ.ਐੱਸ.ਐੱਨ.ਐੱਲ. ਪਾਰਕ ਵਿਖੇ ਸੰਗਰੂੂਰ ਵਿਖੇ ਸੂਬਾ ਪੱਧਰੀ ਇੱਕਠ ਕਰਕੇ ਰੋਸ ਰੈਲੀ ਕੀਤੀ ਗਈ। ਪਹਿਲਾਂ ਪੁਲੀਸ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਤੁਹਾਡੀ ਅੱਜ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ, ਪਰ ਪ੍ਰਸ਼ਾਸਨ ਵੱਲੋਂ ਅੱਜ ਕੋਈ ਵੀ ਮੀਟਿੰਗ ਨਹੀਂ ਕਰਾਈ ਗਈ। ਜਿਸ ਤੋਂ ਭੜਕੇ ਬੇਰੁਜ਼ਗਾਰ ਅਧਿਆਪਕ ਆਪਣੀਆਂ ਗੱਡੀਆਂ ਸਿੱਧੇ ਮੁੱਖ ਮੰਤਰੀ ਨਿਵਾਸ ਤੇ ਪਹੁੰਚੇ ਤੇ ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵਧਣ ਲੱਗੇ ਤਾਂ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾਮੁੱਕੀ ਕੀਤੀ ਗਈ।
ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਸਲਿੰਦਰ ਕੰਬੋਜ, ਮਨੀ ਸੰਗਰੂਰ, ਕੁਲਦੀਪ ਖੋਖਰ, ਜੱਗਾ ਬੋਹਾ, ਗੁਰਪ੍ਰੀਤ ਫ਼ਾਜ਼ਿਲਕਾ ਅਤੇ ਅਸੋਕ ਬਾਵਾ ਨੇ ਕਿਹਾ ਕਿ 6635 ਈਟੀਟੀ ਅਧਿਆਪਕਾਂ ਦੀ ਦੂਜੀ ਲਿਸਟ ਜਾਰੀ ਕੀਤੀ ਜਾਵੇ, 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ ਪਰ ਲਗਾਤਾਰ 7 ਮਹੀਨਿਆਂ ਤੋਂ ਬਾਅਦ ਵੀ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ, 2364 ਈਟੀਟੀ ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀਂ ਹੋਈ ਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਰੂਪ ਵਿੱਚ ਸੰਘਰਸ਼ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ ।