ਚੀਮਾ ਅਤੇ ਬੈਂਸ ਵੱਲੋਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ, ਪੰਜਾਬ ਯੂਨੀਵਰਸਿਟੀ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਜੁੜੇ ਮੁੱਦਿਆਂ ਦੀ ਜ਼ੋਰਦਾਰ ਮੁਖਾਲਫ਼ਤ

 

*ਚੀਮਾ ਅਤੇ ਬੈਂਸ ਵੱਲੋਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ, ਪੰਜਾਬ ਯੂਨੀਵਰਸਿਟੀ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਜੁੜੇ ਮੁੱਦਿਆਂ ਦੀ ਜ਼ੋਰਦਾਰ ਮੁਖਾਲਫ਼ਤ* 


*ਜੈਪੁਰ/ਚੰਡੀਗੜ੍ਹ, 9 ਜੁਲਾਈ-*


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਦਰਿਆਈ ਪਾਣੀਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਨਵਾਂ ਜਲ ਟ੍ਰਿਬਿਊਨਲ ਸਥਾਪਤ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ।


ਜੈਪੁਰ ਵਿਖੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਦਾ ਪੱਖ ਰੱਖਦੇ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਵਿਰੋਧ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਬੂੰਦ ਦੂਜੇ ਸੂਬਿਆਂ ਨਾਲ ਸਾਂਝੀ ਕਰਨ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਪਹਿਲਾਂ ਹੀ ਹੇਠਾਂ ਜਾ ਰਿਹਾ ਹੈ ਅਤੇ ਜ਼ਿਆਦਾਤਰ ਬਲਾਕ ਖਤਰੇ ਦੀ ਹੱਦ ਤੱਕ (ਡਾਰਕ ਜ਼ੋਨ) ਪਹੁੰਚ ਚੁੱਕੇ ਹਨ। ਬੈਂਸ ਨੇ ਕਿਹਾ ਕਿ ਟ੍ਰਿਬਿਊਨਲ ਵੱਲੋਂ ਪਿਛਲੇ ਸਮੇਂ ਵਿੱਚ ਦਰਿਆਈ ਪਾਣੀ ਦੀ ਵੰਡ ਦਾ ਜੋ ਮੁਲਾਂਕਣ ਕੀਤਾ ਗਿਆ ਸੀ, ਉਹ ਮੌਜੂਦਾ ਹਾਲਾਤ ਵਿੱਚ ਵੇਲਾ ਵਿਹਾਅ ਚੁੱਕਾ ਹੈ।


ਬੈਂਸ ਨੇ ਪੰਜਾਬ ਦੀ ਤਰਫੋਂ ਸਾਲ 1972 ਦੀ ਇੰਡਸ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਹਰਿਆਣਾ ਪਾਸੋਂ ਯਮੁਨਾ ਤੋਂ ਪਾਣੀ ਦੇਣ ਦੀ ਉਠਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਣੀ ਦੇ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਨਵੇਂ ਟ੍ਰਿਬਿਊਨਲ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਜੋਕੇ ਸਮੇਂ ਦੀ ਤਸਵੀਰ ਬਿਲਕੁਲ ਸਪੱਸ਼ਟ ਹੋ ਜਾਵੇਗੀ ਅਤੇ ਸੂਬੇ ਨੂੰ ਪਾਣੀ ਦੀ ਢੁਕਵੀਂ ਵਰਤੋਂ ਦੀ ਇਜਾਜ਼ਤ ਮਿਲੇਗੀ। ਦੋਵਾਂ ਮੰਤਰੀਆਂ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਜਾਂ ਹੋਰ ਕਿਸੇ ਢੰਗ ਨਾਲ ਕਿਸੇ ਹੋਰ ਸੂਬੇ ਨੂੰ ਨਾ ਦਿੱਤਾ ਜਾਵੇ।


ਵਿਚਾਰ-ਚਰਚਾ ਵਿਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕਿਸੇ ਵੀ ਕਦਮ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਸਰੂਪ ਵਿੱਚ ਕੋਈ ਤਬਦੀਲੀ ਨਹੀਂ ਆਉਣ ਦੇਣਗੇ ਕਿਉਂਕਿ ਇਸ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਕਰਕੇ ਇਹ ਸੰਸਥਾ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਜਜ਼ਬਾਤੀ ਸਾਂਝ ਰੱਖਦੀ ਹੈ।


ਦੋਵਾਂ ਮੰਤਰੀਆਂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਹਟਾਏ ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬੇ ਨੂੰ ਇਹ ਹਰਗਿਜ਼ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦੀ ਮੌਜੂਦਾ ਵਿਵਸਥਾ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ। ਦੋਵਾਂ ਮੰਤਰੀਆਂ ਨੇ ਕਿਹਾ ਕਿ ਸੂਬੇ ਦੇ ਮੈਂਬਰ ਨੂੰ ਹਟਾਉਣ ਦਾ ਅਜਿਹਾ ਕੋਈ ਵੀ ਕਦਮ ਗੈਰ-ਵਾਜਬ ਹੈ।


ਦੋਵਾਂ ਕੈਬਨਿਟ ਮੰਤਰੀਆਂ ਨੇ ਪੌਂਗ ਡੈਮ ਅਤੇ ਭਾਖੜਾ ਡੈਮ ਨੂੰ ਪੂਰੀ ਤਰ੍ਹਾਂ ਭਰਨ ਬਾਰੇ ਰਾਜਸਥਾਨ ਅਤੇ ਹਰਿਆਣਾ ਸਰਕਾਰਾਂ ਦੇ ਪ੍ਰਸਤਾਵ ਦਾ ਵੀ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਹੜ੍ਹ ਆਉਂਦੇ ਹਨ ਜਿਸ ਨਾਲ ਸੂਬੇ ਵਿੱਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਮਲੀ ਤੌਰ 'ਤੇ ਅਜਿਹਾ ਕੀਤਾ ਜਾਣਾ ਸੰਭਵ ਨਹੀਂ ਹੈ।


----

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends